ਕੋਟਕਪੂਰਾ, 10 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਦੀ ਯੋਗ ਰਹਿਨੁਮਾਈ ਹੇਠ ਸਰਕਾਰੀ ਪ੍ਰਾਇਮਰੀ ਸਕੂਲ ਬ੍ਰਾਂਚ ਹੀਰਾ ਸਿੰਘ ਨਗਰ ਕੋਟਕਪੂਰਾ ਵਿਖੇ 7 ਲੱਖ 50 ਹਜ਼ਾਰ ਦੀ ਲਾਗਤ ਦੇ ਨਾਲ ਬਣਨ ਜਾ ਰਹੇ ਕਮਰੇ ਦਾ ਨੀਂਹ ਪੱਥਰ ਰੱਖਿਆ। ਇਹ ਜਾਣਕਾਰੀ ਦਿੰਦਿਆਂ ਸਪੀਕਰ ਸੰਧਵਾਂ ਦੇ ਪੀ.ਆਰ.ਓ. ਮਨਪ੍ਰੀਤ ਸਿੰਘ ਮਨੀ ਧਾਲੀਵਾਲ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਵਿਦਿਆਰਥੀਆਂ ਨੂੰ ਹਰ ਤਰ੍ਹਾਂ ਦੀ ਸਹੂਲਤ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਕੂਲ ਆਫ ਐਮੀਨਾਸ ਵੀ ਸ਼ੁਰੂ ਕੀਤੇ ਗਏ ਹਨ। ਇਸ ਤੋਂ ਇਲਾਵਾ ਸਕੂਲਾਂ ਦੀ ਮੁਰੰਮਤ ਅਤੇ ਹੋਰ ਵਿਕਾਸ ਕਾਰਜਾਂ ਲਈ ਫੰਡ ਵੀ ਮੁਹੱਈਆ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ’ਚ ਆਈ ਹੈ, ਉਥੋਂ ਤੋਂ ਹੀ ਸਰਕਾਰ ਦਾ ਮੁੱਖ ਟੀਚਾ ਸਰਕਾਰੀ ਸਕੂਲਾਂ ਅਤੇ ਹਸਪਤਾਲਾਂ ਦੀ ਬੇਹਤਰੀ ਲਈ ਕਦਮ ਚੁੱਕਣਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਵੀ ਆਪਣੇ ਅਖਤਿਆਰੀ ਕੋਟੇ ’ਚੋਂ ਸਕੂਲਾਂ ਲਈ ਫੰਡ ਮੁਹੱਈਆ ਕਰਵਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਜਲਦ ਹੀ ਇਸ ਕੰਮ ਨੂੰ ਮੁਕੰਮਲ ਕਰਕੇ ਅਧਿਆਪਕਾਂ ਅਤੇ ਬੱਚਿਆਂ ਨੂੰ ਸਪੁਰਦ ਕੀਤਾ ਜਾਵੇਗਾ। ਇਸ ਮੌਕੇ ਉਪਰੋਕਤ ਤੋਂ ਇਲਾਵਾ ਸ਼ਹਿਰੀ ਬਲਾਕ ਪ੍ਰਧਾਨ ਮੇਹਰ ਸਿੰਘ ਚਾਨੀ, ਮਾ. ਹਰਦੀਪ ਸਿੰਘ, ਦੀਪਕ ਮੌਂਗਾ, ਮਾ. ਪਰਮਿੰਦਰ ਸਿੰਘ ਸਕੂਲ ਮੁਖੀ ਤੇ ਹੋਰ ਅਧਿਆਪਕ ਸਹਿਬਾਨ ਵੀ ਹਾਜਰ ਸਨ।