ਬਠਿੰਡਾ, 20 ਫਰਵਰੀ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਮਾਨਯੋਗ ਨਾਲਸਾ, ਮਾਨਯੋਗ ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਹੁਕਮਾਂ ਅਤੇ ਸ੍ਰੀ ਸੁਮੀਤ ਮਲਹੋਤਰਾ, ਮਾਨਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਹੇਠ ਸਥਾਨਕ ਜ਼ਿਲ੍ਹਾ ਕਚਹਿਰੀ, ਸਬ-ਡਵੀਜ਼ਨ, ਫੂਲ ਅਤੇ ਤਲਵੰਡੀ ਸਾਬੋ ਵਿਖੇ 9 ਮਾਰਚ 2024 ਨੂੰ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾਵੇਗਾ।
ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਿਵਲ ਜੱਜ (ਸ.ਡ.)/ਸੀ.ਜੇ.ਐਮ.-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਬਠਿੰਡਾ ਸ੍ਰੀ ਸੁਰੇਸ਼ ਕੁਮਾਰ ਗੋਇਲ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਕੌਮੀ ਲੋਕ ਅਦਾਲਤ ਦਾ ਵੱਧ ਤੋਂ ਵੱਧ ਲਾਭ ਲੈਣ ਅਤੇ ਆਪਣੇ ਚੱਲ ਰਹੇ ਕੇਸਾਂ ਦਾ ਆਪਸੀ ਸੁਲਾਹ ਸਮਝੌਤੇ ਰਾਹੀਂ ਨਿਪਟਾਰਾ ਕਰਵਾਉਣ। ਇਸ ਤਰ੍ਹਾਂ ਕਰਨ ਨਾਲ ਦੋਵਾਂ ਧਿਰਾਂ ਦੇ ਧਨ ਅਤੇ ਸਮੇਂ ਦੀ ਬੱਚਤ ਹੋਵੇਗੀ ਅਤੇ ਆਪਸੀ ਭਾਈਚਾਰੇ ਵਿਚ ਵਾਧਾ ਹੋਵੇਗਾ।
ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਕਿਸੇ ਧਿਰ ਨੇ ਆਪਣੇ ਕੇਸ ਦਾ ਨਿਪਟਾਰਾ ਲੋਕ ਅਦਾਲਤਾਂ ਰਾਹੀਂ ਕਰਵਾਉਣਾ ਹੈ ਤਾਂ ਉਹ ਸਬੰਧਤ ਅਦਾਲਤ ਜਾਂ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਠਿੰਡਾ ਵਿਖੇ ਇੱਕ ਸਾਦਾ ਦਰਖਾਸਤ ਦੇ ਕੇ ਸਬੰਧਤ ਅਦਾਲਤ ਰਾਹੀਂ ਆਪਣੇ ਝਗੜੇ ਦਾ ਨਿਪਟਾਰਾ ਕਰਵਾ ਸਕਦੇ ਹਨ।