ਆਦੇਸ਼ 27 ਅਕਤੂਬਰ 2024 ਤੱਕ ਲਾਗੂ ਰਹਿਣਗੇ- ਜ਼ਿਲ੍ਹਾ ਮੈਜਿਸਟ੍ਰੇਟ
ਫਰੀਦਕੋਟ , 5 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਜ਼ਿਲ੍ਹਾ ਮੈਜਿਸਟ੍ਰੇਟ ਫਰੀਦਕੋਟ ਸ੍ਰੀ ਵਿਨੀਤ ਕੁਮਾਰ ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ ਜਿਲਾ ਫਰੀਦਕੋਟ ‘ਚ ਪਾਬੰਦੀਆਂ ਦੇ ਹੁਕਮ ਜਾਰੀ ਕੀਤੇ ਹਨ । ਇਹ ਹੁਕਮ 27 ਅਕਤੂਬਰ 2024 ਤੱਕ ਲਾਗੂ ਰਹਿਣਗੇ।
*ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ*
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀਆਂ ਸੀਮਾਵਾਂ ਅੰਦਰ ਲਾਊਡ ਸਪੀਕਰ ਲਾਉਣ ‘ਤੇ ਪਾਬੰਦੀ ਲਗਾਈ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜਜ਼) ਐਕਟ 1956 ਤਹਿਤ ਕੋਈ ਵੀ ਵਿਅਕਤੀ ਬਿਨਾ ਪ੍ਰਵਾਨਗੀ ਦੇ ਰਾਤ 10 ਵਜੇ ਤੋਂ ਸਵੇਰੇ 06 ਵਜੇ ਤੱਕ ਬਿਨਾ ਪ੍ਰਵਾਨਗੀ ਦੇ ਲਾਊਡ ਸਪੀਕਰ ਨਹੀਂ ਚਲਾ ਸਕਦਾ। ਉਨ੍ਹਾਂ ਦੱਸਿਆ ਕਿ ਖਾਸ ਹਾਲਤਾਂ ਅਤੇ ਮੌਕਿਆਂ ਸਮੇਂ ਪ੍ਰਬੰਧਕ ਸਬੰਧਤ ਉਪ ਮੰਡਲ ਮੈਜਿਸਟਰੇਟਾਂ ਪਾਸੋਂ ਪੰਜਾਬ ਇੰਸਟਰੂਮੈਂਟ (ਕੰਟਰੋਲ ਆਫ ਨੋਆਇਜ਼ਜ਼) ਐਕਟ 1956 ਵਿੱਚ ਦਰਜ ਸ਼ਰਤਾਂ ਸਹਿਤ ਲਿਖਤੀ ਪ੍ਰਵਾਨਗੀ ਲੈਣ ਉਪਰੰਤ ਹੀ ਲਾਊਡ ਸਪੀਕਰਾਂ ਦਾ ਇਸਤੇਮਾਲ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿੱਚ ਪਬਲਿਕ ਵੱਲੋਂ ਕਲਚਰਲ ਅਤੇ ਧਾਰਮਿਕ ਜਾਂ ਖੁਸ਼ੀ ਦੇ ਸਮਾਗਮਾਂ ਸਮੇਂ ਲਾਊਡ ਸਪੀਕਰਾਂ ਦੀ ਵਰਤੋਂ ਕੀਤੀ ਜਾਂਦੀ ਹੈ। ਜਿਸ ਦੀ ਵਰਤੋਂ ਸਦਕਾ ਲੋਕ ਸ਼ਾਂਤੀ ਭੰਗ ਹੁੰਦੀ ਹੈ। ਇਸ ਸਭ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ ਨੇ ਲਾਊਡ ਸਪੀਕਰ ਦੀ ਵਰਤੋਂ ‘ਤੇ ਪਾਬੰਦੀ ਲਗਾਈ ਹੈ । ਇਹ ਪਾਬੰਦੀ 27 ਅਕਤੂਬਰ 2024 ਤੱਕ ਲਾਗੂ ਰਹੇਗੀ।
*ਨਜਾਇਜ਼ ਕਬਜਿਆਂ ਤੇ ਪਾਬੰਦੀ*
ਇਸ ਤੋਂ ਇਲਾਵਾ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਕਿਸੇ ਵੀ ਵਿਅਕਤੀ ਵੱਲੋਂ ਸਰਕਾਰੀ ਰਸਤੇ/ਸੜਕਾਂ ਦੀ ਜ਼ਮੀਨ ‘ਤੇ ਨਜਾਇਜ਼ ਕਬਜਾ ਕਰਨ ‘ਤੇ ਵੀ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਹੁਕਮ ਦੀ ਉਲੰਘਣਾ ਕਰਨ ਵਾਲੇ ਵਿਰੁੱਧ ਧਾਰਾ 223 ਬੀ.ਐਨ.ਐਸ ਤਹਿਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
*ਤੰਬਾਕੂ ਵੇਚਣ ਤੇ ਪਾਬੰਦੀ*
ਜ਼ਿਲ੍ਹਾ ਮੈਜਿਸਟ੍ਰੇਟ ਨੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਵਿਦਿਅਕ ਸੰਸਥਾਵਾਂ ਦੇ ਦੁਆਲੇ 100 ਮੀਟਰ ਦੇ ਘੇਰੇ ਅੰਦਰ ਤੰਬਾਕੂ ਰੱਖਣ ਅਤੇ 18 ਸਾਲ ਤੋਂ ਘੱਟ ਉਮਰ ਵਾਲੇ ਵਿਅਕਤੀ ਨੂੰ ਵੇਚਣ ਅਤੇ ਵਰਤੋਂ ਕਰਨ ‘ਤੇ ਮੁਕੰਮਲ ਪਾਬੰਦੀ ਲਗਾਈ ਹੈ। ਉਨ੍ਹਾਂ ਕਿਹਾ ਕਿ ਤੰਬਾਕੂ ਦੀ ਵਰਤੋਂ ਵਿਅਕਤੀ ਦੇ ਸਰੀਰ ਨੂੰ ਨੁਕਸਾਨ ਪਹੁੰਚਾਉਂਦੀ ਹੈ ਜਿਸ ਨਾਲ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ ‘ਤੇ ਰੋਗੀ ਹੋ ਜਾਂਦਾ ਹੈ। ਇਹ ਪਾਬੰਦੀ 27 ਅਕਤੂਬਰ 2024 ਤੱਕ ਲਾਗੂ ਰਹੇਗੀ।
*ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਆਦਿ ਦੇ ਅੱਗੇ-ਪਿੱਛੇ ਲਾਈਟਾਂ ਨਹੀਂ, ਰਿਫਲੈਕਟਰ ਤੋਂ ਬਿਨਾਂ ਚੱਲਣ ‘ਤੇ ਰੋਕ*
ਇਸੇ ਤਰਾਂ ਸਾਈਕਲ, ਰਿਕਸ਼ਾ, ਟਰੈਕਟਰ-ਟਰਾਲੀ, ਰੇਹੜੀ ਅਤੇ ਅਜਿਹੀਆਂ ਹੀ ਹੋਰ ਗੱਡੀਆਂ ਜਿਨ੍ਹਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਚਮਕਦਾਰ ਟੇਪ ਤੋਂ ਬਿਨਾਂ ਚੱਲਣ ‘ਤੇ ਰੋਕ ਲਗਾਈ ਗਈ ਹੈ। ਜ਼ਿਲ੍ਹਾ ਮੈਜਿਸਟ੍ਰੇਟ ਨੇ ਕਿਹਾ ਕਿ ਅਜਿਹੇ ਵਾਹਨ ਅਕਸਰ ਐਕਸੀਡੈਂਟਾਂ ਦਾ ਕਾਰਣ ਬਣਦੇ ਹਨ। ਇਸ ਨਾਲ ਜਿੱਥੇ ਮਾਲੀ ਤੇ ਜਾਨੀ ਨੁਕਸਾਨ ਹੁੰਦਾ ਹੈ, ਉੱਥੇ ਕਈ ਵਾਰ ਆਮ ਜਨਤਾ ਵਿੱਚ ਅਸ਼ਾਂਤੀ ਅਤੇ ਅਮਨ ਭੰਗ ਹੋਣ ਦਾ ਖਤਰਾ ਪੈਦਾ ਹੋਣ ਦੀ ਸੰਭਾਵਨਾ ਬਣੀ ਰਹਿੰਦੀ ਹੈ। ਇਸ ਲਈ ਇੰਨਾਂ ਦੇ ਅੱਗੇ-ਪਿੱਛੇ ਲਾਲ ਰੰਗ ਦੇ ਰਿਫਲੈਕਟਰ ਜਾਂ ਕੋਈ ਆਈ ਗਲਾਸ ਜਾਂ ਚਮਕਦਾਰ ਟੇਪ ਫਿੱਟ ਕਰਵਾਏ ਬਿਨਾਂ ਚਲਾਉਣ ਦੀ ਮਨਾਹੀ ਹੋਵੇਗੀ। ਇਹ ਪਾਬੰਦੀ 27 ਅਕਤੂਬਰ 2024 ਤੱਕ ਲਾਗੂ ਰਹੇਗੀ।
*ਅਸਲਾ ਡੱਬ ਵਿੱਚ ਛੁਪਾ ਕੇ ਚੱਲਣ ‘ਤੇ ਪਾਬੰਦੀ*
ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਜ਼ਿਲ੍ਹੇ ‘ਚ ਅਮਨ ਕਾਨੂੰਨ ਦੀ ਸਥਿਤੀ ਬਣਾਏ ਰੱਖਣ ਦੇ ਮੱਦੇਨਜ਼ਰ ਜਿਲਾ ਫਰੀਦਕੋਟ ਦੇ ਡਿਪਟੀ ਕਮਿਸ਼ਨਰ, ਐਸ.ਐਸ.ਪੀ, ਸਮੂਹ ਉਪ ਮੰਡਲ ਮੈਜਿਸਟ੍ਰੇਟ ਅਤੇ ਜੁਡੀਸ਼ੀਅਲ ਕੰਪਲੈਕਸ ਦੇ ਦਫਤਰਾਂ ਦੀ ਬਾਉਂਡਰੀ ਦੇ ਅੰਦਰ ਅਤੇ ਜਨਤਕ ਥਾਵਾਂ ਜਿਵੇਂ ਕਿ ਮੈਰਿਜ ਪੈਲੇਸ, ਹੋਟਲ ਸਰਾਂ, ਢਾਬਿਆਂ, ਹਸਪਤਾਲਾਂ ਆਦਿ ਅਤੇ ਭੀੜ ਵਾਲੇ ਇਲਾਕਿਆਂ, ਧਾਰਮਿਕ ਸਥਾਨਾਂ ਤੇ ਮੇਲਿਆਂ ਆਦਿ ਵਿਖੇ ਲਾਇਸੰਸੀ ਹਥਿਆਰ ਲਿਜਾਣ ਅਤੇ ਪ੍ਰਦਰਸ਼ਨ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ ਅਤੇ ਇਸ ਦੇ ਨਾਲ ਹੀ ਪੂਰੇ ਜ਼ਿਲ੍ਹਾ ਫਰੀਦਕੋਟ ਦੀ ਹਦੂਦ ਅੰਦਰ ਅਸਲਾ ਲਾਇਸੰਸ ਹੋਲਡਰ ਵੱਲੋਂ ਅਸਲਾ ਡੱਬ ਵਿੱਚ ਛੁਪਾ ਕੇ ਚੱਲਣ ਤੇ ਵੀ ਪਾਬੰਦੀ ਲਗਾਈ ਹੈ ਕੋਈ ਵੀ ਅਸਲਾ ਲਾਇਸੈਂਸ ਹੋਲਡਰ ਜੇਕਰ ਅਸਲਾ ਨਾਲ ਲੈ ਕੇ ਚੱਲਣਾ ਚਾਹੁੰਦੇ ਹਨ, ਤਾਂ ਉਨਾਂ ਦਾ ਅਸਲਾ ਬੈਲਟ ਲਗਾ ਕੇ ਕਵਰ ਵਿਚ ਹੋਣਾ ਚਾਹੀਦਾ ਹੈ ਅਤੇ ਨਜ਼ਰ ਆਉਣਾ ਚਾਹੀਦਾ ਹੈ, ਤਾਂ ਕਿ ਛੁਪਾ ਕੇ ਬਿਨਾ ਲਾਈਸੈਂਸ ਅਸਲਾ ਰੱਖਣ ਵਾਲਿਆਂ ਨੂੰ ਕਾਬੂ ਕੀਤਾ ਜਾ ਸਕੇ। ਇਸ ਦੇ ਨਾਲ ਹੀ ਨੰਗੀਆਂ ਤਲਵਾਰਾਂ, ਬਰਸ਼ੇ ਅਤੇ ਕਿਸੇ ਵੀ ਤਰਾਂ ਦੇ ਤੇਜ਼ਧਾਰ ਹਥਿਆਰ ਲੈ ਕੇ ਚੱਲਣ ਅਤੇ ਪ੍ਰਦਰਸ਼ਨ ‘ਤੇ ਵੀ ਪਾਬੰਦੀ ਲਗਾਈ ਗਈ ਹੈ । ਇਹ ਪਾਬੰਦੀ 27 ਅਕਤੂਬਰ 2024 ਤੱਕ ਲਾਗੂ ਰਹੇਗੀ।
Leave a Comment
Your email address will not be published. Required fields are marked with *