ਬੱਸ ਅਤੇ ਮੋਟਰਸਾਈਕਲ ਦੀ ਟੱਕਰ ਵਿੱਚ ਤਿੰਨ ਨੌਜਵਾਨਾਂ ਦੀ ਦੁਖਦਾਇਕ ਮੌਤ
ਕੋਟਕਪੂਰਾ, 2 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਪੰਜਗਰਾਈਂ ਕਲਾਂ ਵਿਖੇ ਮੋਗਾ ਰੋਡ ’ਤੇ ਪੀ.ਆਰ.ਟੀ.ਸੀ. ਬੱਸ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਤਿੰਨ ਨੌਜਵਾਨਾਂ ਦੀ ਮੌਤ ਹੋਣ ਦੀ ਦੁਖਦਾਇਕ ਖਬਰ ਮਿਲੀ ਹੈ। ਮ੍ਰਿਤਕ ਨੌਜਵਾਨਾਂ ਦੀ ਪਛਾਣ ਵੰਸ਼ (19), ਲਵ (19) ਅਤੇ ਹੈਪੀ (20) ਵਜੋਂ ਹੋਈ ਹੈ, ਜੋ ਬਾਘਾਪੁਰਾਣਾ ਜਿਲਾ ਮੋਗਾ ਦੇ ਵਸਨੀਕ ਹਨ। ਸਦਰ ਥਾਣਾ ਕੋਟਕਪੂਰਾ ਦੀ ਪੁਲਿਸ ਨੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿੱਚ ਲੈ ਕੇ ਅਗਲੇਰੀ ਕਾਰਵਾਈ ਆਰੰਭ ਦਿੱਤੀ ਹੈ ਅਤੇ ਤਿੰਨਾਂ ਨੌਜਵਾਨਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਫਰੀਦਕੋਟ ਵਿਖੇ ਭੇਜ ਦਿੱਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਬਾਘਾਪੁਰਾਣਾ ਦਾ ਰਹਿਣ ਵਾਲਾ ਵੰਸ਼ ਆਪਣੇ ਦੋ ਦੋਸਤਾਂ ਲਵ ਅਤੇ ਹੈਪੀ ਨਾਲ ਐਤਵਾਰ ਸਵੇਰੇ 5:30 ਵਜੇ ਮੋਟਰਸਾਈਕਲ ’ਤੇ ਬਾਘਾਪੁਰਾਣਾ ਤੋਂ ਕੋਟਕਪੂਰਾ ਵੱਲ ਆ ਰਿਹਾ ਸੀ। ਜਿਵੇਂ ਹੀ ਉਹ ਪਿੰਡ ਪੰਜਗਰਾਈਂ ਕਲਾਂ ਨੇੜੇ ਪਹੁੰਚਿਆ, ਇਸ ਦੌਰਾਨ ਜਿੱਥੇ ਜੈਤੋ ਤੋਂ ਚੰਡੀਗੜ੍ਹ ਆ ਰਹੀ ਇੱਕ ਪੀ.ਆਰ.ਟੀ.ਸੀ. ਬੱਸ ਨੇ ਉਸਦੇ ਮੋਟਰਸਾਈਕਲ ਨੂੰ ਟੱਕਰ ਮਾਰ ਦਿੱਤੀ। ਟੱਕਰ ਐਨੀ ਭਿਆਨਕ ਸੀ ਕਿ ਤਿੰਨ ਨੌਜਵਾਨਾਂ ਵਿੱਚੋਂ ਦੋ, ਵੰਸ਼ ਅਤੇ ਲਵ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਗੰਭੀਰ ਜ਼ਖਮੀ ਹੈਪੀ ਦੀ ਹਸਪਤਾਲ ਲਿਜਾਂਦੇ ਸਮੇਂ ਮੌਤ ਹੋ ਗਈ। ਇਸ ਮਾਮਲੇ ਵਿੱਚ ਪੰਜਗਰਾਈ ਕਲਾਂ ਪੁਲਿਸ ਚੌਂਕੀ ਦੇ ਇੰਚਾਰਜ ਨਵਦੀਪ ਸਿੰਘ ਨੇ ਕਿਹਾ ਕਿ ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮ੍ਰਿਤਕ ਨੌਜਵਾਨ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।