ਕੋਟਕਪੂਰਾ, 6 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਗਵੰਤ ਸਿੰਘ ਮਾਨ ਮੁੱਖ ਮੰਤਰੀ ਪੰਜਾਬ ਦੇ ਹੁਕਮਾਂ ’ਤੇ ਲਾਏ ਜਾ ਰਹੇ ਕੈਂਪਾਂ ਦੀ ਲੜੀ ਤਹਿਤ ਅੱਜ ਪਿੰਡ ਕੰਮੇਆਣਾ ਵਿਖੇ ਪੰਜਵੇਂ ਸੁਵਿਧਾ ਕੈਂਪ ਦੌਰਾਨ ਜ਼ਿਲਾ ਪ੍ਰਸ਼ਾਸਨ ਦੇ ਅਧਿਕਾਰੀਆਂ ਦੀ ਸਮੁੱਚੀ ਟੀਮ ਅਤੇ ਕੁਲਤਾਰ ਸਿੰਘ ਸੰਧਵਾਂ ਸਪੀਕਰ ਪੰਜਾਬ ਵਿਧਾਨ ਸਭਾ ਦੇ ਦਫ਼ਤਰ ਦੇ ਨੁਮਾਇੰਦੇ ਵਿਸ਼ੇਸ਼ ਤੌਰ ’ਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨ ਪੁੱਜੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਧੀਕ ਡਿਪਟੀ ਕਮਿਸ਼ਨਰ (ਵਿ) ਨਰਭਿੰਦਰ ਸਿੰਘ ਗਰੇਵਾਲ ਨੇ ਦੱਸਿਆ ਕਿ ਜਿੱਥੇ ਲੋਕਾਂ ’ਚ ਕੈਂਪਾਂ ਪ੍ਰਤੀ ਕਾਫੀ ਉਤਸ਼ਾਹ ਪਾਇਆ ਗਿਆ, ਉੱਥੇ ਉਨਾਂ ਵੱਧ-ਚੜ ਕੇ ਇਨਾਂ ਕੈਂਪਾਂ ’ਚ ਆ ਕੇ ਆਪਣੀਆਂ ਸਮੱਸਿਆਵਾਂ ਦਾ ਹੱਲ ਕਰਵਾਇਆ ਹੈ। ਉਨਾਂ ਕਿਹਾ ਕਿ ਸਾਰੇ ਕੈਂਪਾਂ ’ਚ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਉਨਾਂ ਦਾ ਯੋਗ ਹੱਲ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਉਦੇਸ਼ ਨਾਲ ਇਹ ਕੈਂਪ ਸ਼ੁਰੂ ਕੀਤੇ ਗਏ ਹਨ। ਇਸ ਮੌਕੇ ਆਸ-ਪਾਸ ਦੇ ਹੋਰ ਪਿੰਡਾਂ ਕੋਠੇ ਰੱਤੀਰੋੜੀ, ਸੰਗੋਰੁਮਾਣਾ, ਡੱਗੋਰੁਮਾਣਾ, ਹਰੀਏਵਾਲਾ ਅਤੇ ਦਾਨਾਰੁਮਾਣਾ ਦੇ ਵਸਨੀਕਾਂ ਦੀਆਂ ਮੁਸ਼ਕਿਲਾਂ, ਸ਼ਿਕਾਇਤਾਂ, ਮੰਗਾਂ ਸੁਣੀਆਂ ਅਤੇ ਮਸਲੇ ਹੱਲ ਕੀਤੇ ਗਏ। ਉਨਾਂ ਕਿਹਾ ਕਿ ਇਨਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨੇੜੇ ਅਤੇ ਇਕ ਛੱਤ ਥੱਲੇ ਪੰਜਾਬ ਸਰਕਾਰ ਵਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਇਸ ਮੌਕੇ ਹੋਰਨਾ ਤੋਂ ਇਲਾਵਾ ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਨਪ੍ਰੀਤ ਸਿੰਘ ਮਨੀ ਧਾਲੀਵਾਲ ਅਤੇ ਸੰਦੀਪ ਸਿੰਘ ਕੰਮੇਆਣਾ ਸਮੇਤ ਆਸ-ਪਾਸ ਦੇ ਪਿੰਡ ਦੇ ਲੋਕ ਅਤੇ ਪਾਰਟੀ ਆਗੂ ਵੀ ਹਾਜਰ ਸਨ।
Leave a Comment
Your email address will not be published. Required fields are marked with *