ਫਰੀਦਕੋਟ , 28 ਅਕਤੂਬਰ (ਵਰਲਡ ਪੰਜਾਬੀ ਟਾਈਮਜ਼)
ਜਿਲ੍ਹਾ ਫਰੀਦਕੋਟ ਵਿੱਚ ਝੋਨੇ ਦੀ ਪਰਾਲੀ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਜੀਰੋ ਪੱਧਰ ਤੇ ਲਿਆਉਣ ਦੇ ਟੀਚੇ ਦੀ ਪੂਰਤੀ ਲਈ ਜਿਲਾ ਪ੍ਰਸ਼ਾਸ਼ਨ ਵੱਲੋਂ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਫਰੀਦਕੋਟ ਜਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਅਮਰੀਕ ਸਿੰਘ ਨੇ ਬਲਾਕ ਕੋਟਕਪੂਰਾ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਕੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਖੇਤਾਂ ਵਿਚ ਸੰਭਾਲਣ ਲਈ ਪ੍ਰੇਰਿਤ ਕੀਤਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣੀਆਂ। ਪਿੰਡ ਜਿਉਣਵਾਲੇ ’ਚ ਕਿਸਾਨ ਜਗਦੇਵ ਸਿੰਘ ਦੇ ਖੇਤਾਂ ਵਿਚ ਸੁਪਰ ਐੱਸ.ਐੱਮ.ਐਸ. ਲੱਗੀ ਕੰਬਾਈਨ ਨਾਲ ਹੋ ਰਹੀ ਝੋਨੇ ਦੀ ਕਟਾਈ ਦਾ ਜਾਇਜਾ ਲਿਆ ਅਤੇ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ। ਕਿਸਾਨਾਂ ਨਾਲ ਗੱਲਬਾਤ ਕਰਦਿਆਂ ਵਧੀਕ ਮੁੱਖ ਖੇਤੀਬਾੜੀ ਅਫਸਰ ਨੇ ਦੱਸਿਆ ਕਿ ਝੋਨੇ ਦੀ ਪਰਾਲੀ ਅਤੇ ਹੋਰ ਫਸਲੀ ਰਹਿੰਦ ਖੂਹੰਦ ਨੂੰ ਖੇਤ ਵਿੱਚ ਸੰਭਾਲ ਕੇ ਫਸਲਾਂ ਕਾਸਤ ਕਰਨ ਨਾਲ ਹੋਣ ਵਾਲੇ ਫਾਇਦਿਆਂ ਨੂੰ ਮੁੱਖ ਰੱਖਦਿਆਂ ਕਿਸਾਨਾਂ ਵਿੱਚ ਸੁਪਰ ਐੱਸ.ਐੱਮ.ਐਸ. ਲੱਗੀ ਕੰਬਾਈਨ ਨਾਲ ਝੋਨੇਂ ਦੀ ਕਟਾਈ ਕਰਨ ਦੀ ਰੁਚੀ ਵੱਧ ਰਹੀ ਹੈ। ਉਨ੍ਹਾਂ ਦੱਸਿਆ ਕਿ ਡਿਪਟੀ ਕਮਿਸ਼ਨਰ ਵਿਨੀਤ ਕੁਮਾਰ ਦੀ ਅਗਵਾਈ ਹੇਠ ਜਿਲਾ ਪ੍ਰਸਾਸ਼ਨ ਵੱਲੋਂ ਚਲਾਈ ਜਾ ਰਹੀ ਮੁਹਿੰਮ ਤਹਿਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵੱਲੋਂ ਕਿਸਾਨਾਂ ਨੁੰ ਝੋਨੇ ਦੀ ਪਰਾਲੀ ਨੂੰ ਖੇਤਾਂ ਸੰਭਾਲਣ ਲਈ ਵਧੇਰੇ ਪ੍ਰੇਰਿਤ ਕੀਤਾ ਜਾ ਰਿਹਾ ਤਾਂ ਜੋ ਭਵਿਖ ਦੀ ਖੇਤੀ ਨੂੰ ਹੰਢਣਸਾਰ ਬਣਾਉਣ ਲਈ ਮਿੱਟੀ ਦੀ ਸਿਹਤ ’ਚ ਸੁਧਾਰ ਕੀਤਾ ਜਾ ਸਕੇ। ਉਨ੍ਹਾਂ ਦੱਸਿਆ ਕਿ ਜਿਲਾ ਫਰੀਦਕੋਟ ’ਚ ਕੰਬਾਈਨ ਹਾਰਵੈਸਟਰ ਉੱਪਰ ਸੁਪਰ ਐੱਸ.ਐੱਮ.ਐੱਸ. ਲਾਉਣਾ ਲਾਜਮੀ ਕੀਤਾ ਗਿਆ ਹੈ ਤਾਂ ਜੋ ਪਰਾਲੀ ਦੀ ਸੰਭਾਲ ਵਿਚ ਕੋਈ ਮੁਸਕਲ ਪੇਸ਼ ਨਾ ਆਵੇ।