ਕੋਟਕਪੂਰਾ, 13 ਫ਼ਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਸ਼ੇਸ਼ ਉਪਰਾਲੇ ਸਦਕਾ ਲੋਕਾਂ ਨੂੰ ਸਰਕਾਰੀ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਉਨ੍ਹਾਂ ਦੀਆਂ ਬਰੂਹਾਂ ’ਤੇ ਹੀ ਮਿਲਣੀਆਂ ਸ਼ੁਰੂ ਹੋ ਗਈਆਂ ਹਨ। ‘ਆਪ ਦੀ ਸਰਕਾਰ, ਆਪ ਦੇ ਦੁਆਰ’ ਸਕੀਮ ਤਹਿਤ ਵੱਖ-ਵੱਖ ਪਿੰਡਾਂ ਵਿੱਚ ਅਤੇ ਸ਼ਹਿਰਾਂ ਦੇ ਵਾਰਡਾਂ ’ਚ ਵਿਸ਼ੇਸ ਕੈਂਪ ਲਾਏ ਜਾ ਰਹੇ ਹਨ, ਜਿਸ ਨਾਲ ਲੋਕਾਂ ਨੂੰ ਘਰ ਬੈਠਿਆਂ ਹੀ ਆਪਣੇ ਕੰਮ ਕਰਵਾਉਣ ਦੀ ਸਹੂਲਤ ਦਿੱਤੀ ਜਾ ਰਹੀ ਹੈ। ਇੰਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸ.ਗਗਨਦੀਪ ਧਾਲੀਵਾਲ ਵਾਈਸ ਪ੍ਰਧਾਨ ਯੂਥ ਵਿੰਗ ਆਪ ਨੇ ਜ਼ਿਲ੍ਹੇ ਵਿੱਚ ਲੱਗੇ ਕੈਂਪਾਂ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ 43 ਡੋਰ-ਟੂ-ਡੋਰ ਸੇਵਾਵਾਂ ਕੈਂਪਾਂ ਵਿੱਚ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਅਤੇ ਪ੍ਰਸ਼ਾਸਨ ਵੱਲੋਂ ਜ਼ਮੀਨੀ ਪੱਧਰ ਤੱਕ ਸਰਕਾਰੀ ਸੁਵਿਧਾਵਾਂ ਮੁਹੱਈਆ ਕਰਵਾਉਣ ਵਿਚ ਕੋਈ ਵੀ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਘਰ ਨੇੜੇ ਲੱਗਣ ਵਾਲੇ ਸੁਵਿਧਾ ਕੈਂਪ ਵਿੱਚ ਪਹੁੰਚ ਕੇ ਵੱਧ ਤੋਂ ਵੱਧ ਲਾਹਾ ਲੈਣ।