ਕੋਟਕਪੂਰਾ, 26 ਅਗਸਤ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮ)
ਸਥਾਨਕ ਦਸਮੇਸ਼ ਪਬਲਿਕ ਸਕੂਲ ਵਿਖੇ ਨਸ਼ਾ ਮੁਕਤ ਵਿਦਿਆਲਿਆ ਅਭਿਆਨ ਤਹਿਤ ਵੱਖ-ਵੱਖ ਨਸ਼ਾ ਵਿਰੋਧੀ ਜਾਗਰੂਕਤਾ ਗਤੀਵਿਧੀਆਂ ਕਰਵਾਈਆਂ ਗਈਆਂ। ਇਨ੍ਹਾਂ ਗਤੀਵਿਧੀਆਂ ਦੌਰਾਨ ਵਿਦਿਆਰਥੀਆਂ ਨੂੰ ਤੰਬਾਕੂ, ਨਸ਼ਿਆਂ ਅਤੇ ਹੋਰ ਨਸ਼ੀਲੇ ਪਦਾਰਥਾਂ ਦੇ ਸਿਹਤ ਅਤੇ ਸਮਾਜ ’ਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ-ਸ਼ੈਲੀ ਅਪਣਾਉਣ ਅਤੇ ਆਪਣੇ ਆਲੇ-ਦੁਆਲੇ ਦੇ ਲੋਕਾਂ ਨੂੰ ਵੀ ਨਸ਼ਿਆਂ ਵਿਰੁੱਧ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ। ਸਕੂਲ ਵੱਲੋਂ ਵਿਦਿਆਰਥੀਆਂ ਅਤੇ ਸਟਾਫ਼ ਨੂੰ ਨਸ਼ਾ ਵਿਰੋਧੀ ਪ੍ਰਣ ਵੀ ਕਰਵਾਇਆ ਗਿਆ। ਇਸ ਮੌਕੇ ਪੋਸਟਰ, ਜਾਗਰੂਕਤਾ ਸੰਦੇਸ਼ ਅਤੇ ਵਿਚਾਰ-ਵਟਾਂਦਰੇ ਰਾਹੀਂ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਦਾ ਸੰਦੇਸ਼ ਦਿੱਤਾ ਗਿਆ। ਪ੍ਰਿੰਸੀਪਲ ਡਾ. ਟੁਰਨਾ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਜਾਗਰੂਕਤਾ, ਪਰਿਵਾਰਕ ਸਹਿਯੋਗ ਅਤੇ ਸਿੱਖਿਆ ਬਹੁਤ ਮਹੱਤਵਪੂਰਨ ਹਨ। ਸਕੂਲ ਵੱਲੋਂ ਨਸ਼ਾ ਮੁਕਤ ਅਤੇ ਸਿਹਤਮੰਦ ਵਾਤਾਵਰਨ ਸਿਰਜਣ ਲਈ ਅਜਿਹੀਆਂ ਗਤੀਵਿਧੀਆਂ ਲਗਾਤਾਰ ਜਾਰੀ ਰੱਖਣ ਦਾ ਸੰਕਲਪ ਲਿਆ ਗਿਆ।

