· ਅਗਾਊਂ ਪ੍ਰਬੰਧਾਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਬੈਠਕ
ਬਠਿੰਡਾ, 27 ਦਸੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਸਥਾਨਕ ਸ਼ਹੀਦ ਭਗਤ ਸਿੰਘ ਸਟੇਡੀਅਮ ਵਿਖੇ ਗਣਤੰਤਰਤਾ ਦਿਵਸ 26 ਜਨਵਰੀ 2024 ਪੂਰੇ ਸ਼ਾਨੋ-ਸ਼ੌਕਤ ਨਾਲ ਮਨਾਇਆ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਜ਼ਿਲ੍ਹਾ ਪੱਧਰੀ ਕਰਵਾਏ ਜਾਣ ਵਾਲੇ ਇਸ ਸਮਾਗਮ ਦੇ ਮੱਦੇਨਜ਼ਰ ਨੇ ਅਗਾਊਂ ਪ੍ਰਬੰਧਾਂ ਦੀਆਂ ਤਿਆਰੀਆਂ ਸਬੰਧੀ ਅਧਿਕਾਰੀਆਂ ਨਾਲ ਕੀਤੀ ਗਈ ਵਿਸੇਸ਼ ਬੈਠਕ ਦੀ ਪ੍ਰਧਾਨਗੀ ਕਰਦਿਆਂ ਸਾਂਝੀ ਕੀਤੀ।
ਸਮਾਗਮ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜਾਉਣ ਲਈ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਸੌਂਪੀਆਂ ਗਈਆਂ ਡਿਊਟੀਆਂ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਇਆ ਜਾਵੇ ਅਤੇ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨਾ ਵਰਤੀ ਜਾਵੇ।
ਇਸ ਮੌਕੇ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤਾਂ ਕਰਦਿਆਂ ਕਿਹਾ ਕਿ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ। ਉਨ੍ਹਾਂ ਦਫ਼ਤਰ ਕਮਿਸ਼ਨਰ ਨਗਰ ਨਿਗਮ ਦੇ ਅਧਿਕਾਰੀਆਂ ਨੂੰ ਖੇਡ ਸਟੇਡੀਅਮ ਦੇ ਅੰਦਰ-ਬਾਹਰ ਤੋਂ ਇਲਾਵਾ ਪਖ਼ਾਨਿਆਂ ਦੀ ਸਾਫ਼-ਸਫ਼ਾਈ ਦਾ ਪ੍ਰਬੰਧ ਕਰਨਾ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਕਿਹਾ ਕਿ ਪੀਣ ਵਾਲੇ ਸਾਫ਼ ਪਾਣੀ, ਬੈਰੀਕੇਡਿੰਗ, ਸਟੇਜ, ਸਟੇਡੀਅਮ ਅਤੇ ਸਜਾਵਟੀ ਗੇਟਾਂ ਤੋਂ ਇਲਾਵਾ ਸ਼ਹਿਰ ਅੰਦਰਲੇ ਚੌਂਕਾਂ ਦੀ ਸਜਾਵਟ ਅਤੇ ਨਿਰਵਿਘਨ ਬਿਜਲੀ ਆਦਿ ਦੇ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨੇ ਲਾਜ਼ਮੀ ਬਣਾਏ ਜਾਣ।
ਇਸ ਮੌਕੇ ਕਮਿਸ਼ਨਰ ਨਗਰ ਨਿਗਮ ਸ਼੍ਰੀ ਰਾਹੁਲ, ਵਧੀਕ ਡਿਪਟੀ ਕਮਿਸ਼ਨਰ (ਜਨਰਲ) ਮੈਡਮ ਪੂਨਮ ਸਿੰਘ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਸਹਾਇਕ ਕਮਿਸ਼ਨਰ ਜਨਰਲ ਸ਼੍ਰੀ ਪੰਕਜ ਕੁਮਾਰ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਲੋਕ ਨਿਰਮਾਣ ਵਿਭਾਗ ਦੇ ਕਾਰਜਕਾਰੀ ਇੰਜੀਨੀਅਰ ਸ਼੍ਰੀ ਇੰਦਰਜੀਤ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਸ. ਪਰਮਿੰਦਰ ਸਿੰਘ, ਸਕੱਤਰ ਰੈਡ ਕਰਾਸ ਸ੍ਰੀ ਦਰਸ਼ਨ ਕੁਮਾਰ ਤੋਂ ਇਲਾਵਾ ਹੋਰ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਉਨ੍ਹਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।
Leave a Comment
Your email address will not be published. Required fields are marked with *