ਕੋਟਕਪੂਰਾ ,14 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਆਲ ਇੰਡੀਆ ਆਸ਼ਾ ਵਰਕਰਜ਼ ਯੂਨੀਅਨ ਪੰਜਾਬ ਸਬੰਧਤ ਏਟਕ ਦੀ ਸੂਬਾ ਪੱਧਰੀ ਆਨ ਲਾਈਨ ਮੀਟਿੰਗ ਸੂਬਾ ਪ੍ਰਧਾਨ ਅਮਰਜੀਤ ਕੌਰ ਰਣ ਸਿੰਘ ਵਾਲਾ ਦੀ ਪ੍ਰਧਾਨਗੀ ਹੇਠ ਹੋਈ। ਮੀਟਿੰਗ ਨੂੰ ਸੰਬੋਧਨ ਕਰਦਿਆਂ ਬਲਵੀਰ ਕੌਰ ਗਿੱਲ ਸੂਬਾਈ ਜਨਰਲ ਸਕੱਤਰ, ਦੁਰਗੋ ਬਾਈ ਫਾਜ਼ਿਲਕਾ ਸੂਬਾਈ ਸੀਨੀਅਰ ਮੀਤ ਪ੍ਰਧਾਨ, ਸੀਮਾ ਸੋਹਲ ਤਰਨਤਾਰਨ ਸੂਬਾਈ ਵਿੱਤ ਸਕੱਤਰ, ਸੁਖਵਿੰਦਰ ਕੌਰ ਸੁਖੀ ਜਿਲਾ ਪ੍ਰਧਾਨ ਮਾਨਸਾ, ਸਵਰਨਜੀਤ ਕੌਰ ਹਰਾਜ਼ ਸ੍ਰੀ ਮੁਕਤਸਰ ਸਾਹਿਬ ਜਿਲਾ ਚੇਅਰਮੈਨ, ਅਮਨਦੀਪ ਕੌਰ ਮੋਗਾ , ਸੰਦੀਪ ਕੌਰ ਤਪਾ ਜ਼ਿਲਾ ਪ੍ਰਧਾਨ ਬਰਨਾਲਾ ਅਤੇ ਰਾਜਵੰਤ ਕੌਰ ਜ਼ਿਲਾ ਪ੍ਰਧਾਨ ਅੰਮ੍ਰਿਤਸਰ ਨੇ ਕਿਹਾ ਕਿ ਕੇਂਦਰੀ ਟਰੇਡ ਯੂਨੀਅਨਾਂ ਵੱਲੋਂ ਮੋਦੀ ਸਰਕਾਰ ਦੀਆਂ ਲੋਕ ਵਿਰੋਧੀ ਨੀਤੀਆਂ ਦੇ ਖਿਲਾਫ 16 ਫਰਵਰੀ ਨੂੰ ਦੇਸ਼ ਵਿਆਪੀ ਹੜਤਾਲ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਕੌਮੀ ਹੜਤਾਲ ਕੇਂਦਰ ਸਰਕਾਰ ਦੀਆਂ ਆਮ ਲੋਕਾਂ, ਮੁਲਾਜ਼ਮਾਂ, ਮਜ਼ਦੂਰਾਂ, ਕਿਰਤੀ ਲੋਕਾਂ ਦੀ ਲੁੱਟ ਕਰਨ ਵਾਲੀਆਂ ਨੀਤੀਆਂ, ਨਿੱਜੀਕਰਨ ਅਤੇ ਕਾਰਪੋਰੇਟ ਘਰਾਣਿਆਂ ਨੂੰ ਬੇਸ਼ਕੀਮਤੀ ਲਾਭ ਦੇਣ ਦੀਆਂ ਨੀਤੀਆਂ ਅਤੇ ਪਬਲਿਕ ਅਦਾਰਿਆਂ ਨੂੰ ਲਗਾਤਾਰ ਪ੍ਰਾਈਵੇਟ ਹੱਥਾਂ ਵਿੱਚ ਵੇਚਣ ਦੇ ਵਿਰੁੱਧ ਕੀਤੀ ਜਾ ਰਹੀ ਹੈ। ਕੌਮੀ ਹੜਤਾਲ ਦੇ ਮੁੱਦਿਆਂ ਦਾ ਜ਼ਿਕਰ ਕਰਦਿਆਂ ਆਗੂਆਂ ਨੇ ਕਿਹਾ ਕਿ ਪੀ.ਐੱਫ.ਆਰ.ਡੀ.ਏ. ਬਿੱਲ ਰੱਦ ਕਰਵਾਉਣ, ਪਬਲਿਕ ਅਦਾਰਿਆਂ ਨੂੰ ਵੇਚਣ ਤੋਂ ਰੋਕਣ ਲਈ, ਆਸ਼ਾ ਵਰਕਰਾਂ, ਮਿਡ-ਡੇ-ਮੀਲ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਨੂੰ ਤੁਰੰਤ ਪੂਰੀਆਂ ਤਨਖਾਹਾਂ ਤੇ ਭੱਤਿਆਂ ਸਮੇਤ ਰੈਗੂਲਰ ਕਰਨ, ਨਵੀਂ ਪੈਂਨਸ਼ਨ ਸਕੀਮ ਰੱਦ ਕਰਕੇ ਪੁਰਾਣੀ ਪੈਂਨਸ਼ਨ ਬਹਾਲ ਕਰਵਾਉਣ, ਠੇਕੇਦਾਰੀ ਸਿਸਟਮ ਅਤੇ ਨਿੱਜੀਕਰਨ ਨੂੰ ਬੰਦ ਕਰਵਾਉਣ, ਅੱਠਵੇਂ ਵੇਤਨ ਅਯੋਗ ਦੀ ਸਥਾਪਨਾ ਕਰਵਾਉਣ, ਰੈਗੂਲਰ ਨਿਯੁਕਤੀਆਂ ਪੂਰੇ ਗਰੇਡਾਂ ਵਿੱਚ ਚਾਲੂ ਕਰਵਾਉ, ਹਿੱਟ ਐਂਡ ਰਨ-ਕਾਲਾ ਕਾਨੂੰਨ ਰੱਦ ਕਰਵਾਉਣ, ਕਿਰਤ ਕਾਨੂੰਨਾਂ ਵਿੱਚ ਕੀਤੀਆਂ ਸੋਧਾਂ ਰੱਦ ਕਰਵਾਉਣ,ਟਰੇਡ ਯੂਨੀਅਨ ਅਧਿਕਾਰਾਂ ਨੂੰ ਬਹਾਲ ਕਰਵਾਉਣ ਆਦਿ ਮੁੱਦਿਆਂ ਲਈ ਕੀਤੀ ਜਾ ਰਹੀ ਹੈ।
ਉਹਨਾਂ ਕਿਹਾ ਕਿ ਇਸ ਕੌਮੀ ਹੜਤਾਲ ਨੂੰ ਸਫਲ ਬਣਾਉਣ ਲਈ ਪੂਰੇ ਪੰਜਾਬ ਵਿੱਚ ਆਸ਼ਾ ਵਰਕਰਾਂ ਵੱਲੋਂ ਲਾਮਬੰਦੀ ਕੀਤੀ ਜਾ ਰਹੀ ਹੈ ਅਤੇ 16 ਫਰਵਰੀ ਨੂੰ ਪੰਜਾਬ ਵਿੱਚ ਵੱਖ ਵੱਖ ਥਾਵਾਂ ਤੇ ਹੋ ਰਹੀਆਂ ਰੈਲੀਆਂ ਵਿੱਚ ਆਸ਼ਾ ਵਰਕਰਾਂ ਨੂੰ ਵੱਧ ਚੜ੍ਹ ਕੇ ਸ਼ਾਮਲ ਹੋਣ ਲਈ ਪ੍ਰੇਰਿਤ ਕਰਕੇ ਸਾਰੀਆਂ ਤਿਆਰੀਆਂ ਨੂੰ ਅੰਤਿਮ ਰੂਪ ਦਿੱਤਾ ਜਾ ਰਿਹਾ ਹੈ।
Leave a Comment
Your email address will not be published. Required fields are marked with *