ਫਰੀਦਕੋਟ, 1 ਮਾਰਚ (ਵਰਲਡ ਪੰਜਾਬੀ ਟਾਈਮਜ਼)
ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਜਿਲ੍ਹਾ ਫਰੀਦਕੋਟ ’ਚ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ। ਇਸ ਮੁਹਿੰਮ ਤਹਿਤ ਬਲਾਕ ਫਰੀਦਕੋਟ ਦੇ ਖੇਤੀ ਸਮੱਗਰੀ ਵਿਕ੍ਰੇਤਾਵਾਂ ਦੀ ਸਥਾਨਕ ਆਤਮਾ ਮੀਟਿੰਗ ਹਾਲ ’ਚ ਮੀਟਿੰਗ ਕੀਤੀ ਗਈ ਹੈ, ਜਿਸ ’ਚ ਬਲਾਕ ਫਰੀਦਕੋਟ ਦੇ ਸਮੂਹ ਖੇਤੀ ਸਮੱਗਰੀ ਵਿਕਰੇਤਾ ਸ਼ਾਮਿਲ ਹੋਏ। ਇਸ ਮੀਟਿੰਗ ਦੀ ਪ੍ਰਧਾਨਗੀ ਮੁੱਖ ਖੇਤੀਬਾੜੀ ਅਫਸਰ ਫਰੀਦਕੋਟ ਡਾ. ਅਮਰੀਕ ਸਿੰਘ ਮੁੱਖ ਖੇਤੀਬਾੜੀ ਅਫਸਰ ਵੱਲੋਂ ਕੀਤੀ ਗਈ। ਮੀਟਿੰਗ ’ਚ ਮੌਜੂਦ ਖੇਤੀ ਸਮੱਗਰੀ ਵਿਕ੍ਰੇਤਾਵਾਂ ਨੂੰ ਸੰਬੋਧਨ ਕਰਦਿਆਂ ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਜ਼ਿਲਾ ਫਰੀਦਕੋਟ ਦੇ ਕਿਸਾਨਾਂ ਨੂੰ ਮਿਆਰੀ ਖੇਤੀ ਸਮੱਗਰੀ ਮੁਹੱਈਆ ਕਰਵਾਉਣੀ ਮੁੱਢਲੀ ਜਿੰਮੇਵਾਰੀ ਹੈ ਤਾਂ ਜੋ ਫਸਲਾਂ ਦੇ ਉਤਪਾਦਨ ਵਿੱਚ ਖੇਤੀ ਲਾਗਤ ਖਰਚੇ ਘਟਾ ਕੇ ਖੇਤੀ ਆਮਦਨ ’ਚ ਵਾਧਾ ਕੀਤਾ ਜਾ ਸਕੇ। ਉਹਨਾਂ ਕਿਹਾ ਕਿ ਖੇਤੀ ਸਮੱਗਰੀ ਵਿਕ੍ਰੇਤਾ, ਖੇਤੀਬਾੜੀ ਵਿਭਾਗ ਅਤੇ ਕਿਸਾਨਾਂ ’ਚ ਅਹਿਮ ਕੜੀ ਦਾ ਕੰਮ ਕਰਦੇ ਹਨ ਅਤੇ ਹਰੇਕ ਡੀਲਰ ਨੂੰ ਖੇਤੀ ਤਕਨੀਕਾਂ ਦੀ ਜਾਣਕਾਰੀ ਪੱਖੋਂ ਮਜ਼ਬੂਤ ਹੋਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਖੇਤੀ ਤਕਨੀਕ ਪੱਖੋਂ ਮਜ਼ਬੂਤ ਹੋਣ ਲਈ ਹਰੇਕ ਡੀਲਰ ਦੇ ਕਾਉਂਟਰ ਉਪਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵਲੋਂ ਪ੍ਰਕਾਸ਼ਤ ਕੀਤੀ ਜਾਂਦੀ ਹਾੜੀ-ਸਾਉਣੀ ਦੀਆ ਫਸਲਾਂ ਦੀਆਂ ਕਾਸ਼ਤਕਾਰੀ ਸਿਫਾਰਸ਼ਾਂ ਦੀ ਕਿਤਾਬ ਅਤੇ ਚੰਗੀ ਖੇਤੀ ਮੈਗਜ਼ੀਨ ਹੋਣਾ ਚਾਹੀਦਾ ਹੈ। ਉਹਨਾਂ ਸਮੂਹ ਡੀਲਰਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ’ਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ।