ਮਿੰਨੀ ਸਕੱਤਰੇਤ ਦੇ ਅੰਦਰ ਨਾ ਜਾਣ ਦੇ ਰੋਸ ਵਜੋਂ ਆਵਾਜਾਈ ਠੱਪ, ਨਾਹਰੇਬਾਜੀ
ਕੋਟਕਪੂਰਾ, 7 ਫਰਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਸੂਬਾ ਸਰਕਾਰ ਖਿਲਾਫ ਮੰਗਲਵਾਰ ਤੋਂ ਪੰਜ ਦਿਨਾਂ ਤੱਕ ਧਰਨੇ ਦੇਣ ਦੇ ਦਿੱਤੇ ਸੱਦੇ ਤਹਿਤ ਯੂਨੀਅਨ ਨੇ ਸਥਾਨਕ ਮਿੰਨੀ ਸਕੱਤਰੇਤ ਮੂਹਰੇ ਰੋਸ ਧਰਨਾ ਸ਼ੁਰੂ ਕਰ ਦਿੱਤਾ ਗਿਆ। ਇਸ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮਿੰਨੀ ਸਕੱਤਰੇਤ ਦੇ ਅੰਦਰ ਨਾ ਜਾਣ ਦੇਣ ਦੇ ਵਿਰੋਧ ’ਚ ਸੜਕ ਦੇ ਵਿਚਕਾਰ ਧਰਨਾ ਲਾ ਕੇ ਆਵਾਜਾਈ ਠੱਪ ਕਰ ਦੇਣ ਕਾਰਨ ਲੋਕਾਂ ਨੂੰ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਕਰੀਬ ਦੋ ਘੰਟੇ ਬਾਅਦ ਉਨ੍ਹਾਂ ਸੜਕ ਤੋਂ ਜਾਮ ਹਟਾਇਆ ਅਤੇ ਸੜਕ ਕਿਨਾਰੇ ਹੀ ਇਹ ਧਰਨਾ ਸ਼ੁਰੂ ਕਰ ਦਿੱਤਾ। ਇਸ ਦੌਰਾਨ ਯੂਨੀਅਨ ਦੇ ਜਿਲ੍ਹਾ ਪ੍ਰਧਾਨ ਜਸਪਾਲ ਸਿੰਘ ਨੰਗਲ ਅਤੇ ਜਨਰਲ ਸਕੱਤਰ ਨੱਥਾ ਸਿੰਘ ਰੋੜੀਕਪੂਰਾ ਨੇ ਦੱਸਿਆ ਕਿ ਉਹ ਯੂਨੀਅਨ ਦੇ ਪ੍ਰੋਗਰਾਮ ਤਹਿਤ ਧਰਨਾ ਦੇਣ ਲਈ ਇੱਥੇ ਪੁੱਜੇ ਸਨ। ਯੂਨੀਅਨ ਨੇ ਕਿਸਾਨਾਂ ਦੀਆਂ ਵੱਖ-ਵੱਖ ਮੰਗਾਂ ਜਿਵੇਂ ਕਿ ਕਿਸਾਨੀ ਨੀਤੀ ਨੂੰ ਕਿਸਾਨ ਪੱਖੀ ਬਣਾਉਣ, ਕਿਸਾਨਾਂ ਦੇ ਕਰਜੇ ਮਾਫ ਕਰਨ, ਕਿਸਾਨਾਂ ਖਿਲਾਫ ਪਿਛਲੇ ਸਮੇਂ ਦੌਰਾਨ ਦਰਜ ਕੀਤੇ ਸਾਰੇ ਕੇਸ ਰੱਦ ਕਰਨ, ਪਰਾਲੀ ਸਾੜਨ ਦੀ ਸ਼ਰਤ ਖਤਮ ਕਰਨ ਅਤੇ ਕੇਸ ਰੱਦ ਕਰਨ ਵਰਗੀਆਂ ਮੰਗਾਂ ਰੱਖੀਆਂ ਹਨ ਅਤੇ ਕਿਸਾਨਾਂ ਨੂੰ ਰਾਹਤ ਦਿੰਦਿਆਂ ਖੇਤੀ ਧੰਦੇ ਨੂੰ ਲਾਹੇਵੰਦ ਬਣਾਉਣ ਲਈ ਸਹੀ ਨੀਤੀਆਂ ਬਣਾਉਣ ਦੀ ਮੰਗ ਨੂੰ ਲੈ ਕੇ ਮੰਗਲਵਾਰ ਤੋਂ ਪੰਜ ਦਿਨਾਂ ਲਈ ਸੂਬੇ ਭਰ ਦੇ ਡੀ.ਸੀ. ਦਫਤਰਾਂ ਅੱਗੇ ਸੰਕੇਤਕ ਧਰਨੇ ਦੇਣ ਦਾ ਸੱਦਾ ਦਿੱਤਾ ਗਿਆ। ਜਿਸ ਤਹਿਤ ਕਿਸਾਨ ਇੱਥੇ ਪੁੱਜੇ ਸਨ ਪਰ ਪ੍ਰਸ਼ਾਸ਼ਨ ਵਲੋਂ ਗੇਟ ਨੂੰ ਤਾਲਾ ਲਾ ਦਿੱਤਾ ਗਿਆ ਸੀ। ਜਿਸ ਕਾਰਨ ਉਹ ਸੜਕ ਜਾਮ ਕਰਨ ਲਈ ਮਜਬੂਰ ਹਨ।
Leave a Comment
Your email address will not be published. Required fields are marked with *