ਪੰਜਾਬ ਪੈਨਸ਼ਨਰਜ਼ ਯੂਨੀਅਨ ਨੇ ਮੁੱਖ ਮੰਤਰੀ ਅਤੇ ਵਿੱਤ ਮੰਤਰੀ ਪੰਜਾਬ ਨੂੰ ਲਿਖਿਆ ਪੱਤਰ
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੀ ਸੱਦੇ ਅਨੁਸਾਰ ਜਲੰਧਰ ਪੱਛਮੀ ਚੋਣ ਹਲਕੇ ਦੇ ਝੰਡਾ ਮਾਰਚ ਵਿੱਚ ਕੀਤੀ ਜਾਵੇਗੀ ਭਰਵੀਂ ਸ਼ਮੂਲੀਅਤ
ਕੋਟਕਪੂਰਾ, 28 ਜੁਨ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਪੰਜਾਬ ਪੈਨਸ਼ਨਰਜ਼ ਯੂਨੀਅਨ ਸੰਬੰਧਿਤ ਏਟਕ ਅਤੇ ਪੰਜਾਬ ਸੁਬਾਰਡੀਨੇਟ ਸਰਵਿਸਜ਼ ਫੈਡਰੇਸ਼ਨ 1680 ਸੈਕਟਰ 22ਬੀ, ਚੰਡੀਗੜ੍ਹ ਦੇ ਸੂਬਾ ਪ੍ਰਧਾਨ ਜਗਦੀਸ਼ ਸਿੰਘ ਚਾਹਲ, ਜਨਰਲ ਸਕੱਤਰ ਪ੍ਰੇਮ ਚਾਵਲਾ ਅਤੇ ਐਡੀਸ਼ਨਲ ਜਨਰਲ ਸਕੱਤਰ ਸਤਿਆਪਾਲ ਗੁਪਤਾ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਦੇ ਨਾਂਅ ਇੱਕ ਰਜਿਸਟਰਡ ਪੱਤਰ ਭੇਜ ