· ਸਵੇਰ ਤੋਂ ਸ਼ਾਮ ਤੱਕ ਖੇਤਾਂ ਚ ਲਗਾਤਾਰ ਨਿਗਰਾਨੀ ਰੱਖਣ ਅਧਿਕਾਰੀ
· ਪਰਾਲੀ ਪ੍ਰਬੰਧਨ ਚ ਨੰਬਰਦਾਰਾਂ ਦਾ ਲਿਆ ਜਾਵੇ ਸਹਿਯੋਗ
· ਰੋਜ਼ਾਨਾ ਸਮੀਖਿਆ ਬੈਠਕ ਦੌਰਾਨ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼
ਬਠਿੰਡਾ, 17 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪਰਾਲੀ ਪ੍ਰਬੰਧਨ ਸਬੰਧੀ ਸਭ ਤੋਂ ਜ਼ਿਆਦਾ ਪ੍ਰਭਾਵਿਤ ਖੇਤਰ ਚ ਅਧਿਕਾਰੀ ਜ਼ਮੀਨੀ ਪੱਧਰ ਤੇ ਸਵੇਰ ਤੋਂ ਸਾਮ ਤੱਕ ਖੇਤਾਂ ਵਿੱਚ ਰਹਿ ਕੇ ਇਹ ਯਕੀਨੀ ਬਣਾਉਣ ਕਿ ਕਿਸਾਨ ਪਰਾਲੀ ਪ੍ਰਬੰਧਨ ਲਈ ਆਧੁਨਿਕ ਮਸ਼ੀਨੀਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਤੇ ਰਹਿੰਦ-ਖੂੰਹਦ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ। ਇਹ ਆਦੇਸ਼ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਸਪੈਸ਼ਲ ਸੁਪਰਵਾਈਜ਼ਰਾਂ ਨਾਲ ਰੋਜ਼ਾਨਾ ਕੀਤੀ ਜਾਣ ਵਾਲੀ ਸਮੀਖਿਆ ਬੈਠਕ ਦੌਰਾਨ ਕੀਤਾ। ਇਸ ਦੌਰਾਨ ਉਨ੍ਹਾਂ ਅਧਿਕਾਰੀਆਂ ਨੂੰ ਲੋੜੀਂਦੀ ਦਿਸ਼ਾ-ਨਿਰਦੇਸ਼ ਵੀ ਦਿੱਤੇ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਲਗਭਗ 90-95 ਫ਼ੀਸਦੀ ਝੋਨੇ ਦੀ ਕਟਾਈ ਹੋ ਚੁੱਕੀ ਹੈ ਤੇ 15 ਫ਼ੀਸਦੀ ਪਰਾਲੀ ਸੰਭਾਲ ਅਧੀਨ ਹੈ। ਇਸ ਤੋਂ ਇਲਾਵਾ ਜ਼ਿਲ੍ਹੇ ਅੰਦਰ 3 ਲੱਖ ਮੀਟ੍ਰਿਕ ਟਨ ਤੋਂ ਵਧੇਰੇ ਪਰਾਲੀ ਦੀ ਸਟੋਰਏਜ਼ ਅਤੇ ਲਗਭਗ 25 ਹਜ਼ਾਰ ਮੀਟ੍ਰਿਕ ਟਨ ਬੇਲਿੰਗ ਹੋ ਚੁੱਕੀ ਹੈ ਜਿਸ ਨੂੰ ਜਲਦ ਸਟੋਰਏਜ਼ ਕੀਤਾ ਜਾ ਰਿਹਾ ਹੈ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਉਹ ਕਿਸਾਨਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਕਿ ਉਹ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਲਈ ਜ਼ਿਲ੍ਹੇ ਅੰਦਰ ਆਧੁਨਿਕ ਮਸ਼ੀਨਾਂ ਜਿਵੇਂ ਕਿ ਜ਼ੀਰੋ ਟਿਲ ਡਰਿੱਲ, ਐਚਆਰਐਮਬੀ ਪਲੌਗ, ਉਲਟਾਵੇ ਹਲ, ਮਲਚਰ, ਚੌਪਰ ਅਤੇ ਹੈਪੀ ਸੀਡਰਜ਼ ਆਦਿ ਲੋੜੀਂਦੀ ਮਾਤਰਾਂ ਚ ਮੌਜੂਦ ਹਨ, ਜਿਨ੍ਹਾਂ ਦੀ ਵਰਤੋਂ ਖੁੱਦ ਤੇ ਹੋਰਨਾਂ ਕਿਸਾਨਾਂ ਨੂੰ ਕਰਨ ਲਈ ਵੀ ਅਧਿਕਾਰੀ ਪ੍ਰੇਰਿਤ ਕਰਨ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਪਿੰਡ ਦੇ ਨੰਬਰਦਾਰਾਂ ਦਾ ਵੀ ਪਰਾਲੀ ਪ੍ਰਬੰਧਨ ਚ ਵੱਧ ਤੋਂ ਵੱਧ ਸਹਿਯੋਗ ਲਿਆ ਜਾਵੇ।
