
ਕੋਟਕਪੂਰਾ, 14 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮਾਨਯੋਗ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਜੀ ਦੀਆਂ ਹਦਾਇਤਾਂ ਅਨੁਸਾਰ ਵਿਦਿਆਰਥੀਆਂ ਨੂੰ ਐਮਰਜੈਂਸੀ ਹਾਲਾਤਾਂ ਦੌਰਾਨ ਸੁਰੱਖਿਆ ਅਤੇ ਸਾਵਧਾਨੀ ਪ੍ਰਤੀ ਜਾਗਰੂਕ ਕਰਨ ਦੇ ਉਦੇਸ਼ ਨਾਲ ਡੀ ਸੀ ਐਮ ਇੰਟਰਨੈਸ਼ਨਲ ਸਕੂਲ ਕੋਟਕਪੂਰਾ ਵਿਖੇ ਸਿਵਲ ਡਿਫੈਂਸ ਵਲੰਟੀਅਰਾਂ ਦੀ ਪੂਰੀ ਟੀਮ, ਸਟੋਰ ਸੁਪਰਡੈਂਟ ਨਿਰਮਲ ਸਿੰਘ, ਲਵਿਸ਼ ਸੁਬਇੰਸਪੈਕਟਰ, ਇੰਸਟੈਂਡ ਅਫਸਰ ਰਾਜਨ ਜੈਨ, ਚੀਫ ਵਾਰਡਨ ਰਿਸ਼ੀ ਪਲਟਾ, ਡਿਪਟੀ ਚੀਫ ਵਾਰਡਨ ਰਾਜੀਵ ਮਲਿਕ, ਪੋਸਟ ਵਾਰਡਨ ਪਰਾਗਰਾਜ, ਬਲਜਿੰਦਰ ਬੱਲੀ, ਡਿਪਟੀ ਪੋਸਟ ਵਾਰਡਨ ਬ੍ਰਿਜ ਮੋਹਨ ਮਿੱਤਲ, ਸਿਵਲ ਡਿਫੈਂਸ ਨੇ ਆਓ ਮਿਲ ਕੇ ਨਾਗਰਿਕ ਸੁਰੱਖਿਆ ਨੂੰ ਮਜਬੂਤ ਬਣਾਈਏ ਤਹਿਤ ਤਿੰਨ ਦਿਨ ਇੱਕ ਵਿਸ਼ੇਸ਼ ਜਾਗਰੂਕਤਾ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਕੈਂਪ ਦੌਰਾਨ ਵਿਦਿਆਰਥੀਆਂ ਨੂੰ ਕੁਦਰਤੀ ਆਫ਼ਤਾਂ, ਅੱਗ ਲੱਗਣ ਦੀਆਂ ਘਟਨਾਵਾਂ, ਸੜਕ ਹਾਦਸਿਆਂ ਅਤੇ ਹੋਰ ਐਮਰਜੈਂਸੀ ਸਥਿਤੀਆਂ ਸਮੇਂ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਅਪਣਾਏ ਜਾਣ ਵਾਲੇ ਤਰੀਕਿਆਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ। ਸਿਵਲ ਡਿਫੈਂਸ ਟੀਮ ਦੇ ਮੈਂਬਰਾਂ ਨੇ ਵਿਦਿਆਰਥੀਆਂ ਨੂੰ ਫਸਟ ਏਡ ਦੀ ਮਹੱਤਤਾ ਬਾਰੇ ਦੱਸਦਿਆਂ ਕਿਹਾ ਕਿ ਸਮੇਂ ਸਿਰ ਦਿੱਤੀ ਗਈ ਮਦਦ ਕਿਸੇ ਦੀ ਜਾਨ ਬਚਾ ਸਕਦੀ ਹੈ। ਉਨ੍ਹਾਂ ਨੇ ਪ੍ਰੈਕਟੀਕਲ ਡੈਮੋ ਰਾਹੀਂ ਵਿਦਿਆਰਥੀਆਂ ਨੂੰ ਸੀ ਪੀ ਆਰ, ਬੇਹੋਸ਼ ਵਿਅਕਤੀ ਦੀ ਸਹਾਇਤਾ, ਅੱਗ ਲੱਗਣ ਸਮੇਂ ਬਚਾਅ ਦੇ ਤਰੀਕੇ ਅਤੇ ਐਮਰਜੈਂਸੀ ਨੰਬਰਾਂ ਦੀ ਵਰਤੋਂ ਬਾਰੇ ਜਾਣੂ ਕਰਵਾਇਆ। ਇਸ ਮੌਕੇ ਵਿਦਿਆਰਥੀਆਂ ਨੇ ਬੜੇ ਉਤਸ਼ਾਹ ਨਾਲ ਸੈਮੀਨਾਰ ਵਿੱਚ ਹਿੱਸਾ ਲਿਆ ਅਤੇ ਸੁਰੱਖਿਆ ਸੰਬੰਧੀ ਕਈ ਸਵਾਲ ਪੁੱਛੇ।
ਸਕੂਲ ਦੇ ਪ੍ਰਿੰਸੀਪਲ ਸ਼੍ਰੀਮਤੀ ਮੀਨਾਕਸ਼ੀ ਸ਼ਰਮਾ ਨੇ ਕਿਹਾ ਕਿ ਅਜਿਹੇ ਜਾਗਰੂਕਤਾ ਪ੍ਰੋਗਰਾਮ ਵਿਦਿਆਰਥੀਆਂ ਦੇ ਗਿਆਨ ਵਿੱਚ ਵਾਧਾ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਜ਼ਿੰਮੇਵਾਰ ਨਾਗਰਿਕ ਬਣਾਉਣ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦੇ ਹਨ। ਉਨ੍ਹਾਂ ਨੇ ਸਿਵਲ ਡਿਫੈਂਸ ਟੀਮ ਦਾ ਧੰਨਵਾਦ ਕਰਦਿਆਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਹਰ ਵਿਦਿਆਰਥੀ ਲਈ ਸੁਰੱਖਿਆ ਸੰਬੰਧੀ ਜਾਣਕਾਰੀ ਹੋਣਾ ਬਹੁਤ ਜ਼ਰੂਰੀ ਹੈ। ਸੈਮੀਨਾਰ ਦੇ ਅੰਤ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਆ ਪ੍ਰਤੀ ਸਦਾ ਜਾਗਰੂਕ ਰਹਿਣ ਅਤੇ ਮੁਸ਼ਕਲ ਹਾਲਾਤਾਂ ਵਿੱਚ ਘਬਰਾਉਣ ਦੀ ਬਜਾਏ ਸਮਝਦਾਰੀ ਨਾਲ ਕੰਮ ਕਰਨ ਲਈ ਪ੍ਰੇਰਿਤ ਕੀਤਾ ਗਿਆ। ਇਸ ਮੌਕੇ ਸਕੂਲ ਦਾ ਸਮੂਹ ਸਟਾਫ਼ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।

