ਕੋਟਕਪੂਰਾ, 6 ਜਨਵਰੀ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਦਿੱਤੇ ਨਿਰਦੇਸ਼ਾਂ ’ਤੇ ਅਮਲ ਕਰਦਿਆਂ ਮਾਲ ਵਿਭਾਗ ਨੇ ਅੱਜ ਛੁੱਟੀ ਵਾਲੇ ਦਿਨ ਜ਼ਿਲੇ ’ਚ ਵਿਸ਼ੇਸ਼ ਕੈਂਪ ਲਾ ਕੇ ਲੰਬਿਤ ਪਏ ਇੰਤਕਾਲ ਦਰਜ ਕਰਨ ਦੀ ਨਿਵੇਕਲੀ ਮੁਹਿੰਮ ਦੀ ਸ਼ਲਾਘਾ ਕਰਦਿਆਂ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਸੰਦੀਪ ਸਿੰਘ ਕੰਮੇਆਣਾ ਦੱਸਿਆ ਕਿ ਮਾਲ ਵਿਭਾਗ ਦੀਆਂ ਸੇਵਾਵਾਂ ਲੋਕਾਂ ਤੱਕ ਸੁਚਾਰੂ ਤਰੀਕੇ ਨਾਲ ਪਹੁੰਚਾਉਣ ਦੀ ਦਿਸ਼ਾ ’ਚ ਵੱਡੀ ਪੁਲਾਂਘ ਪੁੱਟਦਿਆਂ 6 ਜਨਵਰੀ ਨੂੰ ਛੁੱਟੀ ਵਾਲੇ ਦਿਨ ਜਿਲੇ ਦੇ ਮਾਲ ਦਫਤਰਾਂ ’ਚ ਅਧਿਕਾਰੀ ਤੇ ਮੁਲਾਜਮ ਹਾਜਰ ਰਹਿਣਗੇ ਤੇ ਲੰਬਿਤ ਪਏ ਇੰਤਕਾਲ ਦਰਜ ਕਰਨਗੇ। ਸੰਦੀਪ ਸਿੰਘ ਕੰਮੇਆਣਾ ਨੇ ਦੱਸਿਆ ਕਿ ਵਿਸ਼ੇਸ਼ ਕੈਂਪ ਦੌਰਾਨ ਸਾਰੇ ਲੰਬਿਤ ਇੰਤਕਾਲ ਮੌਕੇ ’ਤੇ ਹੀ ਦਰਜ ਕਰਨ ਲਈ ਅਧਿਕਾਰੀਆਂ ਨੂੰ ਪਹਿਲਾਂ ਹੀ ਆਦੇਸ਼ ਦਿੱਤੇ ਜਾ ਚੁੱਕੇ ਹਨ ਤਾਂ ਜੋ ਲੋਕਾਂ ਨੂੰ ਕਿਸੇ ਤਰਾਂ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਹਨਾਂ ਕਿਹਾ ਕਿ ਸੂਬਾ ਸਰਕਾਰ ਲੰਬਿਤ ਇੰਤਕਾਲਾਂ ਦੇ ਨਿਬੇੜੇ ਦੇ ਕੰਮ ’ਤੇ ਲਗਾਤਾਰ ਨਿਗਰਾਨੀ ਰੱਖ ਰਹੀ ਹੈ ਤਾਂ ਜੋ ਇਹ ਕੰਮ ਸਮਾਂਬੱਧ ਢੰਗ ਨਾਲ ਨੇਪਰੇ ਚੜ ਸਕੇ। ਉਨਾਂ ਕਿ ਆਖਿਆ ਕਿ ਸਰਕਾਰ ਵਲੋਂ ਇਸ ਬਾਬਤ ਲੋਕਾਂ ਦੇ ਜਾਇਜ ਕੰਮਕਾਜ ’ਚ ਕਿਸੇ ਵੀ ਤਰਾਂ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਜੇਕਰ ਕੋਈ ਅਧਿਕਾਰੀ ਜਾਂ ਕਰਮਚਾਰੀ ਦੋਸ਼ੀ ਪਾਇਆ ਗਿਆ ਤਾਂ ਉਸ ਖਿਲਾਫ ਬਣਦੀ ਕਾਰਵਾਈ ਅਮਲ ’ਚ ਲਿਆਂਦੀ ਜਾਵੇਗੀ। ਉਨਾਂ ਕਿਹਾ ਕਿ ਮਾਲ ਵਿਭਾਗ ’ਚ ਜੇਕਰ ਕਿਸੇ ਵੀ ਪੱਧਰ ’ਤੇ ਲੋਕਾਂ ਨੂੰ ਕੰਮ ਕਰਵਾਉਣ ’ਚ ਕੋਈ ਦਿੱਕਤ ਆਉਂਦੀ ਹੈ ਤਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਇਸ ਬਾਬਤ ਹੈਲਪ ਲਾਈਨ ਨੰਬਰ 81849-00002 ਜਾਰੀ ਕੀਤਾ ਹੋਇਆ ਹੈ, ਜਿਸ ’ਤੇ ਲਿਖਤੀ ਸ਼ਿਕਾਇਤ ਵੱਟਸਐਪ ਕੀਤੀ ਜਾ ਸਕਦੀ ਹੈ।