ਕੋਟਕਪੂਰਾ, 4 ਮਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਮੁਲਾਜਮ ਅਤੇ ਪੈਨਸ਼ਨਰ ਸਾਂਝਾ ਫਰੰਟ ਵੱਲੋਂ ਉਲੀਕੇ ਗਏ ਐਕਸ਼ਨ ਪ੍ਰੋਗਰਾਮ ਅਨੁਸਾਰ 5 ਮਈ ਦਿਨ ਐਤਵਾਰ ਨੂੰ ਸਵੇਰੇ ਠੀਕ 10:00 ਵਜੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਸੂਬਾਈ ਕਨਵੈਨਸ਼ਨ ਕੀਤੀ ਜਾ ਰਹੀ ਹੈ। ਮੁਲਾਜਮ ਤੇ ਪੈਨਸ਼ਨਰ ਆਗੂ ਚਰਨ ਸਿੰਘ ਸਰਾਭਾ, ਦਰਸਨ ਸਿੰਘ ਲਬਾਣਾ,ਰਣਜੀਤ ਸਿੰਘ ਰਾਣਵਾਂ, ਜਗਦੀਸ਼ ਸਿੰਘ ਚਾਹਲ, ਗੁਰਜੀਤ ਸਿੰਘ ਘੋੜੇਵਾਹ, ਗੁਰਮੇਲ ਸਿੰਘ ਮੈਲਡੇ, ਗੁਰਪ੍ਰੀਤ ਸਿੰਘ ਮੰਗਵਾਲ, ਸੁਰਿੰਦਰ ਕੁਮਾਰ ਪੁਆਰੀ, ਪ੍ਰੇਮ ਚਾਵਲਾ, ਕਰਤਾਰ ਸਿੰਘ ਪਾਲ, ਪ੍ਰਵੀਨ ਕੁਮਾਰ ਲੁਧਿਆਣਾ, ਜਸਵਿੰਦਰ ਪਾਲ ਉੱਘੀ, ਪ੍ਰਭਜੀਤ ਸਿੰਘ ਉੱਪਲ ਅਤੇ ਡਿੰਪਲ ਰੁਹੇਲਾ ਨੇ ਦੱਸਿਆ ਕਿ ਇਸ ਕਨਵੈਨਸ਼ਨ ’ਚ ਭਰਵੀਂ ਸਮੂਲੀਅਤ ਕਰਨ ਲਈ ਪੰਜਾਬ ਸੁਬਾਰਡੀਨੇਟ ਸਰਵਿਸਜ ਫੈਡਰੇਸ਼ਨ 1680 ਸੈਕਟਰ 22ਬੀ ਚੰਡੀਗੜ, ਦੀ ਕਲਾਸ ਫੋਰ ਗੌਰਮਿੰਟ ਇੰਪਲਾਈਜ ਯੂਨੀਅਨ ਪੰਜਾਬ, ਪੰਜਾਬ ਗੌਰਮਿੰਟ ਟ੍ਰਾਂਸਪੋਰਟ ਵਰਕਰਜ ਯੂਨੀਅਨ, ਪੰਜਾਬ ਪੈਨਸਨਰਜ ਯੂਨੀਅਨ ਅਤੇ ਹੋਰ ਸਹਿਯੋਗੀ ਜਥੇਬੰਦੀਆਂ ਵਲੋਂ ਪੂਰੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ। ਆਗੂਆਂ ਨੇ ਅੱਗੇ ਦੋਸ਼ ਲਾਇਆ ਕਿ ਮੌਜੂਦਾ ਕੇਂਦਰੀ ਹੁਕਮਰਾਨ ਮੋਦੀ ਸਰਕਾਰ ਅਤੇ ਪੰਜਾਬ ਸਰਕਾਰ ਵਲੋਂ ਲਗਾਤਾਰ ਗਿਣੀ ਮਿਥੀ ਸਾਜਿਸ਼ ਤਹਿਤ ਮੁਲਾਜਮਾਂ ਅਤੇ ਪੈਨਸ਼ਨਰਾਂ ਦੀਆਂ ਮੁੱਖ ਮੰਗਾਂ ਨੂੰ ਨਜਰ ਅੰਦਾਜ ਕੀਤਾ ਹੋਇਆ ਹੈ। ਜਿਸ ਕਾਰਨ ਮੁਲਾਜਮਾਂ ਅਤੇ ਪੈਨਸ਼ਨਰਾਂ ’ਚ ਇਹਨਾਂ ਹੁਕਮਰਾਨ ਸਰਕਾਰਾਂ ਪ੍ਰਤੀ ਵਿਆਪਕ ਰੋਸ ਪਾਇਆ ਜਾ ਰਿਹਾ ਹੈ। ਪੰਜਾਬ ਮੁਲਾਜਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਮੰਗ ਪੱਤਰ ’ਚ ਸ਼ਾਮਿਲ ਹੋਰ ਸਾਰੀਆਂ ਮੰਗਾਂ ਦਾ ਤੁਰਤ ਨਿਪਟਾਰਾ ਕੀਤਾ ਜਾਵੇ। ਉਕਤ ਕਨਵੈਨਸ਼ਨ ’ਚ ਕੇਂਦਰ ਅਤੇ ਪੰਜਾਬ ਸਰਕਾਰ ਖਿਲਾਫ ਅਗਲੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ।