-ਮਾਲੀਆ ਵਧਾਉਣ ਲਈ ਕੋਈ ਕਦਮ ਨਹੀਂ ਚੁੱਕੇ ਗਏ, ਮਾਲੀਆ ਘਾਟਾ ਵੀ ਵਧਿਆ
ਬਠਿੰਡਾ,5 ਮਾਰਚ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਨੇ ਲੋਕ ਸਭਾ ਚੋਣਾਂ ਤੋਂ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਪੇਸ਼ ਕੀਤੇ ਆਪਣੇ ਕਾਰਜਕਾਲ ਦੇ ਦੂਜੇ ਬਜਟ ਨੂੰ ਪੂਰੀ ਤਰ੍ਹਾਂ ਫੇਲ੍ਹ ਕਰਾਰ ਦਿੱਤਾ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਤੇ ਸਾਬਕਾ ਵਿਧਾਇਕ ਸਰੂਪ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੇ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਪੇਸ਼ ਕੀਤਾ ਗਿਆ ਬਜਟ ਮਹਿਜ਼ ਇੱਕ ਚੋਣ ਜੁਮਲਾ ਹੈ, ਜਿਸ ਵਿੱਚ ਬੁਨਿਆਦੀ ਢਾਂਚੇ ਵੱਲ ਕੋਈ ਧਿਆਨ ਨਹੀਂ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਵਿੱਤੀ ਘਾਟਾ ਲਗਾਤਾਰ ਵਧ ਰਿਹਾ ਹੈ, ਪਰ ਵਿੱਤੀ ਘਾਟੇ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਹੀਂ ਕੀਤਾ ਗਿਆ। ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ‘ਆਪ’ ਸਰਕਾਰ ਨੇ ਇਹ ਵੀ ਜਾਣਕਾਰੀ ਨਹੀਂ ਦਿੱਤੀ ਕਿ ਵਿੱਤੀ ਘਾਟੇ ਨੂੰ ਕਿਵੇਂ ਪੂਰਾ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਉਕਤ ਬਜਟ ਵਿੱਚ ਪੰਜਾਬ ਦੇ ਲੋਕਾਂ ਲਈ ਕੋਈ ਵਿਸ਼ੇਸ਼ ਐਲਾਨ ਨਹੀਂ ਕੀਤਾ ਗਿਆ, ਸਗੋਂ ਸਰਕਾਰ ਨੇ ਇਸ ਬਜਟ ਵਿੱਚ ਵਿੱਤੀ ਘਾਟੇ ਨੂੰ ਹੋਰ ਵਿਗਾੜਨ ਦੀ ਹੀ ਕੋਸ਼ਿਸ਼ ਕੀਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਔਰਤਾਂ ਲਈ ਕੋਈ ਐਲਾਨ ਨਹੀਂ ਕੀਤਾ ਗਿਆ, ਭਾਵੇਂ ਕਿ ਉਕਤ ਸਰਕਾਰ ਨੇ ਚੋਣਾਂ ਤੋਂ ਪਹਿਲਾਂ ਔਰਤਾਂ ਨੂੰ ਬਣਦਾ ਮਾਣ-ਸਤਿਕਾਰ ਦੇਣ ਦੀ ਗੱਲ ਕਰਕੇ ਸੱਤਾ ਹਾਸਲ ਕੀਤੀ ਸੀ। ਇਹ ਅਤਿ ਨਿੰਦਣਯੋਗ ਹੈ ਕਿ ਆਪਣੇ ਆਪ ਨੂੰ ਆਮ ਆਦਮੀ ਦੀ ਸਰਕਾਰ ਕਹਿਣ ਵਾਲੀ ਆਪ ਸਰਕਾਰ ਨੇ ਇਸ ਬਜਟ ਵਿੱਚ ਪੰਜਾਬ ਦੇ ਆਮ ਲੋਕਾਂ ਲਈ ਕੋਈ ਕਦਮ ਨਹੀਂ ਚੁੱਕਿਆ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਦੀ ਸਰਕਾਰ ਜੁਮਲਿਆਂ ਦੇ ਆਧਾਰ ‘ਤੇ ਚੱਲ ਰਹੀ ਹੈ, ਉਸੇ ਤਰ੍ਹਾਂ ਇਹ ਬਜਟ ਵੀ ਜੁਮਲਿਆਂ ਵਾਂਗ ਪੂਰੀ ਤਰ੍ਹਾਂ ਫਰਜ਼ੀ ਨਜ਼ਰ ਆ ਰਿਹਾ ਹੈ। ਸ੍ਰੀ ਸਿੰਗਲਾ ਨੇ ਕਿਹਾ ਕਿ ਜਿਸ ਤਰ੍ਹਾਂ ‘ਆਪ’ ਸਰਕਾਰ ਦਾ ਪਿਛਲਾ ਬਜਟ ਪੂਰੀ ਤਰ੍ਹਾਂ ਫੇਲ੍ਹ ਸਾਬਤ ਹੋਇਆ ਸੀ, ਉਸੇ ਤਰ੍ਹਾਂ ਇਹ ਬਜਟ ਵੀ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ’ਤੇ ਖਰਾ ਉਤਰਦਾ ਨਜ਼ਰ ਨਹੀਂ ਆ ਰਿਹਾ। ਉਨ੍ਹਾਂ ਕਿਹਾ ਕਿ ਪਿਛਲੀ ਵਾਰ ਬਜਟ ਵਿੱਚ ਫਰਿਸ਼ਤੇ ਸਕੀਮ ਦਾ ਐਲਾਨ ਕੀਤਾ ਗਿਆ ਸੀ, ਪਰ ਅੱਜ ਵਿੱਤ ਮੰਤਰੀ ਨੇ ਖੁਦ ਕਿਹਾ ਕਿ ਉਸ ਸਮੇਂ ਇਹ ਸਕੀਮ ਲਾਗੂ ਨਹੀਂ ਹੋਈ, ਜਦਕਿ ਪਿਛਲੇ ਬਜਟ ਵਿੱਚ 16 ਮੈਡੀਕਲ ਕਾਲਜ ਖੋਲ੍ਹਣ ਦਾ ਐਲਾਨ ਵੀ ਕੀਤਾ ਗਿਆ ਸੀ, ਪਰ ਇੱਕ ਵੀ ਮੈਡੀਕਲ ਕਾਲਜ ਨਹੀਂ ਖੋਲ੍ਹਿਆ ਗਿਆ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਨੇ ਕਿਹਾ ਕਿ ਪਿਛਲੀ ਵਾਰ ਬਜਟ ਵਿੱਚ ਸਿਰਫ਼ ਐਲਾਨ ਕੀਤੇ ਗਏ ਸਨ, ਜੋ ਹਾਲੇ ਤੱਕ ਪੂਰੇ ਨਹੀਂ ਹੋਏ ਅਤੇ ਮੌਜੂਦਾ ਸਮੇਂ ਵਿੱਚ ਵੀ ਸਿਰਫ਼ ਐਲਾਨ ਹੀ ਕੀਤੇ ਗਏ ਹਨ। ਪੰਜਾਬੀ ਯੂਨੀਵਰਸਿਟੀ ਦੀ ਅਣਦੇਖੀ, ਸਿੰਚਾਈ ਵਿਭਾਗ ਵੱਲੋਂ ਮੰਗੇ 700 ਕਰੋੜ ਰੁਪਏ ਵੀ ਨਜ਼ਰਅੰਦਾਜ਼ ਕੀਤੇ ਗਏ। ਇਸ ਤਰ੍ਹਾਂ ਪੰਜਾਬ ਸਰਕਾਰ ਦਾ ਇਹ ਬਜਟ ਪੂਰੀ ਤਰ੍ਹਾਂ ਨਾਲ ਪੰਜਾਬ ਵਿਰੋਧੀ ਜਾਪਦਾ ਹੈ ਅਤੇ ਉਕਤ ਆਮ ਆਦਮੀ ਪਾਰਟੀ ਦੀ ਸਰਕਾਰ ਸਿਰਫ ਲਿਪਾਪੋਤੀ ਕਰਕੇ ਸਮਾਂ ਲੰਘਾ ਰਹੀ ਹੈ।
Leave a Comment
Your email address will not be published. Required fields are marked with *