ਡਿਪਟੀ ਕਮਿਸ਼ਨਰ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਸੁਪਰਸੀਡਰ/ਸਮਾਰਟਸੀਡਰ ਪ੍ਰਾਪਤ ਕਰਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸ੍ਰੀ ਗੁਰਜੀਤ ਸਿੰਘ ਦੇ ਮੋਬਾਇਲ ਨੰਬਰ 90233-22977 ਤੇ ਸ਼੍ਰੀ ਸੁਖਦੀਪ ਸਿੰਘ ਦੇ ਮੋਬਾਇਲ ਨੰਬਰ 95306-88820 ‘ਤੇ ਸੰਪਰਕ ਕਰ ਸਕਦੇ ਹਨ।
ਡਿਪਟੀ ਕਮਿਸ਼ਨਰ ਨੇ ਇਹ ਵੀ ਦੱਸਿਆ ਕਿ ਸਿਵਲ ਤੇ ਪੁਲਿਸ ਪ੍ਰਸ਼ਾਸਨ ਵੱਲੋਂ ਨਿਰੰਤਰ ਕਿਸਾਨਾਂ ਨਾਲ ਰਾਬਤਾ ਰੱਖਦਿਆਂ ਉਨ੍ਹਾਂ ਨੂੰ ਪਰਾਲੀ ਨਾ ਸਾੜ ਕੇ ਇਸ ਦਾ ਉਚਿਤ ਪ੍ਰਬੰਧਨ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਸ ਤਹਿਤ ਪਿੰਡਾਂ ਦੇ ਬਹੁਤੇ ਅਗਾਂਹਵਧੂ ਕਿਸਾਨ ਖੇਤੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਨਿਪਟਾਰਾ ਕਰ ਰਹੇ ਹਨ।
ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਹੁਤੇ ਕਿਸਾਨ ਇਸ ਗੱਲ ਤੋਂ ਜਾਣੂ ਹੋ ਗਏ ਹਨ ਕਿ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਵਾਤਵਾਰਣ ਨੂੰ ਸੰਭਾਲਣ ਦੀ ਅਤਿ ਜ਼ਰੂਰੀ ਲੋੜ ਹੈ। ਇਸ ਲਈ ਉਹ ਖੇਤੀ ਦੀਆਂ ਨਵੀਆਂ ਤਕਨੀਕਾਂ ਨਾਲ ਜੁੜ ਕੇ ਵਾਤਾਵਰਣ ਪੱਖੀ ਕੰਮ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਦੂਜੇ ਕਿਸਾਨਾਂ ਨੂੰ ਵੀ ਇੰਨ੍ਹਾਂ ਸਫਲ ਕਿਸਾਨਾਂ ਤੋਂ ਪ੍ਰੇਰਨਾ ਲੈ ਕੇ ਵਾਤਾਵਰਣ ਦੇ ਰਾਖੇ ਬਣ ਕੇ ਖੇਤੀਬਾੜੀ ਦਾ ਕਿੱਤਾ ਕਰਨਾ ਚਾਹੀਦਾ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਮੈਡਮ ਲਵਜੀਤ ਕਲਸੀ ਤੋਂ ਇਲਾਵਾ ਸਪੈਸ਼ਲ ਸੁਪਰਵਾਈਜ਼ਰ ਆਦਿ ਹਾਜ਼ਰ ਸਨ।
Leave a Comment
Your email address will not be published. Required fields are marked with *