ਫਰੀਦਕੋਟ ਜਿਲ੍ਹੇ ਦੇ ਸਮੂਹ ਪੈਨਸ਼ਨਰ ਸਾਥੀਆਂ ਵੱਲੋਂ ਭਰਵੀਂ ਸ਼ਮੂਲੀਅਤ ਕਰਨ ਦਾ ਐਲਾਨ
ਫਰੀਦਕੋਟ, 11 ਜਨਵਰੀ (ਵਰਲਡ ਪੰਜਾਬੀ ਟਾਈਮਜ਼)
‘ਪੰਜਾਬ ਮੁਲਾਜ਼ਮ ਅਤੇ ਪੈਨਸ਼ਨਰ ਸਾਂਝਾ ਫਰੰਟ ਦੀ ਸੂਬਾ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਮੁਤਾਬਕ ਫਰੀਦਕੋਟ ਹਲਕੇ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਦੀ ਰਿਹਾਇਸ਼ ਅੱਗੇ 21 ਜਨਵਰੀ ਦਿਨ ਐਤਵਾਰ ਨੂੰ ਰੋਸ ਰੈਲੀ ਅਤੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ। ਇਸੇ ਤਰਾਂ ਹਲਕਾ ਕੋਟਕਪੂਰਾ ਦੇ ਵਿਧਾਇਕ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਦੀ ਰਿਹਾਇਸ਼ ਅੱਗੇ 10 ਫਰਵਰੀ ਅਤੇ ਹਲਕਾ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਦੀ ਰਿਹਾਇਸ ਅੱਗੇ 18 ਫਰਵਰੀ ਨੂੰ ਕੀਤੀਆਂ ਜਾ ਰਹੀਆਂ ਰੋਸ ਰੈਲੀਆਂ ਅਤੇ ਰੋਸ ਪ੍ਰਦਰਸਨਾਂ ’ਚ ‘ਪੰਜਾਬ ਪੈਨਸ਼ਨਰਜ ਯੂਨੀਅਨ ਏਟਕ’ ਜਿਲ੍ਹਾ ਫਰੀਦਕੋਟ ਆਪਣੀ ਪੂਰੀ ਸਮਰੱਥਾ ਨਾਲ ਸ਼ਾਮਿਲ ਹੋਵੇਗੀ। ਇਹ ਫੈਸਲਾ ਅੱਜ ਸਥਾਨਕ ਸਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲਾ ਵਿਖੇ ਜਿਲ੍ਹਾ ਪ੍ਰਧਾਨ ਕੁਲਵੰਤ ਸਿੰਘ ਚਾਨੀ ਦੀ ਪ੍ਰਧਾਨਗੀ ਹੇਠ ਹੋਈ ਮਹੀਨਾਵਾਰ ਮੀਟਿੰਗ ’ਚ ਲਿਆ ਗਿਆ। ਇਸ ਮੀਟਿੰਗ ਨੂੰ ਸੰਬੋਧਨ ਕਰਦਿਆ ਸਬਾਈ ਆਗੂ ਬਲਦੇਵ ਸਿੰਘ ਸਹਿਦੇਵ, ਅਸ਼ੋਕ ਕੌਸ਼ਲ ਅਤੇ ਜਿਲਾ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਦੋਸ ਲਾਇਆ ਕਿ ਜਦੋਂ ਦੀ ਪੰਜਾਬ ਦੀ ਭਗਵੰਤ ਮਾਨ ਸਰਕਾਰ ਹੋਂਦ ’ਚ ਆਈ ਹੈ, ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੇ ਆਪਣੇ ਰਾਜ ਭਾਗ ਦੇ ਲਗਭਗ ਦੋ ਸਾਲਾਂ ਦੌਰਾਨ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਸਾਂਝੇ ਫਰੰਟ ਨਾਲ ਮੀਟਿੰਗ ਕਰਨ ਦੀ ਲੋੜ ਨਹੀਂ ਸਮਝੀ ਸਿਵਾਏ ਦਫ਼ਤਰੀ ਮੁਲਾਜ਼ਮਾਂ ਦੀ 40 