ਕੋਟਕਪੂਰਾ, 7 ਜੂਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਜਨਤਾ ਪਾਰਟੀ ਦੇ ਵਿੰਗ ਅਨੁਸੂਚਿਤ ਜਾਤੀ ਮੋਰਚੇ ਵਲੋਂ ਡਿਪਟੀ ਕਮਿਸ਼ਨਰ ਫ਼ਰੀਦਕੋਟ ਦੀ ਗ਼ੈਰ ਹਾਜ਼ਰੀ ਵਿੱਚ ਏ.ਡੀ.ਸੀ. ਗੁਰਕਿਰਨਦੀਪ ਸਿੰਘ ਰਾਹੀਂ ਪੰਜਾਬ ਸਰਕਾਰ ਨੂੰ ਮੰਗ ਪੱਤਰ ਭੇਜ ਕੇ ਮੰਗ ਕੀਤੀ ਕਿ ਡਾ. ਭੀਮ ਰਾਓ ਅੰਬੇਦਕਰ ਦੀਆਂ ਮੂਰਤੀਆਂ ਦੀ ਹੋ ਰਹੀ ਬੇਅਦਬੀ ਦੇ ਸਬੰਧ ਵਿਚ ਸਖ਼ਤ ਕਾਰਵਾਈ ਕੀਤੀ ਜਾਵੇ ਤਾਂ ਕਿ ਅੱਗੇ ਤੋਂ ਕੋਈ ਅਜਿਹੀ ਹਰਕਤ ਨਾ ਕਰ ਸਕੇ। ਮੋਰਚੇ ਦੇ ਸੂਬਾਈ ਮੀਤ ਪ੍ਰਧਾਨ ਜਸਪਾਲ ਸਿੰਘ ਪੰਜਗਰਾਈਂ ਨੇ ਦੱਸਿਆ ਕਿ ਉਨ੍ਹਾਂ ਵਲੋਂ ਪੰਜਾਬ ਸਰਕਾਰ ਦੇ ਧਿਆਨ ਵਿਚ ਲਿਆਂਦਾ ਹੈ ਕਿ ਪੰਜਾਬ ਵਿਚ ਕਈ ਥਾਵਾਂ ‘ਤੇ ਸਾਜਿਸ਼ ਤਹਿਤ ਭਾਰਤ ਦੇ ਸੰਵਿਧਾਨ ਦੇ ਨਿਰਮਾਤਾ ਡਾ. ਭੀਮ ਰਾਓ ਅੰਬੇਦਕਰ ਦੀਆਂ ਮੂਰਤੀਆਂ ਦੀਆਂ ਬੇਅਦਬੀਆਂ ਕੀਤੀਆਂ ਜਾ ਰਹੀਆਂ ਹਨ। ਇਨ੍ਹਾਂ ਬੇਅਦਬੀਆਂ ਨੂੰ ਅੰਜਾਮ ਦੇਣ ਵਾਲਿਆਂ ਲਈ ਸਰਕਾਰ ਵਲੋਂ ਸਖ਼ਤ ਕਰਵਾਈ ਕਰਨ ਤੋਂ ਗੁਰੇਜ਼ ਕੀਤਾ ਜਾ ਰਿਹਾ ਹੈ, ਜਿਸ ਕਾਰਨ ਹੋਰਾਂ ਗੈਰ ਸਮਾਜਿਕ ਅਨਸਰਾਂ ਨੂੰ ਹਿੰਮਤ ਮਿਲਦੀ ਹੈ। ਉਨ੍ਹਾਂ ਮੰਗ ਕੀਤੀ ਕਿ ਪਿੰਡ ਨੰਗਲ (ਨਜਦੀਕ ਫਿਲੌਰ) ਵਿਖੇ ਹੋਈ ਬੇਅਦਬੀ ਦੇ ਦੋਸ਼ੀਆਂ ਖ਼ਿਲਾਫ਼ ਤੁਰੰਤ ਪਰਚਾ ਦਰਜ ਕੀਤਾ ਜਾਵੇ, ਸੂਬੇ ਭਰ ਵਿਚ ਡਾ. ਅੰਬੇਡਕਰ ਦੀਆਂ ਮੂਰਤੀਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ, ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਸਖ਼ਤ ਕਾਨੂੰਨ ਬਣਾਇਆ ਜਾਵੇ। ਇਸ ਮੌਕੇ ਹੋਰਨਾਂ ਤੋਂ ਵਾਹਿਗੁਰੂ ਸਿੰਘ, ਸਰਵਨ ਸਿੰਘ, ਸੁਖਦੇਵ ਸਿੰਘ, ਹਰਪ੍ਰੀਤ ਸਿੰਘ, ਵਕੀਲ ਸਿੰਘ ਆਦਿ ਵੀ ਹਾਜ਼ਰ ਸਨ।