ਚੈਕਿੰਗ ਦੌਰਾਨ 8 ਖਾਦਾਂ ਅਤੇ 2 ਕੀਟਨਾਸ਼ਕਾਂ ਦੇ ਸੈਂਪਲ ਭਰ ਕੇ ਪਰਖ ਲਈ ਪ੍ਰਯੋਗਸ਼ਾਲਾ ਨੂੰ ਭੇਜੇ
ਕੋਟਕਪੂਰਾ, 25 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਖ਼ੇਤੀਬਾੜੀ ਮੰਤਰੀ ਪੰਜਾਬ ਗੁਰਮੀਤ ਸਿੰਘ ਦੇ ਆਦੇਸ਼ਾਂ ’ਤੇ ਡਾਇਰੈਕਟਰ ਖ਼ੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਡਾ. ਜਸਵੰਤ ਸਿੰਘ ਵਲੋਂ ਭੇਜੀ ਰਾਜ ਪੱਧਰੀ ਟੀਮ ਵੱਲੋਂ ਫ਼ਰੀਦਕੋਟ ਅਤੇ ਕੋਟਕਪੂਰਾ ਵਿੱਚ ਖਾਦ ਅਤੇ ਕੀਟਨਾਸ਼ਕ ਵਿਕ੍ਰੇਤਾਵਾਂ ਦੇ ਕਾਰੋਬਾਰ ਨਾਲ ਸਬੰਧਤ ਗੋਦਾਮਾਂ ਅਤੇ ਦੁਕਾਨਾਂ ਦੀ ਚੈਕਿੰਗ ਕੀਤੀ ਗਈ। ਟੀਮ ਵਿਚ ਡਾ. ਗੁਰਦੀਪ ਸਿੰਘ ਡਿਪਟੀ ਡਾਇਰੈਕਟਰ (ਖੇਤੀਬਾੜੀ), ਡਾਕਟਰ ਗਿਰੀਸ਼ ਕੁਮਾਰ ਫ਼ਸਲ ਵਿਗਿਆਨੀ, ਡਾ. ਰਮਨਦੀਪ ਸਿੰਘ, ਡਾ. ਪਰਮਿੰਦਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਸਮੇਤ ਹੋਰ ਅਧਿਕਾਰੀ ਸ਼ਾਮਿਲ ਸਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਕਿਸਾਨਾਂ ਨੂੰ ਹਾੜੀ ਦੀਆਂ ਫਸਲਾਂ ਦੀ ਕਾਸ਼ਤ ਲਈ ਲੋੜੀਂਦੀਆਂ ਖਾਦਾਂ ਮੁਹੱਈਆ ਕਰਵਾਉਣ ਦੇ ਮੰਤਵ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀ ਟੀਮ ਵੱਲੋਂ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ, ਜਿਸ ਤਹਿਤ ਖਾਦਾਂ ਦੀ ਸੈਂਪਲਿੰਗ, ਕਾਲਾਬਜ਼ਾਰੀ ਅਤੇ ਜਮਾਂਖੋਰੀ ਰੋਕਣ ਲਈ ਦੁਕਾਨਾਂ ਅਤੇ ਗੋਦਾਮਾਂ ਦੀ ਨਿਰੰਤਰ ਚੈਕਿੰਗ ਕੀਤੀ ਜਾ ਰਹੀ ਹੈ। ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਉੱਚ ਪੱਧਰੀ ਟੀਮ ਵੱਲੋਂ ਬਲਾਕ ਫ਼ਰੀਦਕੋਟ ਅਤੇ ਕੋਟਕਪੂਰਾ ਵਿੱਚ ਕੀਤੀ ਚੈਕਿੰਗ ਦੌਰਾਨ 8 ਖਾਦਾਂ ਅਤੇ ਦੋ ਕੀਟਨਾਸ਼ਕਾਂ ਦੇ ਨਮੂਨੇ ਭਰ ਕੇ ਪ੍ਰੀਖਣ ਲਈ ਪ੍ਰਯੋਗਸ਼ਲਾਵਾਂ ਵਿੱਚ ਭੇਜ ਦਿੱਤੇ ਹਨ। ਉਹਨਾਂ ਦੱਸਿਆ ਕਿ ਚਾਲੂ ਸਾਲ ਦੌਰਾਨ ਹੁਣ ਤਕ 60 ਖਾਦਾਂ ਅਤੇ 56 ਕੀਟਨਾਸ਼ਕਾਂ ਦੇ ਸੈਂਪਲ ਭਰੇ ਜਾ ਚੁੱਕੇ ਹਨ, ਜਿਨ੍ਹਾਂ ਵਿੱਚੋਂ 2 ਖਾਦਾਂ ਅਤੇ 2 ਕੀਟਨਾਸ਼ਕਾਂ ਦੇ ਸੈਂਪਲ ਘੱਟ ਮਿਆਰ ਦੇ ਪਾਏ ਗਏ ਹਨ, ਜਿੰਨ੍ਹਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ। ਉਹਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਰੋਜ਼ਾਨਾ ਦੁਕਾਨ ’ਤੇ ਖਾਦ ਦਾ ਸਟਾਕ ਬੋਰਡ ਵਿੱਚ ਸਟਾਕ ਵਿੱਚ ਮੌਜੂਦ ਖਾਦ ਦੀ ਮਾਤਰਾ ਅਤੇ ਕੀਮਤ ਲਿਖੀ ਹੋਣੀ ਚਾਹੀਦੀ ਹੈ। ਉਨਾਂ ਦੱਸਿਆ ਕਿ ਕਣਕ ਦੀ ਕਾਸਤ ਤਕਰੀਬਨ 85 ਫੀਸਦੀ ਰਕਬੇ ਵਿੱਚ ਹੋ ਚੁੱਕੀ ਹੈ ਅਤੇ ਡੀ ਏ ਪੀ ਖਾਦ ਦਾ ਇੱਕ ਰੈਕ ਕੱਲ ਨੂੰ ਕੋਟਕਪੂਰਾ ਆ ਰਿਹਾ ਹੈ। ਜਿਸ ਨਾਲ ਬਾਕੀ ਰਹਿੰਦੀ ਕਣਕ ਦੀ ਬਿਜਾਈ ਮੁਕੰਮਲ ਹੋ ਜਾਵੇਗੀ। ਉਹਨਾਂ ਦੱਸਿਆ ਕਿ ਕਣਕ ਦੀ ਫ਼ਸਲ ਲਈ ਫਾਸਫੋਰਸ ਖੁਰਾਕੀ ਤੱਤ ਦੀ ਜ਼ਰੂਰਤ ਹੁੰਦੀ ਹੈ, ਜਿਸ ਦੀ ਪੂਰਤੀ ਲਈ ਕਿਸਾਨਾਂ ਵੱਲੋਂ ਡੀ ਏ ਪੀ ਖਾਦ ਦੀ ਬਿਜਾਈ ਸਮੇਂ ਵਰਤੋਂ ਕੀਤੀ ਜਾਂਦੀ ਹੈ। ਉਹਨਾਂ ਦੱਸਿਆ ਕਿ ਡੀ.ਏ.ਪੀ. ਖਾਦ ਦੇ ਬਦਲ ਵੱਜੋਂ ਕਿਸਾਨ ਖਾਦ ਅਤੇ ਟ੍ਰਿਪਲ ਸੁਪਰ ਫਾਸਫੇਟ ਖਾਦ, ਸਿੰਗਲ ਸੁਪਰ ਫਾਸਫੇਟ ਅਤੇ ਹੋਰ ਫਾਸਫੈਟਿਕ ਖਾਦਾਂ ਦੀ ਵੀ ਵਰਤੋਂ ਕੀਤੀ ਜਾ ਸਕਦੀ ਹੈ। ਉਨ੍ਹਾਂ ਦੱਸਿਆ ਕਿ ਟ੍ਰਿਪਲ ਸੁਪਰ ਫਾਸਫੇਟ ਵਿੱਚ ਡੀ ਏ ਪੀ ਵਾਂਗੂ 46% ਫਾਸਫੋਰਸ ਤੱਤ ਹੁੰਦਾ ਹੈ ਅਤੇ ਇਸ ਦੀ ਕੀਮਤ ਪ੍ਰਤੀ ਬੋਰੀ 1250/-ਰੁਪਏ ਹੈ, ਜਦ ਕਿ ਡੀ.ਏ.ਪੀ. ਦੀ ਕੀਮਤ ਪ੍ਰਤੀ ਬੈਗ 1350/-ਰੁਪਏ ਹੈ। ਉਨਾਂ ਦੱਸਿਆ ਕਿ ਕਿਸਾਨ ਖਾਦ (12:32:16) ਦੀ ਵਰਤੋਂ ਵੀ ਡੀ ਏ ਪੀ ਦੇ ਬਦਲ ਵੱਜੋਂ ਕੀਤੀ ਜਾ ਸਕਦੀ ਹੈ। ਉਨਾਂ ਖਾਦ ਵਿਕ੍ਰੇਤਾਵਾਂ ਨੂੰ ਹਦਾਇਤ ਕੀਤੀ ਕਿ ਪੌਸ ਮਸ਼ੀਨਾਂ ਵਿੱਚ ਮੌਜੂਦ ਵਿਕਰੀ ਕੀਤੀ ਖਾਦ ਦਾ ਸਟਾਕ ਨਾਲੋ ਨਾਲ ਨਿਲ ਕੀਤਾ ਜਾਵੇ ਅਤੇ ਇਹ ਯਕੀਨੀ ਬਣਾਇਆ ਜਾਵੇ ਕਿ ਪੌਸ ਮਸ਼ੀਨਾਂ ਅਤੇ ਦੁਕਾਨ ਤੇ ਅਣਵਿਕੀ ਖਾਦ ਦਾ ਸਟਾਕ ਇਕਸਾਰ ਹੋਵੇ। ਉਹਨਾਂ ਸਮੂਹ ਡੀਲਰਾਂ ਅਤੇ ਸਕੱਤਰ ਸਹਿਕਾਰੀ ਸਭਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਉਹ ਆਪਣੇ ਲਾਇਸੰਸ ਅਤੇ ਹੋਰ ਜਰੂਰੀ ਦਸਤਾਵੇਜ ਪੂਰੇ ਕਰਕੇ ਰੱਖਣ ਅਤੇ ਇਸ ਵਿੱਚ ਕਿਸੇ ਵੀ ਤਰ੍ਹਾ ਦੀ ਕੁਤਾਹੀ ਨਾ ਵਰਤੀ ਜਾਵੇ ਅਤੇ ਖਾਦ ਦੀ ਹੋਈ ਵਿਕਰੀ ਦਾ ਸਟਾਕ ਪੋਸ ਮਸ਼ੀਨਾਂ ’ਚੋਂ ਰੋਜਾਨਾ ਕਢਿਆ ਜਾਵੇ ਤਾਂ ਖਾਦ ਦੀ ਸਪਲਾਈ ਵਿਚ ਕੋਈ ਵਿਗਨ ਨਾ ਪਵੇ। ਉਹਨਾਂ ਕਿਹਾ ਕਿ ਡੀਲਰਾਂ/ਸਹਿਕਾਰੀ ਸਭਾਵਾਂ ਵੱਲੋਂ ਕਿਸਾਨਾਂ ਨੂੰ ਜੋ ਵੀ ਖੇਤੀ ਸਮੱਗਰੀ ਦੀ ਵਿਕਰੀ ਕੀਤੀ ਜਾਂਦੀ ਹੈ, ਉਸ ਦਾ ਪੱਕਾ ਬਿੱਲ ਕੱਟ ਕੇ ਦਿੱਤਾ ਜਾਵੇ ਅਤੇ ਕੇਵਲ ਲੋੜੀਂਦੀ ਸਮੱਗਰੀ ਹੀ ਕਿਸਾਨਾਂ ਨੂੰ ਵਿਕਰੀ ਕੀਤੀ ਜਾਵੇ ਅਤੇ ਕੋਈ ਹੋਰ ਬੇਲੋੜੀਆਂ ਵਸਤਾਂ ਕਿਸਾਨਾਂ ਨੂੰ ਨਾ ਦਿੱਤੀਆਂ ਜਾਣ। ਉਹਨਾਂ ਕਿਹਾ ਕਿ ਚੈਕਿੰਗ ਦੌਰਾਨ ਜੇਕਰ ਕੋਈ ਦੁਕਾਨਦਾਰ ਬਗੈਰ ਬਿੱਲ ਤੋਂ ਖਾਦ,ਦਵਾਈ ਜਾਂ ਬੀਜ ਵੇਚਦਾ ਪਾਇਆ ਗਿਆ ਤਾਂ ਉਸ ਵਿਰੁੱਧ ਖਾਦ ਕੰਟਰੋਲ ਆਰਡਰ 1985 ਤਹਿਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਹਨਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਖਾਦ, ਕੀਟਨਾਸ਼ਕ ਰਸਾਇਣ ਜਾਂ ਬੀਜ ਖ੍ਰੀਦਣ ਸਮੇਂ ਦੁਕਾਨਦਾਰ ਤੋਂ ਬਿੱਲ ਜ਼ਰੂਰ ਲੈਣ ਅਤੇ ਜੇਕਰ ਕੋਈ ਡੀਲਰ ਬਿੱਲ ਦੇਣ ਤੋਂ ਇਨਕਾਰੀ ਹੁੰਦਾ ਹੈ, ਤਾਂ ਉਸ ਦੀ ਲਿਖਤੀ ਤੌਰ ਤੇ ਸ਼ਿਕਾਇਤ ਸਬੰਧਤ ਖੇਤੀਬਾੜੀ ਅਧਿਕਾਰੀ ਜਾਂ ਮੁੱਖ ਖੇਤੀਬਾੜੀ ਅਫਸਰ ਨੂੰ ਕਰਨ।
Leave a Comment
Your email address will not be published. Required fields are marked with *