ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਵਾਲਿਆਂ ਖਿਲਾਫ ਹੋ ਰਹੀ ਹੈ ਸਖਤ ਕਾਰਵਾਈ
ਫ਼ਰੀਦਕੋਟ, 12 ਨਵੰਬਰ (ਵਰਲਡ ਪੰਜਾਬੀ ਟਾਈਮਜ਼)
ਡਾ. ਪ੍ਰਗਿਆ ਜੈਨ ਐਸ.ਐਸ.ਪੀ ਫਰੀਦਕੋਟ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਫਰੀਦਕੋਟ ਪੁਲਿਸ ਵੱਲੋਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਜਰੂਰੀ ਕਦਮ ਚੁੱਕੇ ਜਾ ਰਹੇ ਹਨ। ਜਿਸ ਤਹਿਤ ਲਗਾਤਾਰ ਕਿਸਾਨਾਂ ਨਾਲ ਮੀਟਿੰਗਾਂ ਕਰਕੇ ਉਹਨਾਂ ਨੂੰ ਖੇਤਾਂ ਵਿੱਚ ਪਈ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਲਗਾਤਾਰ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਦੀਆਂ 18 ਪੈਟਰੋਲਿੰਗ ਪਾਰਟੀਆਂ ਵੀ ਬਣਾਈਆਂ ਗਈਆਂ ਹਨ, ਜੋ ਕਿ ਪਿੰਡਾਂ ਵਿੱਚ ਜਾ ਕੇ ਲਗਾਤਾਰ ਗਸ਼ਤ ਕਰ ਰਹੀਆਂ ਹਨ ਤਾਂ ਜੋ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਲਾਉਣ ਤੋ ਰੋਕਿਆ ਜਾ ਸਕੇ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਐਸ.ਐਸ.ਪੀ ਡਾ. ਪ੍ਰਗਿਆ ਜੈਨ ਨੇ ਦੱਸਿਆ ਕਿ ਪੁਲਿਸ ਪਾਰਟੀਆਂ ਲਗਾਤਾਰ ਪਿੰਡਾਂ ਵਿੱਚ ਗਸ਼ਤ ਕਰ ਰਹੀਆਂ ਹਨ ਤਾਂ ਜੋ ਕਿਸੇ ਜਗ੍ਹਾ ਉੱਪਰ ਪਰਾਲੀ ਨੂੰ ਅੱਗ ਲੱਗਣ ਸਬੰਧੀ ਸੂਚਨਾਂ ਮਿਲਦੀ ਹੈ ਤਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਕਾਰਵਾਈ ਕੀਤੀ ਜਾ ਸਕੇ। ਉਹਨਾਂ ਇਸ ਦੇ ਨਾਲ ਹੀ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਝੋਨੇ ਦੀ ਪਰਾਲੀ ਅਤੇ ਹੋਰ ਰਹਿੰਦ-ਖੂੰਹਦ ਨੂੰ ਅੱਗ ਨਾ ਲਾਉਣ ਅਤੇ ਜੇਕਰ ਕੋਈ ਉਨ੍ਹਾਂ ਦੇ ਆਸ ਪਾਸ ਵੀ ਕਿਸਾਨ ਅੱਗ ਲਾਉਂਦਾ ਹੈ ਤਾਂ ਉਸ ਨੂੰ ਵੀ ਰੋਕ ਕੇ ਜਿਲ੍ਹਾ ਪ੍ਰਸ਼ਾਸ਼ਨ ਦਾ ਸਾਥ ਦੇਣ। ਉਹਨਾਂ ਕਿਹਾ ਕਿ ਪਰਾਲੀ ਸਾੜਨ ਨਾਲ ਹੁੰਦੇ ਪ੍ਰਦੂਸ਼ਣ ਕਾਰਨ ਨਾ ਸਿਰਫ ਹਵਾ ਦੀ ਗੁਣਵੱਤਾ ਬੇਹੱਦ ਪ੍ਰਭਾਵਿਤ ਹੁੰਦੀ ਹੈ, ਸਗੋਂ ਇਹ ਕਈ ਸਿਹਤ ਸਬੰਧੀ ਸਮੱਸਿਆਵਾਂ ਨੂੰ ਵੀ ਜਨਮ ਦੇਂਦੀ ਹੈ। ਜੇਕਰ ਪੁਲਿਸ ਪ੍ਰਸ਼ਾਸਨ ਨੂੰ ਪਰਾਲੀ ਸਾੜਨ ਸਬੰਧੀ ਕੋਈ ਮਾਮਲਾ ਸਾਹਮਣੇ ਆਉਂਦਾ ਹੈ ਤਾਂ ਸਬੰਧਿਤ ਦੇ ਖਿਲਾਫ ਸਖਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।
Leave a Comment
Your email address will not be published. Required fields are marked with *