ਕੋਟਕਪੂਰਾ, 23 ਜਨਵਰੀ ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਿਪਟੀ ਕਮਿਸ਼ਨਰ ਨੇ 75ਵੇਂ ਗਣਤੰਤਰਤਾ ਦਿਵਸ ਦੀਆਂ ਤਿਆਰੀਆਂ ਸਬੰਧੀ ਅੱਜ ਸਮੂਹ ਵਿਭਾਗਾਂ ਦੇ ਮੁਖੀਆਂ ਨਾਲ ਮੀਟਿੰਗ ਦੌਰਾਨ ਇਸ ਰਾਸ਼ਟਰੀ ਮਹਾਉਤਸਵ ਵਿੱਚ ਤਨ-ਮਨ ਨਾਲ ਪੁੱਜ ਕੇ ਡਿਊਟੀ ਨਿਭਾਉਣ ਦਾ ਹੋਕਾ ਦਿੰਦਿਆਂ ਦੱਸਿਆ ਕਿ ਇਸ ਵਾਰ ਜ਼ਿਲ੍ਹੇ ’ਚ ਕੌਮੀ ਝੰਡਾ ਲਹਿਰਾਉਣ ਲਈ ਖੁਰਾਕ ਤੇ ਸਿਵਲ ਸਪਲਾਈ, ਉਪਭੋਗਤਾ ਮਾਮਲੇ, ਜੰਗਲੀ ਜੀਵ ਅਤੇ ਜੰਗਲਾਤ ਮੰਤਰੀ ਲਾਲ ਚੰਦ ਕਟਾਰੂਚੱਕ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨਗੇ। ਉਹਨਾਂ ਸਮੂਹ ਵਿਭਾਗਾਂ ਨੂੰ ਹਦਾਇਤ ਕੀਤੀ ਕਿ ਉਹ ਆਪਣੇ ਆਪਣੇ ਵਿਭਾਗਾਂ ਨਾਲ, ਗਣਤੰਤਰ ਦਿਵਸ ਨਾਲ ਸਬੰਧਤ ਕੰਮ ਸਮੇਂ ਸਿਰ ਮੁਕੰਮਲ ਕਰ ਲੈਣ ਤਾਂ ਜ਼ੋ ਇਸ ਕੌਮੀ ਤਿਉਹਾਰ ਨੂੰ ਬੜੀ ਧੂਮਧਾਮ ਅਤੇ ਸ਼ਰਧਾ ਨਾਲ ਨੇਪਰੇ ਚਾੜਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਸਮਾਗਮ ਦੌਰਾਨ ਸੱਭਿਆਚਰਕ ਪ੍ਰੋਗਰਾਮ, ਜਿਸ ’ਚ ਦੇਸ਼-ਭਗਤੀ ਨੂੰ ਦਰਸਾਉਂਦੀਆਂ ਕੋਰੀਓਗ੍ਰਾਫੀ, ਗਿੱਧਾ ਅਤੇ ਭੰਗੜਾ ਆਦਿ ਪੇਸ਼ ਕੀਤੇ ਜਾਣਗੇ ਅਤੇ ਵੱਖ ਵੱਖ ਵਿਭਾਗਾਂ ਵੱਲੋਂ ਭਲਾਈ ਅਤੇ ਵਿਕਾਸ ਦੇ ਕੰਮਾਂ ਨੂੰ ਦਰਸਾਉਂਦੀਆਂ ਝਾਕੀਆਂ ਵੀ ਕੱਢੀਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਇਸ ਦਿਹਾੜੇ ਨੂੰ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮਾਗਮ ਸਬੰਧੀ ਲੋੜੀਂਦੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਨੂੰ ਯਕੀਨੀ ਬਣਾਉਣ ਦੇ ਨਿਰਦੇਸ਼ ਦਿੰਦਿਆਂ ਕਿਹਾ ਕਿ ਸਾਫ-ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਮੈਡੀਕਲ ਟੀਮਾਂ ਆਦਿ ਸਮੇਤ ਟ੍ਰੈਫਿਕ ਵਿਵਸਥਾ, ਪਾਰਕਿੰਗ ਦੇ ਪੁਖਤਾ ਪ੍ਰਬੰਧ ਸਮੇਂ ਸਿਰ ਕਰ ਲਏ ਜਾਣ ਤਾਂ ਜੋ ਸਮਾਗਮ ਨੂੰ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਹਦਾਇਤ ਕੀਤੀ ਕਿ ਗਣਤੰਤਰਤਾ ਦਿਵਸ ਸਮਾਗਮ ਦੇ ਪ੍ਰਬੰਧਾਂ ਅਤੇ ਸੁਰੱਖਿਆ ’ਚ ਕਿਸੇ ਕਿਸਮ ਦੀ ਢਿੱਲ ਨਾ ਵਰਤੀ ਜਾਵੇ ਅਤੇ ਵਿਭਾਗਾਂ ਦੇ ਮੁਖੀ ਖੁਦ ਸਮੁੱਚੇ ਪ੍ਰਬੰਧਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ।