ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ
ਐਨ.ਆਰ.ਆਈਜ਼. ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ
ਫ਼ਰੀਦਕੋਟ , 26 ਫਰਵਰੀ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸਰਕਾਰ ਵਲੋਂ ਪੰਜਾਬੀ ਪ੍ਰਵਾਸੀ ਭਾਰਤੀਆਂ ਦੇ ਮਸਲਿਆਂ ਤੇ ਸ਼ਿਕਾਇਤਾਂ ਦੇ ਉਚਿੱਤ ਨਿਪਟਾਰੇ ਲਈ ‘ਪੰਜਾਬੀ ਪ੍ਰਵਾਸੀ ਭਾਰਤੀਆਂ ਨਾਲ ਮਿਲਣੀ’ ਪ੍ਰੋਗਰਾਮ ਪੰਜਾਬ ਦੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀ ਪ੍ਰਧਾਨਗੀ ਹੇਠ ਸ਼ਹੀਦ ਭਗਤ ਸਿੰਘ ਸਟੇਟ ਯੂਨੀਵਰਸਿਟੀ ਫਿਰੋਜ਼ਪੁਰ ਵਿਖੇ 27 ਫਰਵਰੀ 2024 ਨੂੰ ਆਯੋਜਿਤ ਕੀਤਾ ਜਾ ਰਿਹਾ ਹੈ। ਇਹ ਸਬੰਧੀ ਹੋਰ ਜਾਣਕਾਰੀ ਸਾਂਝੀ ਕਰਦਿਆਂ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਨੇ ਦੱਸਿਆ ਕਿ ਇਸ ਮਿਲਣੀ ਵਿੱਚ ਕੈਬਨਿਟ ਮੰਤਰੀ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਟੀਮ ਵੱਲੋਂ ਫਰੀਦਕੋਟ, ਫਿਰੋਜ਼ਪੁਰ, ਮੋਗਾ, ਫਾਜ਼ਿਲਕਾ, ਮੁਕਤਸਰ ਸਾਹਿਬ ਅਤੇ ਤਰਨਤਾਰਨ ਜ਼ਿਲ੍ਹਿਆਂ ਨਾਲ ਸਬੰਧਿਤ ਪ੍ਰਵਾਸੀ ਭਾਰਤੀਆਂ ਦੀਆਂ ਸ਼ਿਕਾਇਤਾਂ ਤੇ ਮਸਲਿਆਂ ਨੂੰ ਸੁਣਿਆ ਜਾਵੇਗਾ ਅਤੇ ਮੌਕੇ ‘ਤੇ ਉਚਿੱਤ ਨਿਪਟਾਰਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਹ ਪ੍ਰੋਗਰਾਮ 27 ਫਰਵਰੀ ਨੂੰ ਸਵੇਰੇ 9.00 ਵਜੇ ਸ਼ੁਰੂ ਹੋਵੇਗਾ, ਜਿਸ ਉਪਰੰਤ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਐਨ.ਆਰ.ਆਈਜ਼. ਨਾਲ ਉਨ੍ਹਾਂ ਦੀਆਂ ਸ਼ਿਕਾਇਤਾਂ ਅਤੇ ਮਸਲਿਆਂ ਬਾਰੇ ਵਿਚਾਰ-ਵਟਾਂਦਰਾ ਕਰਨਗੇ ਅਤੇ ਮੌਕੇ ‘ਤੇ ਮੌਜੂਦ ਅਧਿਕਾਰੀਆਂ ਨੂੰ ਛੇਤੀ ਤੋਂ ਛੇਤੀ ਹੱਲ ਲਈ ਹੁਕਮ ਜਾਰੀ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਇਸ ਮਿਲਣੀ ਦੌਰਾਨ ਸਬੰਧਿਤ ਜ਼ਿਲ੍ਹਿਆਂ ਦੇ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਰਹਿਣਗੇ। ਡਿਪਟੀ ਕਮਿਸ਼ਨਰ ਨੇ ਫ਼ਰੀਦਕੋਟ ਜ਼ਿਲ੍ਹੇ ਨਾਲ ਸਬੰਧਤ ਪ੍ਰਵਾਸੀ ਭਾਰਤੀਆਂ ਨੂੰ ਐਨ.ਆਰ.ਆਈਜ਼. ਮਿਲਣੀ ਵਿਚ ਸ਼ਾਮਿਲ ਹੋ ਕੇ ਇਸ ਦਾ ਵੱਧ ਤੋਂ ਵੱਧ ਲਾਹਾ ਲੈਣ ਦੀ ਅਪੀਲ ਕੀਤੀ।
Leave a Comment
Your email address will not be published. Required fields are marked with *