ਕੋਟਕਪੂਰਾ, 10 ਅਪੈ੍ਰਲ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ)
ਐਡੀਸ਼ਨਲ ਸੈਸ਼ਨ ਜੱਜ ਰਾਜੀਵ ਕਾਲੜਾ ਦੀ ਅਦਾਲਤ ਫਰੀਦਕੋਟ ਨੇੇ ਲਗਭਗ ਸਾਢੇ ਚਾਰ ਸਾਲ ਪਹਿਲਾਂ ਥਾਣਾ ਸਿਟੀ ਫਰੀਦਕੋਟ ਦੀ ਪੁਲਿਸ ਵਲੋਂ ਗੈਰ ਕਾਨੂੰਨੀ ਤੌਰ ’ਤੇ ਪਾਬੰਦੀਸ਼ੁਦਾ ਨਸ਼ੀਲੀਆਂ ਗੋਲੀਆਂ ਦੀ ਵਿੱਕਰੀ ਕਰਨ ਦੇ ਮਾਮਲੇ ਵਿੱਚ ਨਾਮਜ਼ਦ ਕੀਤੇ ਗਏ ਇੱਕ ਵਿਅਕਤੀ ਨੂੰ ਦੋਸ਼ੀ ਕਰਾਰ ਦਿੱਤਾ ਹੈ। ਮਾਨਯੋਗ ਅਦਾਲਤ ਵਲੋਂ ਦੋਸ਼ੀ ਨੂੰ ਸੁਣਵਾਈ ਦੌਰਾਨ ਅਦਾਲਤ ਵਿੱਚ ਪੇਸ਼ ਕੀਤੇ ਗਏ ਸਬੂਤਾਂ ਅਤੇ ਗਵਾਹਾਂ ਦੇ ਅਧਾਰ ’ਤੇ 10 ਸਾਲ ਦੀ ਕੈਦ ਅਤੇ ਇੱਕ ਲੱਖ ਰੁਪਏ ਜੁਰਮਾਨਾ ਭਰਨ ਦਾ ਆਦੇਸ਼ ਦਿੱਤਾ ਹੈ। ਜੁਰਮਾਨਾ ਜਮਾ ਨਾ ਕਰਾਉਣ ਦੀ ਸੂਰਤ ਵਿੱਚ ਤਿੰਨ ਸਾਲ ਹੋਰ ਵਾਧੂ ਜੇਲ ਵਿੱਚ ਰਹਿਣਾ ਪਵੇਗਾ। ਇਸ ਮਾਮਲੇ ਵਿੱਚ ਥਾਣਾ ਸਿਟੀ ਫਰੀਦਕੋਟ ਵੱਲੋਂ 9 ਸਤੰਬਰ 2019 ਨੂੰ ਗਸ਼ਤ ਵਾ ਚੈਕਿੰਗ ਦੌਰਾਨ ਰਾਜੇਸ਼ ਕੁਮਾਰ ਪੁੱਤਰ ਮੁਲਖ ਰਾਜ ਵਾਸੀ ਫਰੀਦਕੋਟ ਖਿਲਾਫ ਐੱਨ.ਡੀ.ਪੀ.ਐੱਸ. ਐਕਟ ਦੀ ਧਾਰਾ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ। ਨਸ਼ੀਲੀਆਂ ਗੋਲੀਆਂ ਰੱਖਣ ਦੇ ਮੁਕੱਦਮੇ ਦੀ ਪੂਰੀ ਤਨਦੇਹੀ ਨਾਲ ਸਰਕਾਰੀ ਵਕੀਲ ਸੁਰਿੰਦਰ ਸਚਦੇਵਾ ਵਲੋਂ ਪੈਰਵੀ ਕਰਦਿਆਂ ਮੁਕੱਦਮੇ ਦਾ ਚਲਾਨ ਪੇਸ਼ ਕਰਨ ਉਪਰੰਤ ਗਵਾਹੀਆਂ ਮੁਕੰਮਲ ਕਰਵਾਈਆਂ ਗਈਆਂ, ਜਿਸ ਦੇ ਆਧਾਰ ’ਤੇ ਵਧੀਕ ਜ਼ਿਲਾ ਅਤੇ ਸੈਸ਼ਨ ਜੱਜ ਰਾਜੀਵ ਕਾਲੜਾ ਨੇ ਰਾਜੇਸ਼ ਕੁਮਾਰ ਨੂੰ ਸਜ਼ਾ ਅਤੇ ਜੁਰਮਾਨਾ ਕਰਨ ਦਾ ਫੈਸਲਾ ਸੁਣਾਇਆ।