ਕੋਟਕਪੂਰਾ, 26 ਅਕਤੂਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ ਯੂਨੀਅਨ ਸਬੰਧਤ ਏਟਕ ਦੇ ਵਰਕਿੰਗ ਚੇਅਰਮੈਨ ਅਵਤਾਰ ਸਿੰਘ ਗਗੜਾ, ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਜਨਰਲ ਸਕੱਤਰ ਪ੍ਰੇਮ ਚਾਵਲਾ, ਐਡੀਸ਼ਨਲ ਜਨਰਲ ਸਕੱਤਰ ਸੱਤਿਆਪਾਲ ਗੁਪਤਾ, ਜਥੇਬੰਦਕ ਸਕੱਤਰ ਅਵਤਾਰ ਸਿੰਘ ਤਾਰੀ, ਪ੍ਰੈਸ ਸਕੱਤਰ ਕੁਲਵੰਤ ਸਿੰਘ ਚਾਨੀ ਅਤੇ ਭੁਪਿੰਦਰ ਸਿੰਘ ਸੇਖੋਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ 31 ਅਕਤੂਬਰ 2024 ਨੂੰ ਦੀਵਾਲੀ ਦੇ ਤਿਉਹਾਰ ਨੂੰ ਮੁੱਖ ਰੱਖਦਿਆਂ ਪੰਜਾਬ ਦੇ ਸਰਕਾਰੀ ਮੁਲਾਜਮਾਂ ਦੇ ਵਾਂਗ ਪੰਜਾਬ ਦੇ ਸਮੂਹ ਪੈਨਸ਼ਨਰਾਂ ਨੂੰ ਵੀ ਅਕਤੂਬਰ ਮਹੀਨੇ ਦੀ ਪੈਨਸ਼ਨ 30 ਅਕਤੂਬਰ ਨੂੰ ਜਾਰੀ ਕਰਨ ਸਬੰਧੀ ਸਮੂਹ ਬੈਂਕਾਂ ਨੂੰ ਤੁਰਤ ਹਦਾਇਤਾਂ ਜਾਰੀ ਕੀਤੀਆਂ ਜਾਣ। ਇਸ ਤੋਂ ਇਲਾਵਾ ਮੁਲਾਜਮਾਂ ਤੇ ਪੈਨਸ਼ਨਰਾਂ ਲਈ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ 15 ਫੀਸਦੀ ਚਾਰ ਕਿਸ਼ਤਾਂ ਤੁਰਤ ਦਿੱਤੀਆਂ ਜਾਣ ਤਾਂ ਜੋ ਪੰਜਾਬ ਦੇ ਲੱਖਾਂ ਪੈਨਸ਼ਨਰ ਆਪਣਾ ਇਹ ਪਵਿੱਤਰ ਤਿਉਹਾਰ ਖੁਸ਼ੀਆਂ ਅਤੇ ਖੇੜਿਆਂ ਨਾਲ ਮਨਾ ਸਕਣ। ਆਗੂਆਂ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਕਿ ਜੇਕਰ ਪੰਜਾਬ ਸਰਕਾਰ ਵਲੋਂ 30 ਅਕਤੂਬਰ ਨੂੰ ਪੈਨਸ਼ਨਾਂ ਦੀ ਅਦਾਇਗੀ ਨਾ ਕੀਤੀ ਗਈ ਅਤੇ ਮਹਿੰਗਾਈ ਭੱਤੇ ਦੀਆਂ ਬਕਾਇਆ ਪਈਆਂ ਕਿਸ਼ਤਾਂ ਨਾ ਦਿੱਤੀਆਂ ਗਈਆਂ ਤਾਂ ਪੰਜਾਬ ਦੇ ਲੱਖਾਂ ਪੈਨਸ਼ਨਰ ਇਸ ਵਾਰ ‘ਕਾਲੀ ਦੀਵਾਲੀ’ ਮਨਾਉਣ ਲਈ ਮਜਬੂਰ ਹੋਣਗੇ।