ਫਰੀਦਕੋਟ , 27 ਮਾਰਚ (ਵਰਲਡ ਪੰਜਾਬੀ ਟਾਈਮਜ਼)
ਜ਼ਿਲਾ ਮੈਜਿਸਟ੍ਰੇਟ ਵਿਨੀਤ ਕੁਮਾਰ ਨੇ ਫੌਜ਼ਦਾਰੀ ਦੰਡ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਫਰੀਦਕੋਟ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ ਅਤੇ ਨਾੜ ਨੂੰ ਅੱਗ ਲਾਉਣ ’ਤੇ ਪੂਰਨ ਤੌਰ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ। ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ’ਚ ਕਿਹਾ ਕਿ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ ਅਤੇ ਨਾੜ ਨੂੰ ਸਬੰਧਤ ਮਾਲਕਾਂ ਵਲੋਂ ਅੱਗ ਲਾ ਦਿੱਤੀ ਜਾਂਦੀ ਹੈ। ਜਿਸ ਨਾਲ ਨੁਕਸਾਨ ਹੋਣ ਦਾ ਖਦਸ਼ਾ ਬਣਿਆ ਰਹਿੰਦਾ ਹੈ। ਹਵਾ ’ਚ ਧੂੰਏ ਨਾਲ ਪ੍ਰਦੂਸ਼ਣ ਫੈਲਦਾ ਹੈ, ਜਿਸ ਨਾਲ ਸਾਹ ਦੀਆਂ ਬਿਮਾਰੀਆਂ ਹੋ ਸਕਦੀਆਂ ਹਨ, ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਜਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਅੱਗ ਲੱਗਣ ਨਾਲ ਆਲੇ-ਦੁਆਲੇ ਖੜੀ ਫਸਲ ਜਾਂ ਪਿੰਡ ’ਚ ਵੀ ਅੱਗ ਲੱਗਣ ਦਾ ਡਰ ਬਣਿਆ ਰਹਿੰਦਾ ਹੈ। ਇਸ ਨਾਲ ਕਈ ਵੱਡੇ ਹਾਦਸੇ ਵੀ ਵਾਪਰ ਸਕਦੇ ਹਨ ਅਤੇ ਜਾਨੀ-ਮਾਲੀ ਨੁਕਸਾਨ ਹੋਣ ਦਾ ਖਤਰਾ ਹੁੰਦਾ ਹੈ। ਸੜਕ ਦੁਆਲੇ ਰਹਿੰਦ-ਖੂੰਹਦ ਨੂੰ ਅੱਗ ਲਾਉਣ ਨਾਲ ਆਵਾਜਾਈ ’ਚ ਵਿਘਨ ਪੈਂਦਾ ਹੈ ਅਤੇ ਕਈ ਹਾਦਸੇ ਹੋ ਜਾਂਦੇ ਹਨ। ਜਿਸ ਨਾਲ ਕਿਸੇ ਸਮੇਂ ਅਮਨ ਅਤੇ ਕਾਨੂੰਨ ਦੀ ਸਥਿੱਤੀ ਨੂੰ ਬਣਾਈ ਰੱਖਣਾ ਵੀ ਔਖਾ ਹੋ ਸਕਦਾ ਹੈ। ਜਿਸ ਨਾਲ ਭਾਵੇਂ ਨੁਕਸਾਨ ਕਿਸਾਨਾਂ ਨੂੰ ਹੁੰਦਾ ਹੈ ਪਰ ਇਸ ਦਾ ਅਸਿੱਧੇ ਤੌਰ ’ਤੇ ਅਸਰ ਦੇਸ਼ ਦੇ ਉਤਪਾਦਨ ’ਤੇ ਪੈਂਦਾ ਹੈ। ਜਿਸ ਲਈ ਇਹ ਪਾਬੰਦੀ ਲਾਈ ਗਈ ਹੈ। ਹੁਕਮਾਂ ਦੀ ਉਲੰਘਣਾ ਕਰਨ ਵਾਲੇ ਖਿਲਾਫ਼ ਅਨੁਸ਼ਾਸ਼ਨੀ ਕਾਰਵਾਈ ਕੀਤੀ ਜਾਵੇਗੀ। ਇਹ ਹੁਕਮ ਮਿਤੀ 19-05-2024 ਤੱਕ ਲਾਗੂ ਰਹਿਣਗੇ।
Leave a Comment
Your email address will not be published. Required fields are marked with *