ਮਰਨ ਵਰਤ ਦੀ ਸ਼ੁਰੂਆਤ ਤੋਂ ਪਹਿਲਾਂ ਦੇਸ਼ ਭਰ ਦੇ ਕਿਸਾਨ ਕਰਨਗੇ ਰੋਸ ਪ੍ਰਦਰਸ਼ਨ
ਕੋਟਕਪੂਰਾ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਖਨੌਰੀ ਬਾਰਡਰ ਉੱਪਰ 26 ਨਵੰਬਰ ਦਿਨ ਮੰਗਲਵਾਰ ਤੋਂ ਜਗਜੀਤ ਸਿੰਘ ਡੱਲੇਵਾਲ ਵੱਲੋਂ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਕਰਵਾਉਣ ਲਈ ਮਰਨ ਵਰਤ ਸ਼ੁਰੂ ਕੀਤਾ ਜਾ ਰਿਹਾ ਹੈ। ਜਿਸ ਸਬੰਧੀ ਜਾਣਕਾਰੀ ਦਿੰਦਿਆਂ ਕਿਸਾਨ ਆਗੂਆਂ ਨੇ ਦੱਸਿਆ ਕਿ ਦੇਸ਼ ਦੇ ਹਾਕਮਾ ਵਲੋਂ ਮੰਨੀਆਂ ਗਈਆਂ ਮੰਗਾਂ ਨੂੰ ਲਾਗੂ ਕਰਨ ਦੀ ਬਜਾਏ ਦਿੱਲੀ ਕਿਸਾਨ ਅੰਦੋਲਨ ਦੌਰਾਨ 750 ਤੋਂ ਉੱਪਰ ਕਿਸਾਨਾਂ ਦੀ ਸ਼ਹਾਦਤ ਲਈ ਗਈ ਸੀ, ਜਿਸ ਉਪਰੰਤ 13 ਫ਼ਰਵਰੀ ਤੋਂ ਚੱਲ ਰਹੇ ਕਿਸਾਨ ਅੰਦੋਲਨ-2 ਦੌਰਾਨ ਵੀ 33 ਤੋਂ ਵੱਧ ਕਿਸਾਨਾਂ ਦੀ ਸ਼ਹਾਦਤ ਹੋ ਚੁੱਕੀ ਹੈ। ਇਸ ਸੱਤਾਧਾਰੀ ਹਾਕਮਾ ਵੱਲੋਂ ਜੋ ਹੋਰ ਸ਼ਹਾਦਤਾਂ ਮੰਗੀਆਂ ਜਾ ਰਹੀਆਂ ਹਨ, ਉਸ ਲਈ ਹੁਣ ਸੀਨੀਅਰ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਵੱਲੋਂ ਮਰਨ ਵਰਤ ਉੱਪਰ ਬੈਠ ਕੇ ਸ਼ਹਾਦਤ ਦਿੱਤੀ ਜਾਵੇਗੀ ਅਤੇ ਇਹ ਲੜੀ ਉਸ ਸਮੇਂ ਤੱਕ ਚੱਲਦੀ ਰਹੇਗੀ ਜਦੋਂ ਤੱਕ ਕੇਂਦਰ ਸਰਕਾਰ ਮੰਨੀਆਂ ਹੋਈਆਂ ਮੰਗਾਂ ਨੂੰ ਲਾਗੂ ਨਹੀਂ ਕਰਦੀ। ਉਹਨਾਂ ਕਿਹਾ ਕਿ 13 ਫ਼ਰਵਰੀ 2024 ਤੋਂ ਕਿਸਾਨਾਂ ਅਤੇ ਮਜ਼ਦੂਰਾਂ ਵੱਲੋਂ ਖਨੌਰੀ, ਸ਼ੰਭੂ ਅਤੇ ਰਤਨਪੁਰਾ ਦੇ ਬਾਰਡਰਾਂ ਉੱਪਰ ਆਪਣੀਆ ਹੱਕੀਂ ਮੰਗਾਂ ਐੱਮ.ਐੱਸ.ਪੀ. ਦਾ ਗਰੰਟੀ ਕਾਨੂੰਨ, ਕਿਸਾਨਾਂ-ਮਜ਼ਦੂਰਾਂ ਦੀ ਕੁੱਲ ਕਰਜ਼ਾ ਮੁਕਤੀ, ਸਵਾਮੀਨਾਥਨ ਕਮਿਸ਼ਨ ਦੇ ਫ਼ਾਰਮੂਲੇ ਅਨੁਸਾਰ ਫ਼ਸਲਾਂ ਦੇ ਭਾਅ, 2013 ਦਾ ਭੂਮੀ ਅਧਿਗ੍ਰਹਿਣ ਕਾਨੂੰਨ ਲਾਗੂ ਕਰਨ, ਮਨਰੇਗਾ ਮਜਦੂਰਾਂ ਨੂੰ ਸਾਲ ਵਿੱਚ 200 ਦਿਨ ਰੁਜ਼ਗਾਰ ਦੇਣ ਅਤੇ ਮਨਰੇਗਾ ਨੂੰ ਖੇਤੀ ਨਾਲ ਜੋੜਨ, ਮਸਾਲੇ ਕਮਿਸ਼ਨ ਦੇ ਗਠਨ ਸਮੇਤ ਹੋਰ ਮੰਗਾਂ ਨੂੰ ਲਾਗੂ ਕਰਵਾਉਣ ਲਈ ਅੰਦੋਲਨ ਲੜਿਆ ਜਾ ਰਿਹਾ ਹੈ। ਕਿਸਾਨ ਆਗੂਆਂ ਨੇ ਅੱਗੇ ਦੱਸਿਆ ਕਿ ਪਿਛਲੇ ਦਿਨੀਂ ਦਿੱਲੀ ਵਿਖੇ ਸੰਯੁਕਤ ਕਿਸਾਨ ਮੋਰਚਾ ਗੈਰ-ਸਿਆਸੀ (ਭਾਰਤ) ਦੀ ਹੋਈ ਮੀਟਿੰਗ ਵਿੱਚ ਫ਼ੈਸਲਾ ਕੀਤਾ ਗਿਆ ਕਿ ਦੇਸ਼ ਦੇ ਕਈ ਸੂਬਿਆਂ ’ਚ ਮਰਨ ਵਰਤ ਦੇ ਸਮਰਥਨ ’ਚ 26 ਨਵੰਬਰ ਤੋਂ ਜ਼ਿਲਾ ਹੈੱਡਕੁਆਰਟਰਾਂ ’ਤੇ ਸ਼ਾਂਤਮਈ ਪ੍ਰਦਰਸ਼ਨ ਕੀਤੇ ਜਾਣਗੇ।
Leave a Comment
Your email address will not be published. Required fields are marked with *