ਸਕੇਟਿੰਗ ਨਾਲ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ, ਇਕਾਗਰਤਾ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਵਰਗੇ ਗੁਣਾਂ ਦਾ ਹੁੰਦਾ ਹੈ ਵਿਕਾਸ
ਕੋਟਕਪੂਰਾ, 30 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਇੰਟਰਨੈਸ਼ਨਲ ਮਿਲੇਨੀਅਮ ਸਕੂਲ, ਕੋਟਕਪੂਰਾ ਵੱਲੋਂ ਵਿਦਿਆਰਥੀਆਂ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਪੜ੍ਹਾਈ ਦੇ ਨਾਲ-ਨਾਲ ਵੱਖ-ਵੱਖ ਖੇਡਾਂ ਅਤੇ ਸਹਿ-ਪਾਠਕ੍ਰਮ ਗਤੀਵਿਧੀਆਂ ਕਰਵਾਈਆਂ ਜਾਂਦੀਆਂ ਹਨ। ਇਨ੍ਹਾਂ ਗਤੀਵਿਧੀਆਂ ਵਿੱਚ ਸਕੇਟਿੰਗ ਨੂੰ ਵਿਸ਼ੇਸ਼ ਮਹੱਤਵ ਦਿੱਤਾ ਜਾ ਰਿਹਾ ਹੈ। ਸਕੇਟਿੰਗ ਰਾਹੀਂ ਵਿਦਿਆਰਥੀਆਂ ਵਿੱਚ ਸਰੀਰਕ ਤੰਦਰੁਸਤੀ, ਸੰਤੁਲਨ ਬਣਾਈ ਰੱਖਣ ਦੀ ਯੋਗਤਾ, ਇਕਾਗਰਤਾ, ਅਨੁਸ਼ਾਸਨ ਅਤੇ ਆਤਮ-ਵਿਸ਼ਵਾਸ ਵਰਗੇ ਗੁਣਾਂ ਦਾ ਵਿਕਾਸ ਹੁੰਦਾ ਹੈ। ਇਸ ਦੇ ਨਾਲ ਹੀ ਬੱਚਿਆਂ ਵਿੱਚ ਖੇਡ ਭਾਵਨਾ, ਮਿਹਨਤ ਕਰਨ ਦੀ ਆਦਤ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਵੀ ਵਧਦੀ ਹੈ। ਸਕੂਲ ਦਾ ਉਦੇਸ਼ ਵਿਦਿਆਰਥੀਆਂ ਨੂੰ ਸਿਰਫ਼ ਅਕਾਦਮਿਕ ਖੇਤਰ ਵਿੱਚ ਹੀ ਨਹੀਂ, ਸਗੋਂ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਵੀ ਅੱਗੇ ਵਧਣ ਦੇ ਮੌਕੇ ਪ੍ਰਦਾਨ ਕਰਨਾ ਹੈ। ਸਕੂਲ ਪ੍ਰਬੰਧਨ ਦਾ ਮੰਨਣਾ ਹੈ ਕਿ ਪੜ੍ਹਾਈ ਦੇ ਨਾਲ-ਨਾਲ ਖੇਡ ਗਤੀਵਿਧੀਆਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਵਿੱਚ ਅਹਿਮ ਭੂਮਿਕਾ ਨਿਭਾਉਂਦੀਆਂ ਹਨ। ਅਜਿਹੀਆਂ ਗਤੀਵਿਧੀਆਂ ਰਾਹੀਂ ਵਿਦਿਆਰਥੀਆਂ ਨੂੰ ਸਿਹਤਮੰਦ, ਆਤਮ-ਵਿਸ਼ਵਾਸੀ ਅਤੇ ਜ਼ਿੰਮੇਵਾਰ ਸ਼ਖ਼ਸੀਅਤ ਵਜੋਂ ਵਿਕਸਿਤ ਹੋਣ ਵਿੱਚ ਮਦਦ ਮਿਲਦੀ ਹੈ।

