ਜੈਤੋ/ਫਰੀਦਕੋਟ, 26 ਸਤੰਬਰ (ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਭਗਵੰਤ ਮਾਨ ਵਲੋਂ ਇਸ ਵਾਰ ‘ਖੇਡਾਂ ਵਤਨ ਪੰਜਾਬ ਦੀਆਂ’ ਨਾਲ ਪੈਰਾ ‘ਖੇਡਾਂ ਵਤਨ ਪੰਜਾਬ ਦੀਆਂ’ ਕਰਵਾਉਣ ਦਾ ਵੀ ਐਲਾਨ ਕੀਤਾ ਗਿਆ। ਪੰਜਾਬ ਸਰਕਾਰ ਦੇ ਖੇਡ ਵਿਭਾਗ ਪੰਜਾਬ ਵੱਲੋਂ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਸਹਿਯੋਗ ਨਾਲ ਪੈਰਾਂ ਖੇਡਾਂ ਵਤਨ ਪੰਜਾਬ ਦੀਆਂ ਮਿਤੀ 20 ਨਵੰਬਰ ਤੋਂ 25 ਨਵੰਬਰ ਤੱਕ ਖੇਡ ਸਟੇਡੀਅਮ ਲੁਧਿਆਣਾ ਵਿਖੇ ਕਰਵਾਈਆਂ ਜਾਣਗੀਆਂ। ਅੱਜ ਜੈਤੋ ਵਿਖੇ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਅਹੁਦੇਦਾਰਾਂ ਦੀ ਮੀਟਿੰਗ ਇਹਨਾਂ ਦੇ ਜੈਤੋ ਸਥਿੱਤ ਮੁੱਖ ਦਫਤਰ ਵਿਖੇ ਹੋਈ, ਜਿਸ ਵਿੱਚ ਪੰਜਾਬ ਪੈਰਾ ਸਪੋਰਟਸ ਐਸੋਸੀਏਸਨ ਦੇ ਜਨਰਲ ਸਕੱਤਰ ਜਸਪ੍ਰੀਤ ਸਿੰਘ ਧਾਲੀਵਾਲ ਅਤੇ ਪੈਰਾ ਓਲੰਪਿਕ ਕਮੇਟੀ ਆਫ ਇੰਡੀਆ ਦੇ ਐਗਜੀਕਿਊਟਿਵ ਮੈਂਬਰ ਸ਼ਮਿੰਦਰ ਸਿੰਘ ਢਿੱਲੋਂ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਉਹਨਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਬੇਨਤੀ ਕੀਤੀ ਸੀ ਕਿ ਤੀਜੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਨਾਲ ਇਸ ਵਾਰ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਵੀ ਕਰਵਾਈਆਂ ਜਾਣ, ਉਹਨਾਂ ਦੀ ਇਸ ਬੇਨਤੀ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਮੰਨ ਲਿਆ ਗਿਆ ਹੈ, ਜਿਸ ਕਰਕੇ ਉਹਨਾਂ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਵਲੋਂ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ। ਉਹਨਾਂ ਦੱਸਿਆ ਕਿ ਇਸ ਸਾਲ ਪੰਜਾਬ ਸਰਕਾਰ ਵਲੋਂ ਪਹਿਲੀ ਵਾਰ ਕਰਾਈਆਂ ਜਾਣ ਵਾਲੀਆਂ ਪੈਰਾ ਖੇਡਾਂ ਵਤਨ ਪੰਜਾਬ ਦੀਆਂ ’ਚ ਪੈਰਾ ਅਥਲੈਟਿਕਸ, ਪੈਰਾ ਪਾਵਰ ਲਿਫਟਿੰਗ ਅਤੇ ਪੈਰਾ ਬੈਡਮਿੰਟਨ ਖੇਡਾਂ ਨੂੰ ਸ਼ਾਮਿਲ ਕੀਤਾ ਗਿਆ ਹੈ। ਇਹਨਾਂ ਖੇਡਾਂ ਦੇ ਖਿਡਾਰੀ 30 ਸਤੰਬਰ ਤੱਕ ਆਫਲਾਈਨ ਰਜਿਸਟ੍ਰੇਸ਼ਨ ਕਰਵਾ ਕੇ ਆਪਣੇ ਫਾਰਮ ਮੁਕੰਮਲ ਕਰਕੇ ਆਪੋ-ਆਪਣੇ ਜਿਲ੍ਹੇ ਦੇ ਜਿਲਾ ਖੇਡ ਅਫਸਰ ਤੱਕ ਜਮ੍ਹਾ ਕਰਵਾਉਣ। ਉਹਨਾਂ ਸਮੂਹ ਪੰਜਾਬ ਵਾਸੀਆਂ ਅਤੇ ਪੈਰਾ ਖਿਡਾਰੀਆਂ ਨੂੰ ਇਨਾ ਖੇਡਾਂ ’ਚ ਵੱਧ ਚੜ ਕੇ ਹਿੱਸਾ ਲੈਣ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਪੈਰਾ ਖੇਡਾਂ ਵਤਨ ਪੰਜਾਬ ਦੀਆਂ ’ਚ ਅੰਡਰ 15 ਅਤੇ 15 ਸਾਲ ਤੋਂ ਵੱਧ ਉਮਰ ਵਾਲੇ ਸਾਰੇ ਪੈਰਾ ਖਿਡਾਰੀ ਹਿੱਸਾ ਲੈ ਸਕਦੇ ਹਨ। ਇਸ ਮੌਕੇ ਪੰਜਾਬ ਪੈਰਾ ਸਪੋਰਟਸ ਐਸੋਸੀਏਸ਼ਨ ਦੇ ਅਹੁਦੇਦਾਰ ਪ੍ਰਧਾਨ ਚਰਨਜੀਤ ਸਿੰਘ ਬਰਾੜ, ਦਵਿੰਦਰ ਸਿੰਘ ਟਫੀ ਬਰਾੜ, ਡਾਕਟਰ ਰਮਨਦੀਪ ਸਿੰਘ, ਮੀਡੀਆ ਇੰਚਾਰਜ ਪ੍ਰਮੋਦ ਧੀਰ, ਜਗਰੂਪ ਸਿੰਘ ਸੂਬਾ ਬਰਾੜ, ਗੁਰਪ੍ਰੀਤ ਸਿੰਘ ਧਾਲੀਵਾਲ, ਜਸਇੰਦਰ ਸਿੰਘ ਢਿੱਲੋਂ, ਅਮਨਦੀਪ ਸਿੰਘ ਬਰਾੜ ਆਦਿ ਨੇ ਵੀ ਪੰਜਾਬ ਸਰਕਾਰ ਦਾ ਧੰਨਵਾਦ ਕੀਤਾ ਅਤੇ ਪੈਰਾ ਖਿਡਾਰੀਆਂ ਨੂੰ ਪੈਰਾ ਖੇਡਾਂ ਵਤਨ ਪੰਜਾਬ ਦੀਆਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ।