ਫਰੀਦਕੋਟ ,17 ਜੁਲਾਈ (ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ (ਸਬੰਧਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਿਜ਼ ਫੈਡਰੇਸ਼ਨ 1680, 22ਬੀ, ਚੰਡੀਗੜ੍ਹ) ਜ਼ਿਲ੍ਹਾ ਇਕਾਈ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਮੀਤ ਪ੍ਰਧਾਨ ਗੁਰਚਰਨ ਸਿੰਘ ਮਾਨ, ਜਨਰਲ ਸਕੱਤਰ ਪ੍ਰੇਮ ਚਾਵਲਾ, ਵਿੱਤ ਸਕੱਤਰ ਸੋਮਨਾਥ ਅਰੋੜਾ, ਪ੍ਰੈਸ ਸਕੱਤਰ ਇਕਬਾਲ ਸਿੰਘ ਮੰਘੇੜਾ ਅਤੇ ਸਹਾਇਕ ਵਿੱਤ ਸਕੱਤਰ ਤਰਸੇਮ ਨਰੂਲਾ ਨੇ ਦਸਿਆ ਕਿ ਜ਼ਿਲ੍ਹਾ ਫਰੀਦਕੋਟ ਦੇ ਪੈਨਸ਼ਨਰਾਂ ਦਾ ਚੋਣ ਇਜਲਾਸ
ਮਿਤੀ 19 ਜੁਲਾਈ 2024 ਦਿਨ ਸ਼ੁੱਕਰਵਾਰ ਨੂੰ ਸਵੇਰੇ ਠੀਕ 10:00 ਵਜੇ ਸ਼ਹੀਦ ਭਗਤ ਸਿੰਘ ਪਾਰਕ ਨੇੜੇ ਪੁਰਾਣਾ ਕਿਲਾ ਕੋਟਕਪੂਰਾ ਵਿਖੇ ਕੀਤਾ ਜਾ ਰਿਹਾ ਹੈ। ਉਹਨਾਂ ਅੱਗੇ ਦੱਸਿਆ ਕਿ ਇਜਲਾਸ ਦੌਰਾਨ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਪ੍ਰਤੀ ਅਖਤਿਆਰ ਕੀਤੇ ਗਏ ਵਤੀਰੇ ਸਬੰਧੀ ਵਿਚਾਰ ਚਰਚਾ ਕੀਤੀ ਜਾਵੇਗੀ ਅਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੀ ਨਵੀਂ ਕਾਰਜਕਾਰਨੀ ਕਮੇਟੀ ਦੀ ਚੋਣ ਕੀਤੀ ਜਾਵੇਗੀ। ਇਸ ਮੌਕੇ ਤੇ ਪੰਜਾਬ ਪੈਨਸ਼ਨਰਜ਼ ਯੂਨੀਅਨ ਦੇ ਸੂਬਾਈ ਆਗੂ ਵਿਸ਼ੇਸ਼ ਤੌਰ ‘ਤੇ ਪਹੁੰਚ ਕੇ ਆਪਣੇ ਵਿਚਾਰ ਸਾਂਝੇ ਕਰਨਗੇ। ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਲੱਖਾਂ ਮੁਲਾਜ਼ਮ ਅਤੇ ਪੈਨਸ਼ਨਰ ਇਸ ਸਮੇਂ ਕੇਂਦਰ ਅਤੇ ਬਹੁਤ ਸਾਰੇ ਹੋਰ ਰਾਜਾਂ ਦੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨਾਲੋਂ 12 ਫੀਸਦੀ ਡੀ ਏ ਘੱਟ ਲੈ ਰਹੇ ਹਨ, ਪੰਜਾਬ ਸਰਕਾਰ ਵੱਲ ਜਨਵਰੀ 2016 ਤੋਂ 30 ਜੂਨ 2021 ਤੱਕ ਦਾ ਸਾਢੇ ਪੰਜ ਸਾਲਾਂ ਦਾ ਸੋਧੇ ਤਨਖਾਹ ਸਕੇਲਾਂ ਦਾ ਬਕਾਇਆ ਖੜਾ ਹੈ, ਪੈਨਸ਼ਨਰਾਂ ਲਈ 2.59 ਦਾ ਗੁਣਾਂਕ ਲਾਗੂ ਨਹੀਂ ਕੀਤਾ ਜਾ ਰਿਹਾ ਅਤੇ ਪੰਜਾਬ ਸਰਕਾਰ ਜਨਵਰੀ 2004 ਤੋਂ ਬਾਅਦ ਭਰਤੀ ਹੋਣ ਵਾਲੇ ਮੁਲਾਜ਼ਮਾਂ ਵਾਸਤੇ ਪੁਰਾਣੀ ਪੈਨਸ਼ਨ ਸਕੀਮ ਬਹਾਲ ਕਰਨ ਦੇ ਵਾਅਦੇ ਨੂੰ ਪੂਰਾ ਕਰਨ ਦੀ ਬਜਾਏ ਪੰਜਾਬ ਸਰਕਾਰ ਵੱਖਰੇ ਵੱਖਰੇ ਬਹਾਨੇ ਘੜਕੇ ਪੁਰਾਣੀ ਪੈਨਸ਼ਨ ਸਕੀਮ ਨੂੰ ਲਾਗੂ ਕਰਨ ਤੋਂ ਲਗਾਤਾਰ ਭੱਜ ਰਹੀ ਹੈ।