ਤੰਦਰੁਸਤ ਜੀਵਨ ਬਤੀਤ ਕਰਨ ਲਈ ਸਾਫ਼-ਸੁਥਰਾ ਵਾਤਾਵਰਨ ਦਾ ਹੋਣਾ ਜ਼ਰੂਰੀ : ਬਲਜੀਤ ਸਿੰਘ
ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਾਉਣੇ ਜਰੂਰੀ : ਪ੍ਰਿੰਸੀਪਲ ਸੁਰਿੰਦਰ ਕੌਰ

ਕੋਟਕਪੂਰਾ, 5 ਸਤੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਨੇੜਲੇ ਪਿੰਡ ਹਰੀਨੌ ਦੇ ਦਸਮੇਸ਼ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਦੇ ਵਿਦਿਆਰਥੀਆਂ ਵਲੋਂ ਸਵੱਛ ਭਾਰਤ ਅਭਿਆਨ ਤਹਿਤ ਰੈਲੀ ਦਾ ਆਯੋਜਨ ਕੀਤਾ ਗਿਆ। ਇਹ ਰੈਲੀ ਸਕੂਲ ਤੋਂ ਸ਼ੁਰੂ ਹੋ ਕੇ ਪਿੰਡ ਵਿੱਚ ਲੋਕਾਂ ਨੂੰ ਜਾਗਰੂਕ ਕਰਦੀ ਹੋਈ ਵਾਪਸ ਸਕੂਲ ਆ ਕੇ ਖ਼ਤਮ ਹੋਈ। ਇਸ ਰੈਲੀ ਵਿੱਚ ਵਿਦਿਆਰਥੀਆਂ ਦੇ ਉਤਸ਼ਾਹ ਨਾਲ ਹਿੱਸਾ ਲਿਆ। ਇਸ ਦੌਰਾਨ ਵਿਦਿਆਰਥੀਆਂ ਨੇ ਵਾਤਾਵਰਨ ਨੂੰ ਸਾਫ਼ ਸੁਥਰਾ ਰੱਖਣ ਅਤੇ ਪੌਦੇ ਲਾਉਣ ਸਬੰਧੀ ਜਾਗਰੂਕ ਕੀਤਾ। ਸਕੂਲ ਦੇ ਅਧਿਆਪਕਾਂ ਨੇ ਵੀ ਹਿੱਸਾ ਲੈਂਦਿਆਂ ਆਮ ਲੋਕਾਂ ਨੂੰ ਆਪਣਾ ਆਲਾ-ਦੁਆਲਾ ਸਾਫ਼ ਰੱਖਣ, ਨਸ਼ਿਆਂ ਤੋਂ ਦੂਰ ਰਹਿਣ, ਵਾਤਾਵਰਨ ਦੀ ਸ਼ੁੱਧਤਾ ਲਈ ਵੱਧ ਤੋਂ ਵੱਧ ਰੁੱਖ ਲਾਉਣ ਅਤੇ ਉਨਾਂ ਦੀ ਸਾਂਭ-ਸੰਭਾਲ ਨੂੰ ਯਕੀਨੀ ਬਣਾਉਣ ਲਈ ਪ੍ਰੇਰਿਤ ਕੀਤਾ। ਸਕੂਲ ਡਾਇਰੈਕਟਰ/ਪ੍ਰਿੰਸੀਪਲ ਮੈਡਮ ਸੁਰਿੰਦਰ ਕੌਰ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਆਉਣ ਵਾਲੀਆਂ ਪੀੜੀਆਂ ਦੇ ਸੁਰੱਖਿਅਤ ਅਤੇ ਤੰਦਰੁਸਤ ਜੀਵਨ ਲਈ ਅੱਗੇ ਆ ਕੇ ਵੱਧ ਤੋਂ ਵੱਧ ਬੂਟੇ ਲਾਉਣ ਅਤੇ ਨਸ਼ੇ ਦੇ ਖ਼ਾਤਮੇ ਲਈ ਨੌਜਵਾਨ ਪੀੜੀ ਨੂੰ ਪ੍ਰੇਰਿਤ ਕਰਨ। ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਨੇ ਇਸ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕਰਦਿਆਂ ਕਿਹਾ ਕਿ ਉਕਤ ਰੈਲੀ ਦਾ ਮੁੱਖ ਮਕਸਦ ਵਿਦਿਆਰਥੀਆਂ ਦੇ ਨਾਲ-ਨਾਲ ਆਮ ਲੋਕਾਂ ਨੂੰ ਵੀ ਸਾਫ਼ ਸਫ਼ਾਈ ਅਤੇ ਵਾਤਾਵਰਨ ਪ੍ਰਤੀ ਜਾਗਰੂਕ ਕਰਨਾ ਸੀ। ਉਹਨਾਂ ਵਿਦਿਆਰਥੀਆਂ ਨੂੰ ਸਿਹਤ ਸਬੰਧੀ ਜਾਗਰੂਕ ਕਰਦਿਆਂ ਕਿਹਾ ਕਿ ਇਕ ਤੰਦਰੁਸਤ ਜੀਵਨ ਬਤੀਤ ਕਰਨ ਲਈ ਸਾਫ਼-ਸੁਥਰਾ ਵਾਤਾਵਰਨ ਦਾ ਹੋਣਾ ਬਹੁਤ ਜ਼ਰੂਰੀ ਹੈ, ਜਦਕਿ ਅੱਜ ਸਾਡਾ ਵਾਤਾਵਰਨ ਭਾਰੀ ਪ੍ਰਦੂਸ਼ਿਤ ਹੋ ਚੁੱਕਾ ਹੈ। ਜੋ ਕਿ ਸਾਡੇ ਲਈ ਅਤੇ ਆਉਣ ਵਾਲੀਆਂ ਪੀੜੀਆਂ ਲਈ ਵੀ ਇਹ ਖ਼ਤਰੇ ਦੀ ਨਿਸ਼ਾਨੀ ਹੈ, ਇਸ ਲਈ ਸਾਨੂੰ ਸਾਰਿਆਂ ਨੂੰ ਰਲ ਮਿਲ ਕੇ ਇਸ ਸਮੱਸਿਆ ਨਾਲ ਲੜਨ ਦੀ ਜਰੂਰਤ ਹੈ।