ਕੋਟਕਪੂਰਾ, 2 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਦਸਮੇਸ ਮਿਸ਼ਨ ਸੀਨੀਅਰ ਸੈਕੰਡਰੀ ਸਕੂਲ ਹਰੀਨੌ ਵਿਖੇ ਵਿਖੇ ਸਰਕਾਰ ਵੱਲੋਂ ਚਲਾਏ ‘‘ਯੁੱਧ ਨਸ਼ਿਆਂ ਵਿਰੁੱਧ’’ ਮੁਹਿੰਮ ਤਹਿਤ ਵਿਸ਼ਵ ਤੰਬਾਕੂ ਰਹਿਤ ਦਿਵਸ ਮਨਾਇਆ ਗਿਆ। ਸਮਾਗਮ ਦਾ ਉਦੇਸ਼ ਤੰਬਾਕੂ ਦੀ ਵਰਤੋਂ ਦੇ ਨੁਕਸਾਨਦੇਹ ਪ੍ਰਭਾਵਾਂ ਬਾਰੇ ਜਾਗਰੂਕਤਾ ਫੈਲਾਉਣਾ ਅਤੇ ਤੰਬਾਕੂ ਰਹਿਤ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨਾ ਸੀ। ਇਸ ਸਮਾਗਮ ਦੇ ਹਿੱਸੇ ਵਜੋਂ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਇੱਕ ਸਹੁੰ ਚੁੱਕ ਸਮਾਗਮ ਕਰਵਾਇਆ ਗਿਆ। ਇਸ ਵਿਸ਼ੇ ਦੇ ਸੰਬੰਧ ਵਿੱਚ ਸਕੂਲ ਵਿਦਿਆਰਥੀਆਂ ਦੇ ਪੇਂਟਿੰਗ ਮੁਕਾਬਲੇ ਅਤੇ ਭਾਸ਼ਣ ਮੁਕਾਬਲੇ ਕਰਵਾਏ ਗਏ, ਜਿਸ ਨਾਲ ਵਿਦਿਆਰਥੀਆਂ ਦੇ ਗਿਆਨ ਅਤੇ ਉਦੇਸ਼ ਪ੍ਰਤੀ ਵਚਨਬੱਧਤਾ ਨੂੰ ਹੋਰ ਮਜ਼ਬੂਤੀ ਮਿਲੀ। ਐਨ.ਐਸ.ਐਸ. ਪ੍ਰੋਗਰਾਮ ਅਫਸਰ ਸ਼ਮਿੰਦਰ ਕੌਰ ਨੇ ਦੱਸਿਆ ਕਿ ਸਿਹਤਮੰਦ ਅਤੇ ਨਸ਼ਾ ਮੁਕਤ ਸਮਾਜ ਦੀ ਉਸਾਰੀ ਲਈ ਨੌਜਵਾਨਾਂ ਨੂੰ ਤੰਬਾਕੂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨਾ ਜ਼ਰੂਰੀ ਹੈ। ਇਸ ਮੌਕੇ ਬੋਲਦਿਆਂ ਸਕੂਲ ਦੇ ਮੈਨੇਜਿੰਗ ਡਾਇਰੈਕਟਰ ਬਲਜੀਤ ਸਿੰਘ ਵੱਲੋਂ ਮਨੁੱਖੀ ਸਿਹਤ ਨੂੰ ਵਡਮੁੱਲੀ ਦਾਤ ਦੱਸਦਿਆਂ ਨਸ਼ਿਆਂ ਜਿਹੇ ਹਾਨੀਕਾਰਕ ਪਦਾਰਥਾਂ ਤੋਂ ਦੂਰ ਰਹਿਣ ਦੀ ਪ੍ਰੇਰਨਾ ਦਿੱਤੀ। ਸਕੂਲ ਦੇ ਡਾਇਰੈਕਟਰ ਪ੍ਰਿੰਸੀਪਲ ਸ਼੍ਰੀਮਤੀ ਸੁਰਿੰਦਰ ਕੌਰ ਅਤੇ ਪ੍ਰਿੰਸੀਪਲ ਸ੍ਰੀਮਤੀ ਸੋਮਾ ਦੇਵੀ ਵੱਲੋਂ ਵੱਖ-ਵੱਖ ਮੁਕਾਬਲਿਆਂ ਵਿੱਚ ਭਾਗ ਲੈਣ ਵਾਲੇ ਵਿਦਿਆਰਥੀਆਂ ਦੀ ਸ਼ਲਾਘਾ ਕੀਤੀ। ਅਜਿਹੀਆਂ ਪਹਿਲਕਦਮੀਆਂ ਸੰਪੂਰਨ ਸਿੱਖਿਆ ਅਤੇ ਸਮਾਜ ਭਲਾਈ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦੀਆਂ ਹਨ।