ਵਿੱਤ ਮੰਤਰੀ 3 ਵਾਰ ਸਿੱਖਿਆ ਮੰਤਰੀ ਤੇ ਵਿਭਾਗੀ ਅਧਿਕਾਰੀਆਂ ਨੂੰ ਤਨਖ਼ਾਹਾਂ ਜਾਰੀ ਕਰਨ ਸਬੰਧੀ ਦੇ ਚੁੱਕੇ ਹਨ ਆਦੇਸ਼
ਕੋਟਕਪੂਰਾ, 5 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪ੍ਰੈਸ ਬਿਆਨ ਜ਼ਾਰੀ ਕਰਦਿਆਂ ਸਰਵ ਸਿੱਖਿਆ ਅਭਿਆਨ ਮਿਡ-ਡੇ-ਮੀਲ ਦਫਤਰੀ ਕਰਮਚਾਰੀ ਯੂਨੀਅਨ ਜ਼ਿਲ੍ਹਾ ਫ਼ਰੀਦਕੋਟ ਦੇ ਆਗੂਆਂ ਪੰਕਜ ਗਰਗ, ਦੀਪਕ ਨਾਰੰਗ, ਰਣਬੀਰ ਸਿੰਘ, ਗੁਰਪ੍ਰੀਤ ਸਿੰਘ, ਸੰਗੀਤਾ ਛਾਬੜਾ, ਹੇਮਜੋਤੀ, ਸੀਪੂ, ਸੋਨੀਆ ਜੱਸਲ ਨੇ ਕਿਹਾ ਕਿ ਆਪਣੀਆਂ ਹੱਕੀ ਮੰਗਾਂ ਸਿੱਖਿਆ ਵਿਭਾਗ ਵਿੱਚ ਪੂਰੇ ਲਾਭ ਤਹਿਤ ਪੱਕੇ ਹੋਣ ਅਤੇ ਤਨਖਾਹਾ ਦੀ ਕਟੌਤੀ ਨੂੰ ਲੈ ਕੇ ਲਗਾਤਾਰ ਸੰਘਰਸ਼ ਕਰ ਰਹੇ ਮੁਲਾਜ਼ਮਾਂ ਤੇ ਵਿਭਾਗ ਨੇ ਹੁਣ ਇਕ ਹੋਰ ਮਾਰ ਮਾਰੀ ਹੈ। ਵਿੱਤ ਮੰਤਰੀ ਹਰਪਾਲ ਚੀਮਾ ਦੇ ਹੁਕਮਾਂ ਦੇ ਬਾਵਜੂਦ ਵੀ ਸੰਘਰਸ਼ੀ ਮੁਲਾਜ਼ਮਾਂ ਦੀਆਂ 5 ਮਹੀਨੇ ਤੋਂ ਤਨਖਾਹਾਂ ਜ਼ਾਰੀ ਨਹੀ ਕੀਤੀਆ ਜਾ ਰਹੀਆਂ, ਜਿਸ ਕਰਕੇ ਮੁਲਾਜ਼ਮ ਹੁਣ ਸੜਕਾਂ ’ਤੇ ਆਉਣ ਨੂੰ ਮਜ਼ਬੂਰ ਹੋ ਗਏ ਹਨ ਅਤੇ ਮੁਲਾਜ਼ਮਾਂ ਨੇ ਸੰਘਰਸ਼ ਦਾ ਪਿੜ ਲੁਧਿਆਣਾ ਨੂੰ ਚੁਣਿਆ ਹੈ, ਕਿਉਕਿ ਆਮ ਆਦਮੀ ਪਾਰਟੀ ਦੀ ਸਾਰੀ ਲੀਡਰਸ਼ਿਪ ਸਮੇਤ ਮੁੱਖ ਮੰਤਰੀ ਭਗਵੰਤ ਮਾਨ ਅਤੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਬਾਕੀ ਦਿੱਲੀ ਦੇ ਆਗੂਆਂ ਨੇ ਵੀ ਲੁਧਿਆਣਾ ਵਿਖੇ ਡੇਰਾ ਲਾਇਆ ਹੋਇਆ ਹੈ। ਮੁਲਾਜ਼ਮ ਆਗੂਆਂ ਦਾ ਕਹਿਣਾ ਕਿ ਵਿੱਤ ਮੰਤਰੀ ਹਰਪਾਲ ਚੀਮਾ ਵੱਲੋਂ ਲਗਾਤਾਰ 12 ਪੈਨਲ ਮੀਟਿੰਗਾਂ ਕਰਕੇ ਸੂਬੇ ਦੀ ਅਫ਼ਸਰਸ਼ਾਹੀ ਨੂੰ ਹੁਕਮ ਕਰਨ ਦੇ ਬਾਵਜੂਦ ਵੀ ਮੁਲਾਜ਼ਮਾਂ ਦੇ ਮਸਲੇ ਹੱਲ ਨਹੀਂ ਹੋਏ ਹਨ। ਮੁਲਾਜ਼ਮਾਂ ਨੂੰ ਦਸੰਬਰ 2024 ਅਤੇ ਜਨਵਰੀ 2025 ਦੀਆ ਤਨਖਾਹਾਂ ਨਸੀਬ ਨਹੀ ਹੋਈਆ ਹਨ। ਸਿੱਖਿਆ ਭਵਨ ਦੇ ਬਾਹਰ ਚੱਲ ਰਿਹਾ ਪੱਕਾ ਧਰਨਾ 14 ਜਨਵਰੀ 2025 ਨੂੰ ਸਮਾਪਤ ਕਰਨ ਸਮੇਂ ਬਣੀ ਸਹਿਮਤੀ ਅਨੁਸਾਰ ਜਲਦ ਸਾਰੇ ਮਸਲੇ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ 4 ਮਹੀਨੇ ਤੋਂ ਉਪੱਰ ਦਾ ਸਮਾਂ ਬੀਤਣ ਦੇ ਬਾਵਜੂਦ ਮੁਲਾਜ਼ਮਾਂ ਦੇ ਸਾਰੇ ਮਸਲੇ ਜਿਓ ਦੀ ਤਿਓ ਬਣੇ ਹੋਏ ਹਨ, ਉਲਟਾ ਮੁਲਾਜ਼ਮਾਂ ਦੇ ਸੰਘਰਸ਼ ਦੇ ਦਿਨਾਂ ਦੀ ਤਨਖਾਹ ਵੀ ਰੋਕ ਦਿੱਤੀ ਗਈ ਹੈ। ਉਹਨਾਂ ਕਿਹਾ ਕਿ ਮੁੱਖ ਮੰਤਰੀ ਦੇ ਫੈਸਲੇ ਤੋਂ ਬਾਅਦ ਕੈਬਿਨਟ ਸਬ ਕਮੇਟੀ ਵੱਲੋਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਤਨਖਾਹ ਕਟੋਤੀ ਦੂਰ ਕਰਨ ਦੇ ਫੈਸਲੇ ਲੈ ਕੇ ਅਨੇਕਾਂ ਵਾਰ ਅਧਿਕਾਰੀਆਂ ਨੂੰ ਆਦੇਸ਼ ਦਿੱਤੇ ਪਰ ਅਧਿਕਾਰੀ ਜਾਣਬੁੱਝ ਕੇ ਮਸਲੇ ਨੂੰ ਉਲਝਾ ਰਹੇ ਹਨ। ਆਗੂਆਂ ਨੇ ਕਿਹਾ ਕਿ ਹੁਣ ਤਾਂ ਇਹ ਜਾਪਣ ਲੱਗ ਗਿਆ ਹੈ ਕਿ ਵਿੱਤ ਮੰਤਰੀ ਹਰਪਾਲ ਚੀਮਾ ਦੀ ਵੀ ਕੋਈ ਸੁਣਵਾਈ ਨਹੀ ਹੈ, ਕਿਉਂਕਿ ਲਗਾਤਾਰ 3 ਮੀਟਿੰਗਾਂ ਵਿੱਚ ਵਿੱਤ ਮੰਤਰੀ ਵੱਲੋਂ ਮੁਲਾਜ਼ਮਾਂ ਦੀਆ ਰੁੱਕੀਆ ਤਨਖਾਹਾਂ ਜ਼ਾਰੀ ਕਰਨ ਦੇ ਆਦੇਸ਼ ਦਿੱਤੇ ਸਨ ਪਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਹੋਈ। ਆਗੂਆਂ ਨੇ ਕਿਹਾ ਕਿ ਸਰਕਾਰ ਦਾ ਏਜੰਡਾ ਸੀ ਕਿ ਸੂਬੇ ਵਿੱਚ ਕੋਈ ਵੀ ਮੁਲਾਜ਼ਮ ਕੱਚਾ ਨਹੀਂ ਰਹਿਣ ਦੇਣਾ ਪਰ 3 ਸਾਲ ਦਾ ਸਮਾਂ ਬੀਤ ਗਿਆ ਹੈ ਅਤੇ ਅਧਿਕਾਰੀ ਮਸਲਿਆਂ ਨੂੰ ਹੱਲ ਕਰਨ ਦੀ ਬਜਾਏ ਉਲਝਾਂ ਰਹੇ ਹਨ। ਆਗੂਆਂ ਨੇ ਕਿਹਾ ਕਿ 10 ਜੂਨ ਨੂੰ ਦਫਤਰੀ ਮੁਲਾਜ਼ਮ ਲੁਧਿਆਣਾ ਵਿਖੇ ਇਕੱਤਰ ਹੋ ਕੇ ਬਜ਼ਾਰਾਂ ਵਿੱਚ ਰੋਸ ਮਾਰਚ ਕਰਨਗੇ ਅਤੇ ਸਰਕਾਰ ਦੇ ਝੂਠੇ ਵਾਅਦਿਆਂ ਦੀ ਪੋਲ ਖੋਲਣਗੇ।