ਦਿਨ ਦੀ ਕਲਮ ਛੱਡੋ ਹੜਤਾਲ ਦੇ ਦਬਾਅ ਹੇਠ ਹੋਈ ਇੱਕ ਮੀਟਿੰਗ ਦੇ। ਮੀਟਿੰਗ ਦੌਰਾਨ ਆਪਣੇ ਵਿਚਾਰ ਪੇਸ਼ ਕਰਦਿਆਂ ਪੈਨਸਨਰ ਆਗੂ ਸੋਮਨਾਥ ਅਰੋੜਾ, ਤਰਸੇਮ ਨਰੂਲਾ ਅਤੇ ਇਕਬਾਲ ਸਿੰਘ ਮੰਘੇੜਾ ਨੇ ਦੱਸਿਆ ਕਿ ਪੰਜਾਬ ਸਰਕਾਰ ਜਿੰਮੇ ਪਿਛਲੇ ਸਾਲ 2023 ਦੇ ਮਹਿੰਗਾਈ ਭੱਤੇ ਦੀਆਂ ਦੋਵੇਂ ਕਿਸ਼ਤਾਂ ਅਤੇ ਪੇਅ ਕਮਿਸ਼ਨ ਦਾ ਸਾਢੇ ਪੰਜ ਸਾਲ ਦਾ ਬਕਾਇਆ ਖੜਾ ਹੈ। ਆਊਟਸੋਰਸ ਠੇਕਾ ਅਧਾਰਿਤ ਮੁਲਾਜ਼ਮਾਂ ਅਤੇ ਨਿਗੂਣੇ ਜਿਹੇ ਮਾਣ ਭੱਤੇ ਜਾਂ ਕਮਿਸ਼ਨ ਤੇ ਕੰਮ ਕਰ ਰਹੇ ਵਰਗਾਂ ਦਾ ਬੁਰੀ ਤਰਾਂ ਆਰਥਿਕ ਸ਼ੋਸ਼ਣ ਕੀਤਾ ਜਾ ਰਿਹਾ ਹੈ, ਪੁਰਾਣੀ ਪੈਨਸਨ ਸਕੀਮ ਅਸਲ ਰੂਪ ’ਚ ਬਹਾਲ ਨਹੀਂ ਕੀਤੀ ਜਾ ਰਹੀ ਇਸ ਦੇ ਬਾਵਜੂਦ ਪੰਜਾਬ ਸਰਕਾਰ ਕਰੋੜਾਂ ਰੁਪਏ ਮਹਿੰਗੀ ਇਸ਼ਤਿਹਾਰਬਾਜ਼ੀ ਤੇ ਖਰਚ ਕਰ ਰਹੀ ਹੈ। ਆਗੂਆਂ ਨੇ ਕੇਂਦਰੀ ਟਰੇਡ ਯੂਨੀਅਨਾਂ ਅਤੇ ਫੈਡਰੇਸ਼ਨਾਂ ਦੇ ਸੱਦੇ ਤੇ ਕਿਸਾਨ ਭਰਾਵਾਂ ਵੱਲੋਂ ਦੇਸ਼ ਦੇ 500 ਜਿਲਿਆਂ ’ਚ 26 ਜਨਵਰੀ ਨੂੰ ਮੋਦੀ ਸਰਕਾਰ ਖਿਲਾਫ ਕੀਤੇ ਜਾ ਰਹੇ ਟਰੈਕਟਰ ਮਾਰਚ ’ਚ ਆਪੋ ਆਪਣੇ ਵਾਹਨ ਲੈ ਕੇ ਸ਼ਾਮਿਲ ਹੋਣ ਦਾ ਵੀ ਫੈਸਲਾ ਕੀਤਾ। ਇਹ ਵੀ ਨਿਰਣਾ ਲਿਆ ਗਿਆ ਕਿ 18 ਜਨਵਰੀ ਨੂੰ ਪੰਜਾਬ ਗੌਰਮਿੰਟ ਟਰਾਂਸਪੋਰਟ ਵਰਕਰਜ ਯੂਨੀਅਨ ਸਬੰਧਤ ਏਟਕ ਵੱਲੋਂ ਟਰਾਂਸਪੋਰਟ ਮੰਤਰੀ ਪੰਜਾਬ ਲਾਲਜੀਤ ਸਿੰਘ ਭੁੱਲਰ ਦੇ ਵਿਧਾਨ ਸਭਾ ਹਲਕਾ ਪੱਟੀ ਵਿਖੇ ਕੀਤੀ ਜਾ ਰਹੀ ਸੂਬਾਈ ਰੈਲੀ ਤੇ ਮੁਜਾਹਰੇ ’ਚ ਪੰਜਾਬ ਪੈਨਸਨਰਜ ਯੂਨੀਅਨ ਨਾਲ ਸਬੰਧਤ ਪੈਨਸਨਰ ਸ਼ਮੂਲੀਅਤ ਕਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਮੈਡਮ ਅਮਰਜੀਤ ਕੌਰ ਛਾਬੜਾ, ਸੰਤੋਸ਼ ਕੁਮਾਰੀ ਚਾਵਲਾ, ਹਾਕਮ ਸਿੰਘ, ਸੁਖਦਰਸ਼ਨ ਸਿੰਘ ਗਿੱਲ, ਹਰਦੀਪ ਸਿੰਘ ਲੈਕਚਰਾਰ, ਮੇਜਰ ਸਿੰਘ ਡੀਪੀਈ ਅਤੇ ਮਲਕੀਤ ਸਿੰਘ ਢਿੱਲਵਾਂ ਕਲਾ ਆਦਿ ਹਾਜ਼ਰ ਸਨ।
Leave a Comment
Your email address will not be published. Required fields are marked with *