ਕੋਟਕਪੂਰਾ, 4 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਨਯੋਗ ਸੁਪਰੀਮ ਕੋਰਟ, ਰਾਸ਼ਟਰੀ ਗਰੀਨ ਟ੍ਰਿਬਿਊਨਲ ਅਤੇ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਵਾਤਾਵਰਨ ਦੀ ਸੰਭਾਲ ਲਈ ਆਉਣ ਵਾਲੇ ਝੋਨੇ ਦੇ ਸੀਜ਼ਨ ਦੌਰਾਨ ਕਟਾਈ ਉਪਰੰਤ ਪਰਾਲੀ ਤੇ ਹੋਰ ਰਹਿੰਦ ਖੁੰਹਦ ਨੂੰ ਅੱਗ ਨਾ ਗਾਉਣ ਸਬੰਧੀ ਜਿਲ੍ਹਾ ਵਾਸੀਆਂ ਨੂੰ ਜਾਗਰੂਕ ਕਰਨ ’ਤੇ ਹਦਾਇਤਾਂ ਨੂੰ ਇੰਨ-ਬਿੰਨ ਲਾਗੂ ਕਰਨ ਲਈ ਡਾ. ਵਰੁਣ ਕੁਮਾਰ ਐਸ.ਡੀ.ਐਮ. ਫਰੀਦਕੋਟ ਦੀ ਪ੍ਰਧਾਨਗੀ ਹੇਠ ਅਸ਼ੋਕ ਚੱਕਰ ਹਾਲ ਵਿਖੇ ਸਮੂਹ ਕਲੱਸਟਰ ਅਫਸਰਾਂ ਨਾਲ ਮੀਟਿੰਗ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਐੱਸ.ਡੀ.ਐਮ. ਜੈਤੋ ਸੂਰਜ ਕੁਮਾਰ, ਸਹਾਇਕ ਕਮਿਸ਼ਨਰ ਫਰੀਦਕੋਟ ਗੁਰਕਿਰਨਦੀਪ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਸਨ। ਇਸ ਮੌਕੇ ਮੇਜ਼ਰ ਵਰੁਣ ਕੁਮਾਰ ਨੇ ਸਮੂਹ ਕਲੱਸਟਰ ਅਫਸਰਾਂ ਨੂੰ ਕਿਹਾ ਕਿ ਝੋਨੇ ਦੀ ਕਟਾਈ ਵਾਲੇ ਸਮੇਂ ਉਨ੍ਹਾਂ ਵੱਲੋਂ ਆਪਣੀ ਡਿਊਟੀ ਤਨਦੇਹੀ ਨਾਲ ਨਿਭਾਈ ਜਾਵੇ ਅਤੇ ਕਿਸੇ ਤਰ੍ਹਾਂ ਦੀ ਵੀ ਅਣਗਹਿਲੀ ਨਾ ਕੀਤੀ ਜਾਵੇ। ਇਸ ਸਬੰਧੀ ਵੱਧ ਤੋਂ ਵੱਧ ਲੋਕਾਂ/ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਸਮੇਂ-ਸਮੇਂ ਦੌਰਾਨ ਨੋਡਲ ਅਫਸਰਾਂ ਅਤੇ ਕਲੱਸਟਰ ਅਫਸਰਾਂ ਵੱਲੋਂ ਖੇਤਾਂ ਦਾ ਦੌਰਾ ਕੀਤਾ ਜਾਵੇ ਅਤੇ ਜੇਕਰ ਕੋਈ ਕਿਸਾਨ ਝੋਨੇ ਦੀ ਪਰਾਲੀ ਨੂੰ ਅੱਗ ਲਾਉਂਦਾ ਪਾਇਆ ਗਿਆ ਤਾਂ ਉਸ ਵਿਰੁੱਧ ਬਣਦੀ ਕਾਨੂੰਨੀ ਕਾਰਵਾਈ ਤੁਰਤ ਅਮਲ ਵਿੱਚ ਲਿਆਂਦੀ ਜਾਵੇ। ਇਸ ਤੋਂ ਇਲਾਵਾ ਸਬੰਧਤ ਪਿੰਡਾਂ ਦੇ ਨੋਡਲ ਅਫਸਰ ਨਿੱਜੀ ਤੌਰ ਤੇ ਫੋਨ ਰਾਹੀਂ ਕਿਸਾਨਾਂ ਨਾਲ ਰਾਬਤਾ ਕਾਇਮ ਕਰਕੇ ਉਹਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਾਉਣ ਸਬੰਧੀ ਪ੍ਰੇਰਿਤ ਕਰਨਗੇ। ਉਹਨਾਂ ਕਿਹਾ ਕਿ ਪਿਛਲੇ ਸਾਲ ਦੇ ਮੁਕਾਬਲੇ ਇਸ ਸਾਲ ਅੱਗ ਦੇ ਸਪਾਟ ਘਟਾਉਣ ਜਾਂ ਨਾ ਮਾਤਰ ਕਰਨ ਲਈ ਹਰ ਸੰਭਵ ਕੋਸਿਸ਼ ਕਰਨੀ ਯਕੀਨੀ ਬਣਾਈ ਜਾਵੇ। ਇਸ ਮੌਕੇ ਉਨ੍ਹਾਂ ਸਮੂਹ ਵਿਭਾਗਾਂ/ਕਲੱਸਟਰ ਅਧਿਕਾਰੀਆਂ ਨੂੰ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਇਸ ਨੂੰ ਖੇਤ ਵਿੱਚ ਰਲਾਉਣ ਜਾਂ ਤੂੜੀ ਬਣਾਉਣ ਲਈ ਪ੍ਰੇਰਿਤ ਕਰਨ ਲਈ ਕਿਹਾ। ਇਸ ਤੋਂ ਇਲਾਵਾ ਉਹਨਾਂ ਦੱਸਿਆ ਕਿ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਫਰੀਦਕੋਟ ਦੇ ਅਧਿਕਾਰੀਆਂ ਵੱਲੋਂ ਕਿਸਾਨ ਸਿਖਲਾਈ ਕੈਂਪਾਂ, ਨੁੱਕੜ ਮੀਟਿੰਗਾਂ, ਖੇਤ ਦਿਵਸ ਅਤੇ ਸੋਸ਼ਲ ਮੀਡੀਆ ਰਾਹੀਂ ਵੀ ਕਿਸਾਨਾਂ ਨੂੰ ਝੋਨੇ ਦੇ ਨਾੜ ਨੂੰ ਅੱਗ ਨਾ ਲਾਉਣ ਸਬੰਧੀ ਮੁਹਿੰਮ ਚਲਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ। ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਫਰੀਦੋਕਟ ਕੁਲਵੰਤ ਸਿੰਘ, ਸ਼ੁਭਕਰਮਨ ਸਿੰਘ ਸਹਾਇਕ ਵਾਤਾਵਰਨ ਇੰਜੀਨੀਅਰ, ਬਿਕਰਮਜੀਤ ਸਿੰਘ ਸਹਾਇਕ ਵਾਤਾਵਰਨ ਇੰਜੀਨੀਅਰ ਪੰਜਾਬ ਪ੍ਰਦੂਸ਼ਣ ਰੋਕਥਾਮ ਬੋਰਡ, ਸਰਬਜੀਤ ਸਿੰਘ ਵਣ ਬਲਾਕ ਅਫ਼ਸਰ, ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਲਖਵੀਰ ਸਿੰਘ, ਦਿਲਬਾਗ ਸਿੰਘ ਬੀਡੀਪੀਓ ਕੋਟਕਪੂਰਾ, ਸੁਖਬੀਰ ਸਿੰਘ ਐਸਡੀਓ ਪੀ.ਐਸ.ਪੀ.ਸੀ.ਐਲ ਇਸ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਵੀ ਹਾਜਰ ਸਨ।