· ਅਧਿਕਾਰੀਆਂ ਵਲੋਂ ਫੀਲਡ ਚ ਲਗਾਤਾਰ ਰੱਖੀ ਜਾ ਰਹੀ ਹੈ ਨਜ਼ਰਸਾਨੀ
· ਤਕਰੀਬਨ 2 ਲੱਖ ਮੀਟ੍ਰਿਕ ਟਨ ਪਰਾਲੀ ਨੂੰ ਕੀਤਾ ਜਾ ਚੁੱਕਾ ਹੈ ਸਟੋਰ
ਬਠਿੰਡਾ, 10 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਸਿਵਲ ਤੇ ਪੁਲਿਸ ਪ੍ਰਸਾਸਨ ਵਲੋਂ ਖੇਤਾਂ ਵਿੱਚ ਜਾ ਕੇ ਲਗਾਤਾਰ ਕੀਤੀ ਜਾ ਰਹੀ ਨਜ਼ਰਸਾਨੀ ਕਾਰਨ ਜ਼ਿਲ੍ਹੇ ਅੰਦਰ ਕਿਸਾਨਾਂ ਵਲੋਂ ਆਧੁਨਿਕ ਮਸ਼ੀਨਰੀ ਦੀ ਵਰਤੋਂ ਕਰਦਿਆਂ ਪਰਾਲੀ ਦੀ ਸਾਂਭ-ਸੰਭਾਲ ਕੀਤੀ ਜਾ ਰਹੀ ਹੈ, ਜਿਸ ਨਾਲ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਚ ਵੀ ਕਾਫ਼ੀ ਕਮੀ ਆਈ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਦਾ ਦੌਰਾ ਕਰਨ ਉਪਰੰਤ ਸਾਂਝੀ ਕੀਤੀ। ਇਸ ਮੌਕੇ ਉਨ੍ਹਾਂ ਦੇ ਨਾਲ ਐਸਐਸਪੀ ਸ. ਗੁਲਨੀਤ ਸਿੰਘ ਖੁਰਾਣਾ ਤੇ ਸਹਾਇਕ ਖੇਤੀਬਾੜੀ ਇੰਜੀਨੀਅਰ ਸ਼੍ਰੀ ਗੁਰਜੀਤ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਪਰਾਲੀ ਪ੍ਰਬੰਧਨ ਦੇ ਮੱਦੇਨਜ਼ਰ ਅੱਜ ਡਿਪਟੀ ਕਮਿਸ਼ਨਰ ਤੇ ਐਸਐਸਪੀ ਵਲੋਂ ਜ਼ਿਲ੍ਹੇ ਦੇ ਪਿੰਡ ਕੋਟ ਸ਼ਮੀਰ, ਨਸੀਬਪੁਰਾ, ਕੋਟ ਬਖਤੂ, ਭਾਗੀਵਾਂਦਰ, ਲਾਲੇਆਣਾ, ਬੰਗੀ ਰੁਲਦੂ ਆਦਿ ਪਿੰਡਾਂ ਦੇ ਖੇਤਾਂ ਦਾ ਦੌਰਾ ਕਰਕੇ ਜਾਇਜ਼ਾ ਲਿਆ ਗਿਆ। ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਪ੍ਰੇਰਿਤ ਕਰਦਿਆਂ ਕਿਹਾ ਕਿ ਉਹ ਜ਼ੀਰੋ ਟਿਲ ਡਰਿੱਲ, ਐਚਆਰਐਮਬੀ ਪਲੌਗ, ਉਲਟਾਵੇ ਹਲ, ਮਲਚਰ, ਚੌਪਰ ਅਤੇ ਹੈਪੀ ਸੀਡਰਜ਼ ਆਦਿ ਦੀ ਵਰਤੋਂ ਖੁਦ ਤੇ ਦੂਸਰੇ ਕਿਸਾਨਾਂ ਨੂੰ ਵੀ ਕਰਵਾਉਣ। ਇਸ ਮੌਕੇ ਉਨ੍ਹਾਂ ਹੈਪੀ ਸੀਡਰ ਨਾਲ ਬਿਜਾਈ ਤੇ ਬੇਲਰ ਨਾਲ ਪਰਾਲੀ ਦੀਆਂ ਗੱਠਾ ਬਣਾਉਣ ਵਾਲੇ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਦੀ ਸ਼ਲਾਘਾ ਕੀਤੀ ਤੇ ਹੱਲਾਸ਼ੇਰੀ ਵੀ ਦਿੱਤੀ।
ਇਸ ਦੌਰਾਨ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਜ਼ਿਲ੍ਹੇ ਅੰਦਰ ਵੱਖ-ਵੱਖ ਥਾਵਾਂ ਤੇ ਬਣਾਏ ਗਏ 20 ਡੰਪਾਂ ਚ ਹੁਣ ਤੱਕ 2 ਲੱਖ ਮੀਟ੍ਰਿਕ ਟਨ ਝੋਨੇ ਦੀ ਪਰਾਲੀ ਨੂੰ ਸਟੋਰ ਕੀਤਾ ਜਾ ਚੁੱਕਾ ਹੈ। ਉਨ੍ਹਾਂ ਇੱਕ ਹੋਰ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜ਼ਿਲ੍ਹੇ ਅੰਦਰ ਇਸ ਸਮੇਂ ਲਗਭਗ 3250 ਸੁਪਰਸੀਡਰ ਤੇ 200 ਬੇਲਰ ਮੌਜੂਦ ਹਨ। ਇਸ ਤੋਂ ਇਲਾਵਾ ਉਨ੍ਹਾਂ ਇਹ ਵੀ ਕਿਹਾ ਕਿ ਲਗਭਗ 5 ਹਜ਼ਾਰ ਤੇ ਹੋਰ ਮਸ਼ੀਨਾਂ ਜਿਵੇਂ ਕਿ ਜ਼ੀਰੋ ਟਿਲ ਡਰਿੱਲ, ਐਚਆਰਐਮਬੀ ਪਲੌਗ, ਉਲਟਾਵੇ ਹਲ, ਮਲਚਰ, ਚੌਪਰ ਅਤੇ ਹੈਪੀ ਸੀਡਰਜ਼ ਆਦਿ ਮੌਜੂਦ ਹਨ।
ਦੌਰੇ ਦੌਰਾਨ ਪਿੰਡ ਬੰਗੀ ਰੂਲਦੂ ਵਿਖੇ ਖੇਤ ਚ ਪਰਾਲੀ ਨੂੰ ਅੱਗ ਲੱਗੀ ਦੇਖੀ ਤਾਂ ਮੌਕੇ ਤੇ ਹੀ ਡਿਪਟੀ ਕਮਿਸ਼ਨਰ ਤੇ ਐਸਐਸਪੀ ਦੀ ਅਗਵਾਈ ਹੇਠ ਅਧਿਕਾਰੀਆਂ ਤੇ ਕਰਮਚਾਰੀਆਂ ਵਲੋਂ ਅੱਗ ਨੂੰ ਬੁਝਾਇਆ ਗਿਆ। ਇਸ ਤੋਂ ਪਹਿਲਾ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਤੇ ਐਸਐਸਪੀ ਸ. ਗੁਲਨੀਤ ਸਿੰਘ ਖੁਰਾਣਾ ਨੇ ਪਿੰਡ ਕੋਟ ਸ਼ਮੀਰ ਵਿਖੇ ਬਣੇ ਪਰਾਲੀ ਨੂੰ ਸਟੋਰ ਕਰਨ ਵਾਲੇ ਡੰਪ ਦਾ ਵੀ ਦੌਰਾ ਕਰਕੇ ਜਾਇਜਾ ਲਿਆ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਜੇਕਰ ਕਿਸੇ ਵੀ ਕਿਸਾਨ ਨੂੰ ਸੁਪਰਸੀਡਰ/ਸਮਾਰਟਸੀਡਰ ਪ੍ਰਾਪਤ ਕਰਨ ਵਿੱਚ ਕੋਈ ਸਮੱਸਿਆ ਆਉਂਦੀ ਹੈ ਤਾਂ ਉਹ ਸ੍ਰੀ ਗੁਰਜੀਤ ਸਿੰਘ ਦੇ ਮੋਬਾਇਲ ਨੰਬਰ 90233-22977 ਤੇ ਸ਼੍ਰੀ ਸੁਖਦੀਪ ਸਿੰਘ ਦੇ ਮੋਬਾਇਲ ਨੰਬਰ 95306-88820 ‘ਤੇ ਸੰਪਰਕ ਕਰ ਸਕਦੇ ਹਨ।
ਇਸ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਸ. ਗੁਲਨੀਤ ਸਿੰਘ ਖੁਰਾਣਾ ਨੇ ਕਿਹਾ ਕਿ ਪੁਲਿਸ ਵਿਭਾਗ ਵਲੋਂ ਲਗਾਤਾਰ ਪੈਟਰੋਲਿੰਗ ਟੀਮਾਂ ਬਣਾ ਕੇ ਫੀਲਡ ਚ ਰੋਜ਼ਾਨਾ ਦੌਰਾ ਕਰਕੇ ਨਜ਼ਰਸਾਨੀ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਪਰਾਲੀ ਪ੍ਰਬੰਧਨ ਚ ਲੱਗੇ ਅਧਿਕਾਰੀਆਂ ਤੇ ਕਰਮਚਾਰੀਆਂ ਦਾ ਪੂਰਨ ਸਹਿਯੋਗ ਦੇਣ ਅਤੇ ਕਾਨੂੰਨ ਨੂੰ ਆਪਣੇ ਹੱਥਾਂ ਵਿੱਚ ਲੈਣ ਦੀ ਕੋਸ਼ਿਸ਼ ਨਾ ਕਰਨ।
Leave a Comment
Your email address will not be published. Required fields are marked with *