ਬਠਿੰਡਾ 28 ਸਤੰਬਰ( ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਖੇਤਰੀ ਖੋਜ ਕੇਂਦਰ, ਬਠਿੰਡਾ ਵਿਖੇ ਕਿਸਾਨ ਮੇਲਾ ਲਗਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਕਿਸਾਨਾਂ ਤੇ ਕਿਸਾਨ ਬੀਬੀਆਂ ਨੇ ਸ਼ਿਰਕਤ ਕੀਤੀ। ਕੁਦਰਤੀ ਸੋਮੇ ਬਚਾਓ, ਸਭ ਲਈ ਖੁਸ਼ਹਾਲੀ ਲਿਆਓ ਦੇ ਉਦੇਸ਼ ਨਾਲ ਲਗਾਏ ਇਸ ਕਿਸਾਨ ਮੇਲੇ ਵਿੱਚ ਉਘੇ ਅਰਥ ਸਾਸ਼ਤਰੀ ਅਤੇ ਚੇਅਰਮੈਨ, ਪੰਜਾਬ ਰਾਜ ਕਿਸਾਨ ਅਤੇ ਖੇਤ ਮਜ਼ਦੂਰ ਕਮਿਸ਼ਨ, ਡਾ. ਸੁਖਪਾਲ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ। ਇਸ ਮੌਕੇ ਯੂਨੀਵਰਸਿਟੀ ਦੇ ਵੱਖ-ਵੱਖ ਵਿਭਾਗਾਂ ਦੇ ਮੁਖੀ, ਤਕਨੀਕੀ ਮਾਹਰ ਤੇ ਡੀਨ ਡਾਇਰੈਕਟਰ ਵੀ ਸ਼ਾਮਲ ਹੋਏ।
ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਸੁਖਪਾਲ ਸਿੰਘ ਨੇ ਕਿਹਾ ਕਿ ਪੀ.ਏ.ਯੂ. ਦੇ ਕਿਸਾਨ ਮੇਲੇ ਖੇਤੀ ਗਿਆਨ-ਵਿਗਿਆਨ ਨੂੰ ਕਿਸਾਨਾਂ ਦੀਆਂ ਬਰੂਹਾਂ ਤੱਕ ਪਹੁੰਚਾਉਣ ਵਿੱਚ ਅਹਿਮ ਯੋਗਦਾਨ ਅਦਾ ਕਰਦੇ ਹਨ। ਉਨ੍ਹਾਂ ਕਿਹਾ ਕਿ ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅੰਨ-ਭੰਡਾਰ ਨੂੰ ਭਰਪੂਰ ਕਰਨ ਵਿੱਚ ਪੀ.ਏ.ਯੂ. ਵਿਗਿਆਨੀਆਂ ਅਤੇ ਪੰਜਾਬ ਦੇ ਕਿਸਾਨਾਂ ਨੇ ਵੱਡੀ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਜਰਖੇਜ਼ ਧਰਤੀ ਹਰ ਤਰ੍ਹਾਂ ਦੀ ਫ਼ਸਲ ਪੈਦਾ ਕਰਨ ਦੇ ਸਮਰੱਥ ਹੈ ਪਰ ਬਹੁਤੀਆਂ ਫ਼ਸਲਾਂ ਦੇ ਵਾਜਬ ਮੁੱਲ ਨਾ ਮਿਲਦੇ ਹੋਣ ਕਾਰਨ ਅੱਜ ਸਾਡਾ ਕਿਸਾਨ ਆਰਥਿਕ ਚੁਣੌਤੀਆਂ ਦਾ ਸਾਹਮਣਾ ਕਰਦਾ ਹੋਇਆ ਖੇਤੀ ਨੂੰ ਤਿਆਗ ਕੇ ਵਿਦੇਸ਼ਾਂ ਵਿੱਚ ਪ੍ਰਵਾਸ ਕਰ ਰਿਹਾ ਹੈ।
ਕਣਕ ਝੋਨੇ ਦੇ ਫ਼ਸਲੀ ਚੱਕਰ ਨੂੰ ਤਿਆਗ ਕੇ ਖੇਤੀ ਵੰਨ-ਸੁਵੰਨਤਾ ਤੇ ਜ਼ੋਰ ਦਿੰਦਿਆਂ ਉਨ੍ਹਾਂ ਕਿਹਾ ਕਿ ਕੁਦਰਤੀ ਸੋਮਿਆਂ ਨੂੰ ਆਉਣ ਵਾਲੀਆਂ ਪੀੜ੍ਹੀਆਂ ਲਈ ਬਚਾਅ ਕੇ ਰੱਖਣਾ ਸਾਡਾ ਮੁੱਢਲਾ ਫ਼ਰਜ਼ ਹੈ ਅਤੇ ਜਿੰਨੀ ਤੇਜ਼ੀ ਨਾਲ ਅੱਜ ਧਰਤੀ ਹੇਠਲੇ ਪਾਣੀ ਦੇ ਪੱਧਰ ਵਿੱਚ ਗਿਰਾਵਟ ਆ ਰਹੀ ਹੈ, ਉਹ ਸਾਡੇ ਸਾਰਿਆਂ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਪੌਣ-ਪਾਣੀ ਅਤੇ ਵਾਤਾਵਰਣ ਦੀ ਸਾਂਭ-ਸੰਭਾਲ ਲਈ ਖੇਤੀ ਰਹਿਦ-ਖੂੰਹਦ ਨੂੰ ਅੱਗ ਲਾ ਕੇ ਸਾੜਨ ਦੀ ਥਾਂ ਖੇਤਾਂ ਵਿੱਚ ਹੀ ਵਾਹੁਣ ਦੀ ਅਪੀਲ ਕਰਦਿਆਂ ਉਨ੍ਹਾਂ ਨੇ ਪੀ.ਏ.ਯੂ. ਵੱਲੋਂ ਵਿਕਸਤ ਕੀਤੀਆਂ ਘੱਟ ਸਮਾਂ ਅਤੇ ਘੱਟ ਪਾਣੀ ਲੈਣ ਵਾਲੀਆਂ ਪੀ.ਆਰ ਕਿਸਮਾਂ ਦੀ ਕਾਸ਼ਤ ਕਰਨ, ਝੋਨੇ ਦੀ ਸਿੱਧੀ ਬਿਜਾਈ ਕਰਨ ਅਤੇ ਸਰਫੇਸ ਸੀਡਰ, ਸਮਾਰਟ ਸੀਡਰ ਵਰਗੀ ਅਤਿ-ਆਧੁਨਿਕ ਖੇਤ ਮਸ਼ੀਨਰੀ ਵਰਤਣ ਲਈ ਕਿਹਾ।
ਖੇਤੀ ਆਮਦਨ ਨੂੰ ਦੁੱਗਣਾ ਕਰਨ ਲਈ ਉਨ੍ਹਾਂ ਨੇ ਖੇਤੀ ਖਰਚੇ ਘਟਾਉਣ, ਮੰਡੀਕਰਨ ਸੁਚਾਰੂ ਬਨਾਉਣ ਅਤੇ ਉਤਪਾਦਨ ਦੇ ਨਾਲ ਨਾਲ ਗੁਣੱਵਤਾ ਵਧਾਉਣ ਦਾ ਸੁਨੇਹਾ ਦਿੰਦਿਆਂ ਖੇਤੀ ਕਿਰਤ ਦਾ ਸਮਾਂ ਵਧਾਉਣ ਲਈ ਸਹਾਇਕ ਧੰਦੇ ਅਪਨਾਉਣ ਵਾਸਤੇ ਕਿਸਾਨਾਂ ਨੂੰ ਪ੍ਰੇਰਿਤ ਕੀਤਾ।
ਇਸ ਮੌਕੇ ਡਾ ਅਜਮੇਰ ਸਿੰਘ ਢੱਟ, ਨਿਰਦੇਸ਼ਕ ਖੋਜ, ਪੀ.ਏ.ਯੂ. ਨੇ ਕਿਸਾਨ ਮੇਲਿਆਂ ਨੂੰ ਗਿਆਨ ਵਿਗਿਆਨ ਦੇ ਮੇਲੇ ਦੱਸਦਿਆਂ ਖੇਤੀ ਨੂੰ ਦਰਪੇਸ਼ ਚੁਣੌਤੀਆਂ ਦੇ ਮੱਦੇ ਨਜ਼ਰ ਯੂਨੀਵਰਸਿਟੀ ਦੇ ਖੇਤੀ ਵਿਗਿਆਨੀਆਂ ਵੱਲੋਂ ਵਿਕਸਤ ਕੀਤੀਆਂ ਫ਼ਸਲਾਂ ਦੀਆਂ ਨਵੀਆਂ ਕਿਸਮਾਂ, ਉਤਪਾਦਨ ਅਤੇ ਪੌਦ ਸੁਰੱਖਿਆ ਤਕਨੀਕਾਂ ਅਤੇ ਖੇਤ ਮਸ਼ੀਨਰੀ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਿਆ ਕਿ ਯੂਨੀਵਰਸਿਟੀ ਵੱਲੋਂ ਹੁਣ ਤੱਕ 950 ਤੋਂ ਵੱਧ ਕਿਸਮਾਂ ਵਿਕਸਤ ਕੀਤੀਆਂ ਜਾ ਚੁੱਕੀਆਂ ਹਨ, ਜਿਨ੍ਹਾਂ ਵਿਚੋਂ 250 ਤੋਂ ਵੱਧ ਕਿਸਮਾਂ ਨੇ ਰਾਸ਼ਟਰੀ ਪੱਧਰ ’ਤੇ ਪਹਿਚਾਣ ਕਾਇਮ ਕੀਤੀ ਹੈ। ਪੀ.ਏ.ਯੂ. ਵੱਲੋਂ ਸ਼ਿਫਾਰਿਸ਼ ਕੀਤੀਆਂ ਫ਼ਸਲਾਂ ਦੀਆਂ ਕਿਸਮਾਂ ਬੀਜਣ ਲਈ ਉਨ੍ਹਾਂ ਕਿਹਾ ਕਿ ਯੂਨੀਵਰਸਿਟੀ ਵੱਲੋਂ ਵਿਕਸਤ ਕੀਤੀ ਕਣਕ ਦੀ ਵੱਧ ਝਾੜ ਦੇਣ ਵਾਲੀ ਕਿਸਮ ਪੀ.ਬੀ.ਡਬਲਯੂ-826 ਨੇ ਜੰਮੂ ਤੋਂ ਲੈ ਕੇ ਕਲਕੱਤੇ ਤੱਕ ਪੂਰੀ ਧਾਂਕ ਜਮਾਈ।
ਜਲ ਸੋਮਿਆਂ ਦੀ ਬੱਚਤ ਲਈ ਉਨ੍ਹਾਂ ਧਰਤੀ ਹੇਠਲੇ ਪਾਣੀ ਦੀ ਥਾਂ ਨਹਿਰੀ ਪਾਣੀ ਦੀ ਵਰਤੋਂ ਕਰਨ, ਘੱਟ ਪਾਣੀ ਲੈਣ ਵਾਲੀਆਂ ਕਿਸਮਾਂ ਦੀ ਬਿਜਾਈ ਕਰਨ ਅਤੇ ਤੁਪਕਾ ਸੰਚਾਈ ਵਰਗੀਆਂ ਤਕਨੀਕਾਂ ਅਪਨਾਉਣ ਦੀ ਅਪੀਲ ਕੀਤੀ। ਉਤਪਾਦਨ ਦੇ ਨਾਲ-ਨਾਲ ਗੁਣਵੱਤਾ ਵੱਲ ਵਿਸ਼ੇਸ਼ ਜ਼ੋਰ ਦਿੰਦਿਆਂ ਉਨ੍ਹਾਂ ਯੂਨੀਵਰਸਿਟੀ ਵਿਗਿਆਨੀਆਂ ਵੱਲੋਂ ਵਿਕਸਤ ਕੀਤੀ ਸਰੋਂ ਦੀ ਨਵੀਂ ਕਿਸਮ ਪੀ.ਐਚ.ਆਰ-127, ਗੋਭੀ ਸਰੋਂ ਦੀ ਹਾਈਬ੍ਰਿਡ ਕਿਸਮ ਪੀ.ਜੀ.ਐਸ.ਐਚ-2155, ਜਵੀਂ ਦੀ ਕਿਸਮ ਓ.ਐਲ-17, ਬੇਕਰੀ ਉਦਯੋਗ ਨੂੰ ਉਤਸ਼ਾਹਿਤ ਕਰਨ ਲਈ ਪੀ.ਬੀ.ਡਬਲਯੂ ਬਿਸਕੁਟ-1 ਅਤੇ ਰੋਟੀ ਲਈ ਢੁਕਵੀਂ ਕਿਸਮ ਪੀ.ਬੀ.ਡਬਲਯੂ ਚਪਾਤੀ-1 ਬਾਰੇ ਵਿਸਥਾਰ ਪੂਰਵਕ ਜਾਣਕਾਰੀ ਦਿੱਤੀ।
ਯੂਨੀਵਰਸਿਟੀ ਵੱਲੋਂ ਤਿਆਰ ਕੀਤੀਆਂ ਦਾਲਾਂ, ਚਾਰੇ ਅਤੇ ਸਬਜ਼ੀਆਂ ਦੀਆਂ ਕਿੱਟਾਂ ਖਰੀਦਣ ਦੀ ਪੁਰਜ਼ੋਰ ਸਿਫ਼ਾਰਿਸ਼ ਕਰਦਿਆਂ ਉਨ੍ਹਾਂ ਨੇ ਕਣਕ ਵਿੱਚ ਪੀਲੀ ਕੁੰਗੀ ਦੀ ਰੋਕਥਾਮ ਲਈ ਤਾਕਤ ਨਾਂ ਦੀ ਦਵਾਈ ਵਰਤੋਂ ਕਰਨ ਦੇ ਨਾਲ-ਨਾਲ ਜੈਵਿਕ ਬਿਜਾਈ ਤੋਂ ਇੱਕ ਮਹੀਨੇ ਬਾਅਦ ਖੱਟੀ ਲੱਸੀ ਦਾ ਛਿੜਕਾਅ ਕਰਨ ਅਤੇ ਗਰਮ ਰੁੱਤ ਦੀ ਮੂੰਗੀ ਵਿੱਚ ਜੂੰ ਦਾ ਹਮਲਾ ਹੋਣ ਤੇ ਨੀਲੇ ਟਰੈਪ ਵਰਤਣ ਅਤੇ ਪੀ.ਏ.ਯੂ. ਨਿੰਮ ਦੇ ਘੋਲ ਦਾ ਛਿੜਕਾਅ ਕਰਨ ਲਈ ਕਿਹਾ।
ਇਸ ਮੌਕੇ ਕਿਸਾਨ ਮੇਲੇ ਵਿੱਚ ਸ਼ਿਰਕਤ ਕਰ ਰਹੇ ਪਤਵੰਤਿਆਂ, ਕਿਸਾਨਾਂ ਅਤੇ ਖੇਤੀ ਵਿਗਿਆਨੀਆਂ ਨੂੰ ਨਿੱਘਾ ਜੀ ਆਇਆਂ ਕਹਿੰਦਿਆਂ ਡਾ. ਮੱਖਣ ਸਿੰਘ ਭੁੱਲਰ, ਨਿਰਦੇਸ਼ਕ ਪਸਾਰ ਸਿੱਖਿਆ, ਪੀ.ਏ.ਯੂ. ਨੇ ਕਿਹਾ ਕਿ ਯੂਨੀਵਰਸਿਟੀ ਦਾ ਲਗਾਤਾਰ ਦੂਜੇ ਸਾਲ ਵੀ ਦੇਸ਼ ਦੀ ਸਰਵੋਤਮ ਖੇਤੀ ਯੂਨੀਵਰਸਿਟੀ ਬਣਨ ਦਾ ਸਮੁੱਚਾ ਸਿਹਰਾ ਖੇਤੀ ਵਿਗਿਆਨੀਆਂ ਦੇ ਨਾਲ-ਨਾਲ ਸਾਡੇ ਕਿਸਾਨਾਂ ਨੂੰ ਵੀ ਜਾਂਦਾ ਹੈ, ਜਿਨ੍ਹਾਂ ਨੇ ਹਮੇਸ਼ਾਂ ਯੂਨੀਵਰਸਿਟੀ ਦੀਆਂ ਖੋਜਾਂ ਅਤੇ ਪਸਾਰ ਸੇਵਾਵਾਂ ਪ੍ਰਤੀ ਅਥਾਹ ਵਿਸ਼ਵਾਸ ਜਤਾਇਆ ਹੈ। ਵਿਗਿਆਨਕ ਲੀਹਾਂ ਤੇ ਖੇਤੀ ਕਰਨ ਲਈ ਉਨ੍ਹਾਂ ਨੇ ਕਿਸਾਨਾਂ ਨੂੰ ਪੀ.ਏ.ਯੂ. ਦੇ ਫੇਸਬੁੱਕ ਲਾਈਵ ਪ੍ਰੋਗਰਾਮ, ਯੂਟਿਊਬ ਚੈਨਲਜ਼ ਅਤੇ ਖੇਤੀ ਸੰਦੇਸ਼ ਨਾਲ ਜੁੜਨ ਦੀ ਅਪੀਲ ਕਰਦਿਆਂ ਪੀ.ਏ.