ਕੋਟਕਪੂਰਾ, 6 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਕੁਲਵੰਤ ਸਿੰਘ ਚਾਨੀ, ਜਨਰਲ ਸਕੱਤਰ ਪ੍ਰੇਮ ਚਾਵਲਾ ਅਤੇ ਵਿੱਤ ਸਕੱਤਰ ਸੋਮਨਾਥ ਅਰੋੜਾ ਨੇ ਦੱਸਿਆ ਹੈ ਕਿ ਸਮੂਹ ਪੈਨਸ਼ਨਰਾਂ ਦੀ ਮਹੀਨਾਵਾਰ ਮੀਟਿੰਗ ਮਿਤੀ 9 ਦਸੰਬਰ ਦਿਨ ਸ਼ਨਿਚਰਵਾਰ ਨੂੰ ਸਵੇਰੇ 11:00 ਵਜੇ ਪੰਜਾਬ ਪੈਨਸ਼ਨਰ ਯੂਨੀਅਨ ਦੇ ਦਫਤਰ ਸ਼ਹੀਦ ਭਗਤ ਸਿੰਘ ਪਾਰਕ, ਸਾਹਮਣੇ ਕਿਲੇ ਵਾਲਾ ਸਕੂਲ ਕੋਟਕਪੂਰਾ ਵਿਖੇ ਰੱਖੀ ਗਈ ਹੈ। ਉਹਨਾਂ ਅੱਗੇ ਦੱਸਿਆ ਕਿ ਇਸ ਮੀਟਿੰਗ ਦੇ ਦੌਰਾਨ ਪੰਜਾਬ ਸਰਕਾਰ ਦੇ ਪੈਨਸ਼ਨਰ ਤੇ ਮੁਲਾਜ਼ਮ ਵਿਰੋਧੀ ਵਤੀਰੇ ਖਿਲਾਫ ਚੱਲ ਰਹੇ ਵੱਖ ਵੱਖ ਵਰਗਾਂ ਦੇ ਸੰਘਰਸ਼ਾਂ ਬਾਰੇ, 17 ਦਸੰਬਰ 2023 ਦਿਨ ਐਤਵਾਰ ਨੂੰ ਕੋਟਕਪੂਰਾ ਵਿੱਚ ਪੈਨਸ਼ਨਰ ਡੇਅ ਮਨਾਉਣ ਅਤੇ ਬਜ਼ੁਰਗ ਪੈਨਸ਼ਨਰਾਂ ਨੂੰ ਸਨਮਾਨਿਤ ਕਰਨ ਦੀ ਰੂਪ ਰੇਖਾ ਉਲੀਕਣ ਬਾਰੇ ਅਤੇ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 14 ਦਸੰਬਰ ਨੂੰ ਕੋਟਕਪੂਰਾ ਤੇ ਜੈਤੋ ਵਿਖੇ ਅਤੇ 15 ਦਸੰਬਰ ਨੂੰ ਡੀ ਸੀ ਫਰੀਦਕੋਟ ਦੇ ਦਫਤਰ ਮਿੰਨੀ ਸਕੱਤਰੇਤ ਸਾਹਮਣੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਲਗਾਤਾਰ ਮੁਲਾਜ਼ਮ ਤੇ ਪੈਨਸ਼ਨਰ ਮੰਗਾਂ ਦੀ ਅਣਦੇਖੀ ਕਰਨ ਦੇ ਖਿਲਾਫ ਰੋਸ ਪ੍ਰਦਰਸ਼ਨ ਕਰਨ ਤੋਂ ਬਾਅਦ ਪੁਤਲੇ ਫੂਕੇ ਜਾਣ ਦੇ ਐਕਸ਼ਨ ਪ੍ਰੋਗਰਾਮਾਂ ਵਿੱਚ ਭਰਵੀਂ ਗਿਣਤੀ ਵਿੱਚ ਸ਼ਾਮਲ ਹੋਣ ਬਾਰੇ ਵਿਚਾਰ ਵਟਾਂਦਰਾ ਕੀਤਾ ਜਾਵੇਗਾ। ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਤੁਰੰਤ ਸਮੂਹ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਡੀ.ਏ. ਦੀਆਂ ਬਕਾਇਆ ਪਈਆਂ ਮਹਿੰਗਾਈ ਭੱਤੇ ਦੀਆਂ 12 ਫੀਸਦੀ ਤਿੰਨ ਕਿਸ਼ਤਾਂ ਦਿੱਤੀਆਂ ਜਾਣ, ਸੋਧੇ ਗਏ ਤਨਖ਼ਾਹ ਸਕੇਲਾਂ ਅਤੇ ਪੈਨਸ਼ਨਾਂ ਦਾ ਸਾਢੇ ਪੰਜ ਸਾਲਾਂ ਦਾ ਬਣਦਾ ਬਕਾਇਆ ਦੇਣ, ਪੈਨਸ਼ਨਰਾਂ ਨੂੰ 2.59 ਦਾ ਗੁਣਾਂਕ ਅਨੁਸਾਰ ਲਾਭ ਦਿੱਤਾ ਜਾਵੇ, ਪੁਰਾਣੀ ਪੈਨਸ਼ਨ ਸਕੀਮ ਅਸਲ ਰੂਪ ਵਿੱਚ ਤੁਰੰਤ ਬਹਾਲ ਕੀਤਾ ਜਾਵੇ ਆਦਿ ਮੰਗਾਂ ਤੁਰੰਤ ਲਾਗੂ ਕੀਤੀਆਂ ਜਾਣ।