ਕਿਹਾ! ਨੌਜਵਾਨਾਂ ਦਾ ਉਤਸ਼ਾਹ ਪੰਜਾਬ ’ਚ ਬਦਲਾਅ ਦੀ ਇੱਛਾ ਦਾ ਪ੍ਰਗਟਾਵਾ
6 ਨਵੰਬਰ ਨੂੰ ਕੋਟਕਪੂਰਾ ਵਿਖੇ ਹੋਵੇਗੀ ਯੂਥ ਵਿੰਗ ਦੀ ਵੱਡੀ ਰੈਲੀ : ਬਰਾੜ

ਕੋਟਕਪੂਰਾ, 1 ਨਵੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪੰਜਾਬ ਭਰ ਵਿੱਚ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨ ਅਤੇ ਲਾਮਬੰਦ ਕਰਨ ਲਈ ਵਿਸ਼ੇਸ਼ ਮੁਹਿੰਮ ਸ਼ੁਰੂ ਕੀਤੀ ਗਈ ਹੈ। ਇਸੇ ਮੁਹਿੰਮ ਤਹਿਤ ਅੱਜ ਕੋਟਕਪੂਰਾ-ਫਰੀਦਕੋਟ ਵਿਖੇ ਸਥਿੱਤ ਮਲਕੀਤ ਪੈਲੇਸ ਸੰਧਵਾਂ ਵਿਖੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਅਤੇ ਜਿਲਾ ਪ੍ਰਧਾਨ ਜਥੇਦਾਰ ਸ਼ੇਰ ਸਿੰਘ ਮੰਡ ਦੀ ਅਗਵਾਈ ਹੇਠ ਯੂਥ ਅਕਾਲੀ ਦਲ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਨੇ ਹਲਕਾ ਕੋਟਕਪੂਰਾ ਦੇ ਯੂਥ ਵਿੰਗ ਦੇ ਅਹੁਦੇਦਾਰਾਂ ਅਤੇ ਆਗੂਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਝੋਨੇ ਦੇ ਸੀਜ਼ਨ ਅਤੇ ਰੁਝੇਵਿਆਂ ਭਰੇ ਸਮੇਂ ਦੇ ਬਾਵਜੂਦ ਨੌਜਵਾਨਾਂ ਦੀ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਇਸ ਗੱਲ ਦਾ ਪ੍ਰਗਟਾਵਾ ਹੈ ਕਿ ਪੰਜਾਬ ਦੇ ਨੌਜਵਾਨ ਆਪਣੇ ਭਵਿੱਖ ਨੂੰ ਲੈ ਕੇ ਜਾਗਰੂਕ ਹੋ ਰਹੇ ਹਨ ਅਤੇ ਪੰਜਾਬ ਦੀ ਭਾਈਚਾਰਕ ਸਾਂਝ ਤੇ ਤਰੱਕੀ ਲਈ ਪਾਰਟੀ ਦੀਆਂ ਨੀਤੀਆਂ ਨਾਲ ਜੁੜ ਰਹੇ ਹਨ। ਸਰਬਜੀਤ ਸਿੰਘ ਝਿੰਜਰ ਨੇ ਮੌਜੂਦਾ ਸਰਕਾਰ ਅਤੇ ਇਸ ਦੇ ਆਗੂਆਂ ਉੱਤੇ ਨਿਸ਼ਾਨਾ ਸਾਧਦਿਆਂ ਦੋਸ਼ ਲਾਇਆ ਕਿ ਪਿਛਲੇ 5 ਤੋਂ 7 ਸਾਲਾਂ ਦੌਰਾਨ ਲੋਕਾਂ ਨਾਲ ਕੀਤੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਅਤੇ ਖ਼ਾਸ ਕਰਕੇ ਨੌਜਵਾਨਾਂ ਵਿੱਚ ਸਰਕਾਰ ਪ੍ਰਤੀ ਨਿਰਾਸ਼ਾ ਹੈ ਅਤੇ ਨੌਜਵਾਨ ਪੰਜਾਬ ਦੇ ਸੁਨਹਿਰੀ ਭਵਿੱਖ ਲਈ ਨਵੀਂ ਦਿਸ਼ਾ ਦੀ ਭਾਲ ਕਰ ਰਹੇ ਹਨ। ਉਨ੍ਹਾਂ ਅਨੁਸਾਰ ਅੱਜ ਦੇ ਇਕੱਠ ਵਿੱਚ ਨੌਜਵਾਨਾਂ ਦਾ ਉਤਸ਼ਾਹ ਇਸ ਗੱਲ ਦਾ ਸੰਕੇਤ ਹੈ ਕਿ ਉਹ ਸੂਬੇ ਦੀ ਰਾਜਨੀਤੀ ਵਿੱਚ ਆਪਣੀ ਭੂਮਿਕਾ ਨਿਭਾਉਣ ਲਈ ਅੱਗੇ ਆ ਰਹੇ ਹਨ। ਇਸ ਮੌਕੇ ਸਾਬਕਾ ਵਿਧਾਇਕ ਮਨਤਾਰ ਸਿੰਘ ਬਰਾੜ ਨੇ ਕਿਹਾ ਕਿ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਸ਼੍ਰੋਮਣੀ ਅਕਾਲੀ ਦਲ ਵੱਲੋਂ ਪਾਰਟੀ ਦੇ ਵੱਖ-ਵੱਖ ਵਿੰਗਾਂ ਦੀਆਂ ਰੈਲੀਆਂ ਅਤੇ ਇਕੱਠ ਕੀਤੇ ਜਾ ਰਹੇ ਹਨ। ਇਸਤਰੀ ਅਕਾਲੀ ਦਲ, ਐੱਸ.ਸੀ. ਵਿੰਗ, ਬੀ.ਸੀ. ਵਿੰਗ ਤੋਂ ਬਾਅਦ ਹੁਣ ਯੂਥ ਵਿੰਗ ਨੂੰ ਮਜ਼ਬੂਤ ਕਰਨ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਐਲਾਨ ਕੀਤਾ ਕਿ 6 ਨਵੰਬਰ ਨੂੰ ਦੁਪਹਿਰ 2.00 ਵਜੇ ਕੋਟਕਪੂਰਾ ਵਿਖੇ ਯੂਥ ਵਿੰਗ ਦੀ ਵੱਡੀ ਰੈਲੀ ਕੀਤੀ ਜਾਵੇਗੀ, ਜਿਸ ਵਿੱਚ ਵੱਡੀ ਗਿਣਤੀ ਵਿੱਚ ਨੌਜਵਾਨਾਂ ਅਤੇ ਪਾਰਟੀ ਵਰਕਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ। ਮਨਤਾਰ ਸਿੰਘ ਬਰਾੜ ਅਤੇ ਹਰਿੰਦਰ ਸਿੰਘ ਮਹਿਰਾਜ ਨੇ ਕਿਹਾ ਕਿ ਝੋਨੇ ਦੇ ਸੀਜ਼ਨ ਅਤੇ ਕਿਸਾਨਾਂ ਦੇ ਰੁਝੇਵਿਆਂ ਦੇ ਬਾਵਜੂਦ ਪਿੰਡਾਂ ਅਤੇ ਸ਼ਹਿਰਾਂ ਵਿੱਚੋਂ ਲੋਕਾਂ ਦਾ ਮਿਲ ਰਿਹਾ ਹੁੰਗਾਰਾ ਪਾਰਟੀ ਲਈ ਮਹੱਤਵਪੂਰਨ ਹੈ। ਉਨ੍ਹਾਂ ਪੰਜਾਬ ਦੇ ਨੌਜਵਾਨਾਂ ਦੇ ਉਤਸ਼ਾਹ ਦੀ ਤੁਲਨਾ ਇੱਕ ਪੁਰਾਣੀ ਕਹਾਵਤ ਨਾਲ ਕਰਦਿਆਂ ਕਿਹਾ ਕਿ ਜਿਵੇਂ ਮਾਂ ਆਪਣੇ ਪੁੱਤਰ ਨੂੰ ਕਣਕ ਦਾ ਬੀਜ ਸੁਰੱਖਿਅਤ ਰੱਖਣ ਲਈ ਭਰੋਲੇ ਵਿੱਚ ਬਿਠਾਉਂਦੀ ਹੈ, ਉਸੇ ਤਰ੍ਹਾਂ ਅੱਜ ਪੰਜਾਬ ਦੇ ਨੌਜਵਾਨ ਆਪਣੇ ਆਉਣ ਵਾਲੇ ਸਮੇਂ ਅਤੇ ਭਵਿੱਖ ਨੂੰ ਸੁਰੱਖਿਅਤ ਬਣਾਉਣ ਲਈ ਅੱਗੇ ਆ ਰਹੇ ਹਨ। ਉਨ੍ਹਾਂ ਅੱਗੇ ਕਿਹਾ ਕਿ ਆਜ਼ਾਦੀ ਤੋਂ ਲੈ ਕੇ ਸਾਲ 2022 ਤੱਕ ਪੰਜਾਬ ਵਿੱਚ ਵੱਖ-ਵੱਖ ਪਾਰਟੀਆਂ ਦੀਆਂ ਸਰਕਾਰਾਂ ਰਹੀਆਂ ਹਨ, ਜਦਕਿ ਸ਼੍ਰੋਮਣੀ ਅਕਾਲੀ ਦਲ ਨੇ ਵੀ ਲੰਮਾ ਸਮਾਂ ਸੂਬੇ ਦੀ ਸੇਵਾ ਕੀਤੀ ਹੈ। ਉਨ੍ਹਾਂ ਅਕਾਲੀ ਸਰਕਾਰਾਂ ਦੇ ਕਾਰਜਕਾਲ ਦੌਰਾਨ ਹੋਏ ਵਿਕਾਸ ਕਾਰਜਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਥਰਮਲ ਪਲਾਂਟਾਂ, ਸਕੂਲਾਂ, ਵਾਟਰ ਵਰਕਸ, ਸੜਕਾਂ, ਹਸਪਤਾਲਾਂ, ਡਿਪਟੀ ਕਮਿਸ਼ਨਰ ਦਫ਼ਤਰਾਂ, ਨਿਆਂਇਕ ਕੰਪਲੈਕਸਾਂ ਅਤੇ ਪੁਲਾਂ ਦਾ ਨਿਰਮਾਣ ਕਰਵਾਇਆ ਗਿਆ। ਉਨ੍ਹਾਂ ਕਿਹਾ ਕਿ ਪਾਰਟੀ ਵੱਲੋਂ ਇਨ੍ਹਾਂ ਵਿਕਾਸ ਕਾਰਜਾਂ ਅਤੇ ਆਪਣੀਆਂ ਨੀਤੀਆਂ ਨੂੰ ਲੈ ਕੇ ਲੋਕਾਂ ਤੱਕ ਪਹੁੰਚ ਕੀਤੀ ਜਾ ਰਹੀ ਹੈ ਅਤੇ ਨੌਜਵਾਨਾਂ ਨੂੰ ਇਸ ਮੁਹਿੰਮ ਦਾ ਹਿੱਸਾ ਬਣਾਇਆ ਜਾ ਰਿਹਾ ਹੈ। ਅੰਤ ਵਿੱਚ ਸਰਬਜੀਤ ਸਿੰਘ ਝਿੰਜਰ ਦਾ ਸਿਰੋਪਾਉ ਪਾ ਕੇ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ ਕੁਲਤਾਰ ਸਿੰਘ ਬਰਾੜ, ਅਨੁਪ੍ਰਤਾਪ ਸਿੰਘ ਬਰਾੜ, ਜਸਪਾਲ ਸਿੰਘ ਮੌੜ, ਕੁਲਦੀਪ ਸਿੰਘ, ਰਣਜੀਤ ਸਿੰਘ ਠਾੜਾ, ਅਰਸ਼ ਚਾਹਲ, ਬਲਵੀਰ ਸਿੰਘ, ਦਿਲਪ੍ਰੀਤ ਸਿੰਘ ਮੌੜ, ਹਰਜੀਤ ਸਿੰਘ, ਸਰਬਜੀਤ ਸਿੰਘ ਬੱਬੂ, ਬਲਵੀਰ ਸਿੰਘ ਰਾਓ, ਜਗੀਰ ਸਿੰਘ, ਗੁਰਵਿੰਦਰ ਸਿੰਘ ਮਾਨ, ਸੁਖਮੰਦਰ ਸਿੰਘ, ਕੁਲਵੰਤ ਸਿੰਘ, ਗੁਰਪ੍ਰੀਤ ਸਿੰਘ, ਹੁਸ਼ਿਆਰ ਸਿੰਘ ਸਿੱਧੂ, ਹਰਮਨ ਸਿੰਘ ਸਿੱਧੂ, ਰਣਜੀਤ ਸਿੰਘ ਸਿੱਧੂ, ਕਵਲਜੀਤ ਸਿੰਘ, ਜਸ਼ਨ ਦੁੱਗਲ ਆਦਿ ਵੀ ਹਾਜਰ ਸਨ।

