· ਕਿਹਾ, ਜ਼ਿਲ੍ਹੇ ਅੰਦਰ ਹੁਣ ਤੱਕ 1.5 ਲੱਖ ਮੀਟ੍ਰਿਕ ਟਨ ਝੋਨੇ ਦੀ ਪਰਾਲੀ ਦੀ ਕੀਤੀ ਜਾ ਚੁੱਕੀ ਹੈ ਸਾਂਭ-ਸੰਭਾਲ
· 4 ਲੱਖ ਮੀਟ੍ਰਿਕ ਟਨ ਪਰਾਲੀ ਨੂੰ ਜਮ੍ਹਾਂ ਕਰਨ ਦਾ ਟੀਚਾ
· ਕਾਨੂੰਨ ਨੂੰ ਹੱਥਾਂ ਚ ਲੈਣ ਵਾਲਿਆਂ ਖਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਐਸਐਸਪੀ
ਬਠਿੰਡਾ, 6 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਡੀਸੀ ਮੀਟਿੰਗ ਹਾਲ ਚ ਕੀਤੀ ਗਈ ਪ੍ਰੈਸ ਕਨਫਰੰਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕੀਤੀ ਕਿ ਉਹ ਸੂਬਾ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਕੇ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਚ ਆਪਣਾ ਵਡਮੁੱਲਾ ਯੋਗਦਾਨ ਪਾ ਕੇ ਵਾਤਾਵਰਣ ਨੂੰ ਪ੍ਰਦੂਸਿਤ ਹੋਣ ਤੋਂ ਵੀ ਬਚਾਅ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਪ੍ਰਬੰਧਨ ਲਈ ਵੱਖ-ਵੱਖ ਤਰ੍ਹਾਂ ਦੀ 140 ਕਰੋੜ ਰੁਪਏ ਜਿਸ ਚ 70 ਕਰੋੜ ਰੁਪਏ ਦੀ ਸਬਸਿਡੀ ਵਾਲੀ 9234 ਆਧੁਨਿਕ ਮਸ਼ੀਨਰੀ ਮੁਹੱਈਆ ਕਰਵਾਈ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਜ਼ਿਲ੍ਹੇ ਚ 200 ਬੇਲਰ ਲਗਾਤਾਰ ਪਰਾਲੀ ਪ੍ਰਬੰਧਨ ਲਈ ਚੱਲ ਰਹੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਅੰਦਰ ਪਰਾਲੀ ਪ੍ਰਬੰਧਨ ਲਈ ਕਰੀਬ 400 ਏਕੜ ਵਿੱਚ ਲਗਭਗ 20 ਡੰਪ ਜ਼ਿਲ੍ਹੇ ਦੀਆਂ ਵੱਖ-ਵੱਖ ਥਾਵਾਂ ਤੇ ਪਰਾਲੀ ਨੂੰ ਸਟੋਰ ਕਰਨ ਲਈ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਹੁਣ ਤੱਕ 1.5 ਲੱਖ ਮੀਟ੍ਰਿਕ ਟਨ ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਕੀਤੀ ਜਾ ਚੁੱਕੀ ਹੈ, ਜਦਕਿ 4 ਲੱਖ ਮੀਟ੍ਰਿਕ ਟਨ ਪਰਾਲੀ ਨੂੰ ਜਮ੍ਹਾਂ ਕਰਨ ਦਾ ਟੀਚਾ ਹੈ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜ਼ਿਲ੍ਹੇ ਅੰਦਰ ਝੋਨੇ ਦੀ ਪਰਾਲੀ ਪ੍ਰਬੰਧਨ ਵਿੱਚ ਲੱਗੀਆਂ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਟੀਮਾਂ ਉਨ੍ਹਾਂ ਦੇ ਹੀ ਪਰਿਵਾਰਕ ਮੈਂਬਰ ਹਨ ਜੋ ਕਿਸਾਨਾਂ ਨੂੰ ਪਰਾਲੀ ਸਾੜਨ ਨਾਲ ਪੈਦਾ ਹੋਣ ਵਾਲੇ ਦੁਰਪ੍ਰਭਾਵਾਂ ਤੇ ਪਰਾਲੀ ਦੀ ਸੁਚੱਜੀ ਸਾਂਭ-ਸੰਭਾਲ ਨਾਲ ਹੋਣ ਵਾਲੇ ਫਾਇਦਿਆਂ ਬਾਰੇ ਲਗਾਤਾਰ ਜਾਗਰੂਕ ਕਰ ਰਹੇ ਹਨ। ਉਨ੍ਹਾਂ ਇੱਕ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਾਨੂੰਨ ਨੂੰ ਹੱਥਾਂ ਵਿੱਚ ਲੈ ਕੇ ਕਦੇ ਵੀ ਸਮਾਜ ਦਾ ਸੁਧਾਰ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਲਈ ਲੋੜੀਂਦੇ ਬੇਲਰ ਤੋਂ ਇਲਾਵਾ ਵੱਖ-ਵੱਖ ਤਰ੍ਹਾਂ ਦੀ ਆਧੁਨਿਕ ਮਸ਼ੀਨਰੀ ਸਰਕਾਰ ਵਲੋਂ ਮੁਹੱਈਆ ਕਰਵਾਈ ਗਈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਕਿਸਾਨ ਪਰਾਲੀ ਪ੍ਰਬੰਧਨ ਸਬੰਧੀ ਬਹੁਤੀ ਕਾਹਲੀ ਨਾ ਕਰਨ ਸਗੋਂ ਥੋੜਾ ਸਬਰ ਸੰਤੋਖ਼ ਰੱਖਣ ਤੇ ਮਸ਼ੀਨਰੀ ਦੀ ਵਰਤੋਂ ਖੁੱਦ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਕਰਵਾਉਣੀ ਯਕੀਨੀ ਬਣਾਉਣ।
ਇਸ ਤੋਂ ਪਹਿਲਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਨੇ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਦੇ ਪਿੰਡ ਮਹਿਮਾ ਸਰਜਾ ਵਿਖੇ ਪਰਾਲੀ ਸਾੜਨ ਦੇ ਮੁੱਦੇ ਨੂੰ ਲੈ ਕੇ 9 ਵਿਅਕਤੀਆਂ ਖਿਲਾਫ਼ ਥਾਣਾ ਨੇਹੀਆ ਵਾਲਾ ਵਿਖੇ ਐਫ਼ਆਈਆਰ ਦਰਜ਼ ਕੀਤੀ ਗਈ ਹੈ। ਇਸ ਘਟਨਾ ਵਿੱਚ ਸ਼ਾਮਲ ਦੋਸ਼ੀਆਂ ਨੂੰ ਕਿਸੇ ਵੀ ਕੀਮਤ ਤੇ ਬਖਸ਼ਿਆਂ ਨਹੀਂ ਜਾਵੇਗਾ। ਉਨ੍ਹਾਂ ਖਿਲਾਫ਼ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਸ. ਖੁਰਾਣਾ ਨੇ ਕਿਸਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਨਾ ਲੈਣ ਸਗੋਂ ਪੁਲਿਸ ਪ੍ਰਸ਼ਾਸਨ ਦਾ ਸਹਿਯੋਗ ਦੇਣ।