▪️ਕਰਤਾਰ ਸਿੰਘ ਬਲੱਗਣ
ਠੰਢੇ ਬੁਰਜ ਵਿਚ ਇੱਕ ਦਿਨ ਦਾਦੀ ਮਾਤਾ,
ਪਈ ਹੱਸ ਹੱਸ ਬੱਚਿਆਂ ਨੂੰ ਤੋਰੇ ।
ਨਾਲੇ ਦੇਵੇ ਪਈ ਤਸੱਲੀਆਂ, ਮਾਸੂਮਾਂ ਨੂੰ,
ਜਿੰਦੇ ਨੀ
ਨਾਲੇ ਵਿੱਚੇ ਵਿਚ ਆਂਦਰਾਂ ਨੂੰ ਖ਼ੋਰੇ ।
ਮੂੰਹੋਂ ਆਖੇ ਮੇਰੇ ਫੁੱਲੋ ਵੇ ਤੁਹਾਨੂੰ,
ਤੱਤੀ ਵਾਅ ਪੱਤਝੜ ਦੀ ਨਾ ਲੱਗੇ ।
ਨਾਲੇ ਚੁੰਮ ਚੁੰਮ ਮੂੰਹ ਮੀਟੇ ਕਲੀਆਂ ਦੇ
ਲਾਵੇ ਮੌਤ ਮਰ ਜਾਣੀ ਦੇ ਪਈ ਅੱਗੇ ।
ਆਖੇ ਮੰਜ਼ਿਲਾਂ ਦੁਰਾਡੀਆਂ ਦੇ ਰਾਹੀਓ,
ਪੰਧ ਬਿਖੜੇ ‘ਚ ਨਹੀਂ ਜੇ ਘਬਰਾਣਾ ।
ਮਿਲਦਾ ਸਮਾਂ ਨਹੀਂ ਜੇ ਲੱਖੀਂ ਤੇ ਕਰੋੜੀਂ,
ਹੱਥ ਆਇਆ ਹੈ ਤੇ ਇਹਨੂੰ ਨਹੀਂ ਗਵਾਣਾ ।
ਮੇਰੇ ਸੋਹਣੇ ਦਸਮੇਸ਼ ਦਿਓ ਹੀਰਿਓ,
ਮੁੱਲ ਤੇਗਾਂ ਉੱਤੇ ਆਪਣਾ ਪਵਾਣਾ ।
ਚਿੱਟੀ ਉੱਜਲੀ ਹੈ ਪੱਗ ਤੁਹਾਡੇ ਬਾਬੇ ਦੀ,
ਮੇਰੇ ਬੱਚਿਓ ਨਾ ਦਾਗ ਕਿਧਰੇ ਲਾਣਾ ।
ਜੇ ਕੋਈ ਮਾਰੇ ਮੌਤ ਚੰਦਰੀ ਦਾ ਦਾਬਾ,
ਉਹਨੂੰ ਕਹਿਣਾ ਇਹ ਤਾਂ ਸਾਡੇ ਘਰ ਦੀ ਗੋਲੀ ।
ਅਸਾਂ ਬੰਨ੍ਹ ਕੇ ਸ਼ਹੀਦੀਆਂ ਦੇ ਗਾਨੇ,
ਏਸੇ ਮੌਤ ਦੀ ਲਿਆਉਣੀ ਅੱਜ ਡੋਲੀ ।
ਜੇ ਕੋਈ ਫਾਂਸੀ ਵਾਲਾ ਡਰ ਭੈੜਾ ਦੱਸੇ,
ਉਹਨੂੰ ਕਹਿਣਾ ਇਹ ਜ਼ਿੰਦਗੀ ਦੀ ਬੂਟੀ ।
ਇਹ ਪੀਂਘ ਮਨਸੂਰਾਂ ਦੀ ਪੁਰਾਣੀ,
ਸਾਡੇ ਵੱਡਿਆਂ ਨੇ ਲੱਖਾਂ ਵਾਰੀ ਝੂਟੀ।
Leave a Comment
Your email address will not be published. Required fields are marked with *