ਯੂ. ਵੱਲੋਂ ਪ੍ਰਕਾਸ਼ਤ ਕੀਤੇ ਜਾਂਦੇ ਮਹੀਨਾਵਾਰ ਰਸਾਲੇ ਚੰਗੀ ਖੇਤੀ ਅਤੇ ਪ੍ਰੋਗਰੈਸਿਵ ਫਾਰਮਿੰਗ ਦੇ ਵੱਧ ਤੋਂ ਵੱਧ ਮੈਬਂਰ ਬਣਨ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਸਾਬਕਾ ਮੁਖੀ, ਭੂਮੀ ਵਿਗਿਆਨ ਵਿਭਾਗ ਅਤੇ ਯੂਨੀਵਰਸਿਟੀ ਦੇ ਸਾਬਕਾ ਲਾਇਬ੍ਰੇਰੀਅਨ ਡਾ. ਓ.ਪੀ.ਚੌਧਰੀ, ਕੇ.ਵੀ.ਕੇ. ਬਠਿੰਡਾ ਦੇ ਡਾ. ਜਸਵਿੰਦਰ ਕੌਰ ਬਰਾੜ ਅਤੇ ਸਾਬਕਾ ਭੂਮੀ ਵਿਗਿਆਨੀ ਡਾ ਏ.ਐਸ.ਸਿੱਧੂ ਦਾ ਯੂਨੀਵਰਸਿਟੀ ਵਿੱਚ ਸਰਵੋਤਮ ਸੇਵਾਵਾਂ ਨਿਭਾਉਣ ਦੇ ਇਵਜ਼ ਵਜੋਂ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ।
ਇਸ ਮੌਕੇ ਸਮਾਜਿਕ ਖੇਤਰ ਵਿੱਚ ਅਹਿਮ ਯੋਗਦਾਨ ਪਾਉਣ ਵਾਲੀ ਸੰਸਥਾ ਸਵ: ਗੁਰਬਚਨ ਸਿੰਘ ਸੇਵਾ ਸੰਮਤੀ ਸੁਸਾਇਟੀ ਬੱਲੌ (ਬਠਿੰਡਾ) ਦੇ ਅਹੁਦੇਦਾਰ ਸ੍ਰ: ਕਰਮਜੀਤ ਸਿੰਘ ਅਤੇ ਸ੍ਰ: ਭੁਪਿੰਦਰ ਸਿੰਘ ਨੂੰ ਸਨਮਾਨਿਤ ਕਰਨ ਦੇ ਨਾਲ-ਨਾਲ ਸ੍ਰ: ਕੁਲਦੀਪ ਸਿੰਘ ਸਿਰੀਏਵਾਲਾ ਨੂੰ ਸ੍ਰ: ਸੁਰਜੀਤ ਸਿੰਘ ਢਿਲੋਂ ਪੁਰਸਕਾਰ ਨਾਲ ਸਨਮਾਨਿਤ ਕੀਤਾ ਗਿਆ। ਸ੍ਰ: ਹਰਨੇਕ ਸਿੰਘ ਪਿੰਡ ਤਰਖਾਨਵਾਲਾ ਨੇ ਯੂਨੀਵਰਸਿਟੀ ਇੰਡੋਅਮੈਟਂ ਫੰਡ ਵਿੱਚ 6,000/ ਰੁਪਏ ਦੀ ਰਾਸ਼ੀ ਦਿੱਤੀ।
ਨਿਰਦੇਸ਼ਕ, ਖੇਤਰੀ ਖੋਜ ਕੇਦਂਰ, ਬਠਿੰਡਾ, ਡਾ. ਕਰਮਜੀਤ ਸਿੰਘ ਸੇਖੋਂ ਨੇ ਧੰਨਵਾਦ ਦੇ ਸ਼ਬਦ ਕਹਿੰਦਿਆਂ ਕਿਸਾਨਾਂ ਨੂੰ ਖੇਤੀ ਸਬੰਧੀ ਸਮੱਸਿਆਵਾਂ ਲਈ ਖੇਤੀ ਮਾਹਿਰਾਂ ਨਾਲ ਜੁੜਨ ਦੀ ਅਪੀਲ ਕਰਦਿਆਂ ਆਪਣੇ ਬੱਚਿਆਂ ਨੂੰ ਖੇਤੀ ਸਿੱਖਿਆ ਹਾਸਲ ਕਰਵਾਉਣ ਲਈ ਪ੍ਰੇਰਿਤ ਕੀਤਾ ਤਾਂ ਜੋ ਆਉਣ ਵਾਲੀ ਪੀੜੀ ਖੇਤੀ ਧੰਦੇ ਨੂੰ ਵਿਗਿਆਨਕ ਲੀਹਾਂ ’ਤੇ ਤੋਰ ਕੇ ਪੰਜਾਬ ਨੂੰ ਹੋਰ ਵੀ ਖੁਸ਼ਹਾਲ ਬਣਾ ਸਕੇ।