ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੂੰ ਦੂਜਾ ਯਾਦ ਪੱਤਰ ਲਿਖ ਕੇ ਕੀਤੀ ਮੰਗ
ਕੋਟਕਪੂਰਾ, 22 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਸੁਬਾਰਡੀਨੇਟ ਸਰਵਸਿਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗਡ਼੍ਹ ਦੇ ਸੂਬਾ ਪ੍ਰਧਾਨ ਰਣਜੀਤ ਸਿੰਘ ਰਾਣਵਾਂ, ਸੂਬਾਈ ਜਨਰਲ ਸਕੱਤਰ ਸੁਰਿੰਦਰ ਕੁਮਾਰ ਪੁਆਰੀ ਅਤੇ ਐਡੀਸ਼ਨਲ ਜਨਰਲ ਸਕੱਤਰ ਪ੍ਰੇਮ ਚਾਵਲਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਂਅ ਮਿਤੀ 21 ਨਵੰਬਰ 2023 ਨੂੰ ਦੂਜਾ ਯਾਦ ਪੱਤਰ ਰਜਿਸਟਰਡ ਡਾਕ ਰਾਹੀਂ ਭੇਜ ਕੇ ਮੰਗ ਕੀਤੀ ਕਿ ਪਿੰਡਾਂ ਵਿੱਚ ਕੰਮ ਕਰਦੇ ਸਮੂਹ ਮੁਲਾਜ਼ਮਾਂ ਅਤੇ ਅਧਿਕਾਰੀਆਂ ਲਈ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਬਣਦਾ 5 ਫੀਸਦੀ ਰੁਰਲ ਏਰੀਆ ਅਲਾਉਂਸ ਪੇਂਡੂ ਭੱਤਾ ਦੇਣ ਸਬੰਧੀ ਪੱਤਰ ਤੁਰੰਤ ਜਾਰੀ ਕੀਤਾ ਜਾਵੇ। ਇਸ ਪੱਤਰ ਰਾਹੀਂ ਜਥੇਬੰਦੀ ਵਲੋਂ ਉਨ੍ਹਾਂ ਦੇ ਧਿਆਨ ਵਿੱਚ ਲਿਆਂਦਾ ਗਿਆ ਹੈ ਕਿ ਪੰਜਾਬ ਸਰਕਾਰ ਦੇ ਵੱਖ-ਵੱਖ ਵਿਭਾਗਾਂ ਅਧੀਨ ਪਿੰਡਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਦੀਆਂ ਵਿਸ਼ੇਸ਼ ਸਮੱਸਿਆਵਾਂ ਨੂੰ ਮੱਦੇਨਜ਼ਰ ਰੱਖਦੇ ਹੋਏ, ਮੁਲਾਜ਼ਮ ਜੱਥੇਬੰਦੀਆਂ ਦੇ ਲਗਾਤਾਰ ਸੰਘਰਸ਼ ਦੇ ਦਬਾਅ ਸਦਕਾ ਤੇ ਜੱਥੇਬੰਦੀ ਦੀਆਂ ਦਲੀਲਾਂ ਨਾਲ ਸਹਿਮਤ ਹੁੰਦੇ ਹੋਏ, ਪੰਜਾਬ ਦੇ ਤੀਜੇ ਤਨਖ਼ਾਹ ਕਮਿਸ਼ਨ ਨੇ ਸਾਲ 1988 ਦੌਰਾਨ ਪਿੰਡਾਂ ਵਿੱਚ ਕੰਮ ਕਰਦੇ ਸਾਰੇ ਮੁਲਾਜ਼ਮਾਂ ਲਈ ਪੇਂਡੂ ਭੱਤਾ ਦੇਣ ਦੀ ਸਿਫ਼ਾਰਸ਼ ਕੀਤੀ ਸੀ। ਆਗੂਆਂ ਨੇ ਅੱਗੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਦੇ ਧਿਆਨ ਵਿੱਚ ਲਿਆਂਦਾ ਹੈ ਕਿ ਪੰਜਾਬ ਦੇ ਤੀਜੇ ਤਨਖ਼ਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਪ੍ਰਵਾਨ ਕਰਦੇ ਹੋਏ ਪੰਜਾਬ ਸਰਕਾਰ ਵੱਲੋਂ ਰੂਰਲ ਏਰੀਆ ਅਲਾਊਂਸ 1 ਸਤੰਬਰ 1988 ਤੋੰ (50 -250 ਰੁਪਏ) ਮੁੱਢਲੀ ਤਨਖ਼ਾਹ ਅਨੁਸਾਰ ਦੇਣ ਦਾ ਫ਼ੈਸਲਾ ਲਾਗੂ ਕੀਤਾ ਗਿਆ ਸੀ। ਇਸ ਤੋਂ ਬਾਅਦ ਪੰਜਾਬ ਦੇ ਚੌਥੇ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਨੂੰ ਲਾਗੂ ਕਰਦੇ ਹੋਏ ਵਿੱਤ ਵਿਭਾਗ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਲਈ 5 ਫ਼ੀਸਦੀ ਪੇਂਡੂ ਇਲਾਕਾ ਭੱਤਾ ਮਿਤੀ 1 ਸਤੰਬਰ 1997 ਤੋਂ ਦਿੱਤਾ ਗਿਆ ਸੀ। ਇਸ ਤੋਂ ਬਾਅਦ ਪੰਜਵੇਂ ਤਨਖਾਹ ਕਮਿਸ਼ਨ ਦੀਆਂ ਸਿਫ਼ਾਰਸ਼ਾਂ ਅਨੁਸਾਰ ਵਿੱਤ ਵਿਭਾਗ ਪੰਜਾਬ ਸਰਕਾਰ ਵੱਲੋਂ ਰੂਰਲ ਏਰੀਆ ਐਲਾਊੰਸ 6 ਫ਼ੀਸਦੀ ਦੀ ਦਰ ਨਾਲ ਮਿਤੀ 1 ਸਤੰਬਰ 2008 ਤੋੰ ਦੇਣ ਦਾ ਫੈਸਲਾ ਲਾਗੂ ਕੀਤਾ ਗਿਆ ਸੀ। ਇਸੇ ਤਰ੍ਹਾਂ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਪੰਜਾਬ ਸਰਕਾਰ ਨੂੰ ਮਿਤੀ 30 ਅਪ੍ਰੈਲ 2021 ਨੂੰ ਸੌਂਪੀ ਗਈ ਆਪਣੀ ਰਿਪੋਰਟ-1 ਦੇ ਪੈਰਾ ਨੰਬਰ 7.25 ਵਿੱਚ ਪਹਿਲਾਂ ਮਿਲ ਰਹੇ 6 ਫ਼ੀਸਦੀ ਰੂਰਲ ਏਰੀਆ ਅਲਾਊਂਸ ਨੂੰ ਸੋਧੀ ਬੇਸਿਕ ਪੇਅ ‘ਤੇ ਪਿੰਡਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਲਈ 5 ਫ਼ੀਸਦੀ ਰੂਰਲ ਏਰੀਆ ਅਲਾਊਂਸ ਦੇਣ ਦੀ ਸਿਫ਼ਾਰਸ਼ ਕੀਤੀ ਸੀ। ਆਗੂਆਂ ਨੇ ਪੱਤਰ ਵਿੱਚ ਅੱਗੇ ਮੁੱਖ ਮੰਤਰੀ ਪੰਜਾਬ ਅਤੇ ਵਿੱਤ ਮੰਤਰੀ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦਾ ਹੈ ਕਿ 5 ਸਤੰਬਰ 2021 ਨੂੰ ਪਿਛਲੀ ਹੁਕਮਰਾਨ ਕਾਂਗਰਸ ਸਰਕਾਰ ਵੱਲੋਂ ਮੁਲਾਜ਼ਮ ਵਿਰੋਧੀ ਵਤੀਰਾ ਅਖਤਿਆਰ ਕਰਦੇ ਹੋਏ ਰੈਸ਼ਨਲਾਈਜੇਸ਼ਨ ਦੇ ਨਾਂਅ ‘ਤੇ ਰੂਰਲ ਏਰੀਏ ਅਲਾਊੰਸ ਸਮੇਤ ਪਹਿਲਾਂ ਮਿਲ ਰਹੇ 37 ਭੱਤਿਆਂ ਨੂੰ ਪ੍ਰਵਾਨਗੀ ਦੇਣ ਤੋਂ ਰੋਕ ਲਿਆ ਗਿਆ ਸੀ। ਪਿਛਲੀ ਕੈਪਟਨ ਅਮਰਿੰਦਰ ਸਿੰਘ ਸਰਕਾਰ ਅਤੇ ਵਿਸ਼ੇਸ਼ ਤੌਰ ‘ਤੇ ਵਿੱਤ ਮੰਤਰੀ ਪੰਜਾਬ ਮਨਪ੍ਰੀਤ ਸਿੰਘ ਬਾਦਲ ਦੇ ਇਸ ਮੁਲਾਜ਼ਮ ਵਿਰੋਧੀ ਫੈਸਲੇ ਵਿਰੁੱਧ ਵਿਆਪਕ ਰੋਸ ਪੈਦਾ ਹੋ ਗਿਆ ਸੀ ਤੇ ਮੁਲਾਜ਼ਮਾਂ ਨੇ ਆਪਣੇ ਗੁੱਸੇ ਦਾ ਪ੍ਰਗਟਾਵਾ 20 ਫਰਵਰੀ 2022 ਨੂੰ ਆਪਣੇ ਵੋਟ ਦੇ ਹੱਕ ਦੀ ਵਰਤੋਂ ਕਰਕੇ ਆਮ ਆਦਮੀ ਪਾਰਟੀ ਦੇ ਹੱਕ ਵਿੱਚ ਵੱਡਾ ਫਤਵਾ ਦਿੱਤਾ ਸੀ | ਆਗੂਆਂ ਨੇ ਅੱਗੇ ਕਿਹਾ ਕਿ ਮੁਲਾਜ਼ਮ ਜੱਥੇਬੰਦੀਆਂ ਪਿਛਲੇ 20 ਮਹੀਨਿਆਂ ਤੋਂ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹੁਕਮਰਾਨ ਪੰਜਾਬ ਸਰਕਾਰ ਤੋਂ ਮੰਗ ਕਰ ਰਹੀਆਂ ਹਨ ਕਿ ਰੂਰਲ ਏਰੀਏ ਅਲਾਊਂਸ ਸਮੇਤ ਪਿਛਲੀ ਕਾਂਗਰਸ ਸਰਕਾਰ ਵੱਲੋਂ ਰੈਸ਼ਨੇਲਾਈਜ਼ੇਸ਼ਨ ਦੇ ਨਾਂ ਤੇ ਰੋਕੇ ਗਏ ਵੱਖ-ਵੱਖ ਤਰ੍ਹਾਂ ਦੇ 37 ਭੱਤੇ ਤੁਰੰਤ ਬਹਾਲ ਕੀਤੇ ਜਾਣ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ ਪੰਜਾਬ ਦੇ ਛੇਵੇਂ ਤਨਖਾਹ ਕਮਿਸ਼ਨ ਵੱਲੋਂ ਰੂਰਲ ਏਰੀਆ ਅਲਾਊਂਸ ਦੇਣ ਸੰਬੰਧੀ ਆਪਣੀ ਰਿਪੋਰਟ ਦੇ ਪੈਰਾ ਨੰਬਰ 7.25 ਵਿੱਚ ਪੇਸ਼ ਕੀਤੀ ਤਜ਼ਵੀਜ਼ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਦੇ ਪਿੰਡਾਂ ਵਿੱਚ ਕੰਮ ਕਰਦੇ ਮੁਲਾਜ਼ਮਾਂ ਲਈ ਮਿਤੀ 1 ਜੁਲਾਈ 2021 ਤੋਂ ਪੇਂਡੂ ਇਲਾਕਾ ਭੱਤਾ 5 ਫੀਸਦੀ ਦੇਣ ਦਾ ਪੱਤਰ ਤੁਰੰਤ ਜਾਰੀ ਕੀਤਾ ਜਾਵੇ।