ਬਸਪਾ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਸਮੇਤ ਦੋ ਖਿਲਾਫ ਕੇਸ ਦਰਜ
ਫਰੀਦਕੋਟ , 3 ਜੂਨ (ਵਰਲਡ ਪੰਜਾਬੀ ਟਾਈਮਜ਼)
ਫਰੀਦਕੋਟ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਗੁਰਬਖਸ਼ ਸਿੰਘ ਚੌਹਾਨ ਅਤੇ ਜੈਤੋ ਦੇ ਇੱਕ ਵਸਨੀਕ ਖਿਲਾਫ ਵੋਟ ਪਾਉਣ ਵੇਲੇ ਪੂਰੀ ਪ੍ਰਕਿਰਿਆ ਦੀ ਵੀਡੀਓ ਬਣਾ ਕੇ ਸ਼ੋਸ਼ਲ ਮੀਡੀਆ ’ਤੇ ਪਾਉਣ ਦੇ ਦੋਸ਼ ਹੇਠ ਪੁਲੀਸ ਨੇ ਆਈ.ਪੀ.ਸੀ. ਦੀ ਧਾਰਾ 171 ਐੱਫ ਤਹਿਤ ਕੇਸ ਦਰਜ ਕੀਤਾ ਹੈ। ਇਸ ਸਬੰਧੀ ਪੁਲੀਸ ਨੂੰ ਮਿਲੀ ਸ਼ਿਕਾਇਤ ਅਨੁਸਾਰ ਗੁਰਬਖਸ਼ ਸਿੰਘ ਚੌਹਾਨ ਅਤੇ ਗੁਰਸ਼ਾਨਜੀਤ ਸਿੰਘ ਵਾਸੀ ਜੈਤੋ ਵਲੋਂ ਸ਼ੋਸ਼ਲ ਮੀਡੀਆ ’ਤੇ ਪਾਈ ਗਈ ਪੋਸਟ ’ਚ ਈ.ਵੀ.ਐੱਮ. ਅਤੇ ਬਟਨ ਵਗੈਰਾ ਵੀ ਦਿਸ ਰਹੇ ਹਨ। ਦੂਜੇ ਪਾਸੇ ਗੁਰਬਖਸ਼ ਸਿੰਘ ਚੌਹਾਨ ਨੇ ਕਿਹਾ ਕਿ ਉਨਾਂ ਨੂੰ ਸੋਸ਼ਲ ਮੀਡੀਆ ਚਲਾਉਣਾ ਨਹੀਂ ਆਉਂਦਾ ਅਤੇ ਨਾ ਹੀ ਉਨਾਂ ਨੇ ਆਪਣੀ ਕੋਈ ਪੋਸਟ ਸੋਸ਼ਲ ਮੀਡੀਆ ’ਤੇ ਪਾਈ ਹੈ। ਉਨਾਂ ਕਿਹਾ ਕਿ ਪੁਲੀਸ ਨੇ ਕੇਸ ਦਰਜ ਕਰਨ ਤੋਂ ਪਹਿਲਾਂ ਉਨਾਂ ਕੋਲੋਂ ਇਸ ਬਾਰੇ ਕੋਈ ਪੁੱਛ-ਪੜਤਾਲ ਨਹੀਂ ਕੀਤੀ ਅਤੇ ਨਾ ਹੀ ਕੋਈ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਉਨਾਂ ਦੋਸ਼ ਲਾਇਆ ਕਿ ਹਾਕਮ ਧਿਰ ਦੇ ਵਿਧਾਇਕਾਂ ਵਲੋਂ ਵੀ ਪੰਜਾਬ ’ਚ ਕੁਝ ਵੀਡੀਓ ਸੋਸ਼ਲ ਮੀਡੀਆ ’ਤੇ ਪਾਈਆਂ ਗਈਆਂ ਹਨ ਪਰ ਪੁਲੀਸ ਨੇ ਉਨਾਂ ਖਿਲਾਫ ਕੇਸ ਦਰਜ ਕਰਨ ਦੀ ਥਾਂ ‘ਕਾਰਨ ਦੱਸੋ’ ਨੋਟਿਸ ਜਾਰੀ ਕੀਤਾ ਹੈ। ਗੁਰਬਖਸ਼ ਸਿੰਘ ਚੌਹਾਨ ਨੇ ਉਨਾਂ ਖਿਲਾਫ ਦਰਜ ਕੇਸ ਨੂੰ ਸਿਆਸਤ ਤੋਂ ਪ੍ਰੇਰਿਤ ਦੱਸਿਆ ਹੈ।