ਕੋਟਕਪੂਰਾ, 14 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਲ ਪੰਜਾਬ ਆਂਗਣਵਾੜੀ ਮੁਲਾਜਮ ਯੂਨੀਅਨ ਵੱਲੋਂ ਅੱਜ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਦੀ ਅਗਵਾਈ ਹੇਠ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨਾਲ ਸੈਕਟਰੀਏਟ ਚੰਡੀਗੜ ਵਿਖੇ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਦੀਆਂ ਮੰਗਾਂ ਨੂੰ ਲੈ ਕੇ ਮੀਟਿੰਗ ਕੀਤੀ ਗਈ ਪਰ ਵਿਭਾਗ ਦੀ ਮੰਤਰੀ ਨਾਲ ਕੀਤੀ ਗਈ ਇਹ ਮੀਟਿੰਗ ਬੇਸਿੱਟਾ ਰਹੀ ਤੇ ਜਥੇਬੰਦੀ ਦੀ ਕੋਈ ਮੰਗ ਨਹੀਂ ਮੰਨੀ ਗਈ। ਉਪਰੋਕਤ ਜਾਣਕਾਰੀ ਦਿੰਦਿਆਂ ਯੂਨੀਅਨ ਦੇ ਸੂਬਾ ਪ੍ਰਧਾਨ ਹਰਗੋਬਿੰਦ ਕੌਰ ਨੇ ਕਿਹਾ ਕਿ ਜਥੇਬੰਦੀ ਦੀ ਮੰਗ ਸੀ ਕਿ ਆਂਗਣਵਾੜੀ ਸੈਂਟਰਾਂ ’ਚ ਲਾਭਪਾਤਰੀਆਂ ਲਈ ਜੋ ਮਾੜਾ ਰਾਸ਼ਨ ਪ੍ਰਾਈਵੇਟ ਕੰਪਨੀਆਂ ਦਾ ਆ ਰਿਹਾ ਹੈ, ਉਸ ਨੂੰ ਬੰਦ ਕਰਕੇ ਇਹ ਰਾਸ਼ਨ ਸਰਕਾਰੀ ਅਦਾਰੇ ਵੇਰਕਾ ਤੋਂ ਲਿਆਉਣ, ਆਂਗਣਵਾੜੀ ਸੈਂਟਰਾਂ ਦੇ ਬੱਚੇ ਜੋ ਸਰਕਾਰੀ ਪ੍ਰਾਇਮਰੀ ਸਕੂਲਾਂ ਵਿੱਚ ਬਿਠਾਏ ਜਾ ਰਹੇ ਹਨ, ਉਹਨਾਂ ਨੂੰ ਵਾਪਸ ਆਂਗਣਵਾੜੀ ਸੈਂਟਰਾਂ ਵਿੱਚ ਭੇਜਣ, ਆਂਗਣਵਾੜੀ ਵਰਕਰਾਂ ਨੂੰ ਪ੍ਰੀ-ਨਰਸਰੀ ਟੀਚਰ ਦਾ ਦਰਜਾ ਦੇਣ ਅਤੇ ਵਰਕਰਾਂ ਨੂੰ ਸਮਾਰਟ ਫੋਨ ਦਿੱਤੇ ਜਾਣ। ਉਹਨਾਂ ਦੱਸਿਆ ਕਿ ਮੰਤਰੀ ਨੇ ਇਹਨਾਂ ਮੰਗਾਂ ’ਚੋਂ ਕਿਸੇ ਇੱਕ ’ਤੇ ਵੀ ਸਹਿਮਤੀ ਨਹੀਂ ਦਿੱਤੀ ਅਤੇ ਨਾ ਹੀ ਕੋਈ ਸਾਰਥਿਕ ਜਵਾਬ ਦਿੱਤਾ, ਜਿਸ ਕਰਕੇ ਜਥੇਬੰਦੀ ਆਪਣਾ ਸੰਘਰਸ਼ ਜਾਰੀ ਰੱਖੇਗੀ। ਉਹਨਾਂ ਕਿਹਾ ਕਿ 15 ਅਗਸਤ ਨੂੰ ਮੁੱਖ ਮੰਤਰੀ ਦੇ ਸ਼ਹਿਰ ਸੰਗਰੂਰ ਵਿਖੇ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ ਤੇ ਵੱਡੀ ਗਿਣਤੀ ’ਚ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਪੁੱਜਣਗੀਆਂ। ਇਸ ਮੀਟਿੰਗ ਵਿੱਚ ਯੂਨੀਅਨ ਦੀਆਂ ਆਗੂਆਂ ਸ਼ਿੰਦਰਪਾਲ ਕੌਰ ਥਾਂਦੇਵਾਲਾ, ਗੁਰਮੀਤ ਕੌਰ ਗੋਨੇਆਣਾ, ਸਤਵੰਤ ਕੌਰ ਭੋਗਪੁਰ ਅਤੇ ਗੁਰ ਅੰਮਿ੍ਰਤ ਕੌਰ ਸਿੱਧਵਾਂ ਬੇਟ ਮੌਜੂਦ ਸਨ।
Leave a Comment
Your email address will not be published. Required fields are marked with *