ਕੋਟਕਪੂਰਾ, 5 ਦਸੰਬਰ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪਿੰਡ ਜੀਦਾ ਨਜਦੀਕ ਬੀਤੀ ਰਾਤ ਸੜਕ ਹਾਦਸੇ ’ਚ ਮਾਰੇ ਗਏ ਪੰਜ ਨੌਜਵਾਨਾਂ ਦੇ ਪੋਸਟਮਾਰਟਮ ਲਈ ਵਾਰਸਾਂ ਨੂੰ ਇੱਥੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਤੇ ਹਸਪਤਾਲ ਦੇ ਡਾਕਟਰਾਂ ਖਿਲਾਫ ਧਰਨਾ ਦੇਣਾ ਪਿਆ। ਜਸਵਿੰਦਰ ਸਿੰਘ ਨੇ ਦੱਸਿਆ ਕਿ ਮਿ੍ਰਤਕ ਨੌਜਵਾਨਾਂ ਦੀਆਂ ਲਾਸ਼ਾਂ ਰਾਤ ਹੀ ਗੁਰੂ ਗੋਬਿੰਦ ਸਿੰਘ ਕਾਲਜ ਫਰੀਦਕੋਟ ’ਚ ਪਹੁੰਚ ਗਈਆਂ ਸਨ ਅਤੇ ਜਿੰਨ੍ਹਾਂ ਦਾ ਪੋਸਟਮਾਰਟਮ ਕੀਤਾ ਜਾਣਾ ਸੀ ਪਰ ਹਸਪਤਾਲ ਦੇ ਡਾਕਟਰਾਂ ਨੇ 4:00 ਵਜੇ ਤੱਕ ਕਿਸੇ ਵੀ ਮਿ੍ਰਤਕ ਦਾ ਪੋਸਟਮਾਰਟਮ ਨਹੀਂ ਕੀਤਾ, ਜਦਕਿ ਉਨ੍ਹਾਂ ਦੇ ਘਰ ਵਿੱਚ ਸੱਥਰ ਵਿਛੇ ਹੋਏ ਹਨ ਅਤੇ ਸਾਰਾ ਪਰਿਵਾਰ ਲਾਸ਼ਾਂ ਉਡੀਕ ਰਿਹਾ ਹੈ। ਇਸ ਕਰਕੇ ਉਨ੍ਹਾਂ ਨੂੰ ਮਜਬੂਰੀ ’ਚ ਧਰਨਾ ਦੇਣਾ ਪਿਆ। ਦੂਜੇ ਪਾਸੇ ਡਾਕਟਰਾਂ ਨੇ ਕਿਹਾ ਕਿ ਪੋਸਟਮਾਰਟਮ ਲਈ ਪੁਲੀਸ ਲੋੜੀਂਦੀ ਕਾਰਵਾਈ ਕਰ ਰਹੀ ਹੈ ਅਤੇ ਉਸ ਤੋਂ ਬਾਅਦ ਹੀ ਪੋਸਟਮਾਰਟਮ ਕੀਤਾ ਜਾਵੇਗਾ। ਫਰੀਦਕੋਟ ਦੇ ਡੀ.ਐੱਸ.ਪੀ. ਵਰਿਆਮ ਸਿੰਘ ਨੇ ਕਿਹਾ ਕਿ 4 ਵਜੇ ਤੋਂ ਬਾਅਦ ਡਾਕਟਰਾਂ ਨੇ ਸਾਰੇ ਮਿ੍ਰਤਕਾਂ ਦਾ ਪੋਸਟਮਾਰਟਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਮਗਰੋਂ ਮਿ੍ਰਤਕ ਦੇ ਵਾਰਸਾਂ ਨੇ ਆਪਣਾ ਧਰਨਾ ਵਾਪਸ ਲੈ ਲਿਆ ਹੈ। ਦੱਸਣਯੋਗ ਹੈ ਕਿ ਬੀਤੀ ਰਾਤ ਪਿੰਡ ਜੀਦਾ ਨਜਦੀਕ ਸਵਿਫਟ ਅਤੇ ਆਈ-20 ਕਾਰ ਦੀ ਟੱਕਰ ਵਿੱਚ ਮਨਪ੍ਰੀਤ ਸਿੰਘ, ਅਮਨਦੀਪ ਸਿੰਘ, ਨਾਨਕ ਸਿੰਘ ਸਮੇਤ ਦੋ ਹੋਰ ਨੌਜਵਾਨਾਂ ਦੀ ਮੌਕੇ ’ਤੇ ਹੀ ਮੌਤ ਹੋ ਗਈ ਸੀ, ਜਿਨ੍ਹਾਂ ਦੀਆਂ ਲਾਸ਼ਾਂ ਨੂੰ ਰਾਤ ਹੀ ਗੁਰੂ ਗੋਬਿੰਦ ਸਿੰਘ ਮੈਡੀਕਲ ਹਸਪਤਾਲ ਵਿੱਚ ਲਿਆਂਦਾ ਗਿਆ ਸੀ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮਿ੍ਰਤਕ ਐਲਾਨ ਦਿੱਤਾ ਸੀ।
Leave a Comment
Your email address will not be published. Required fields are marked with *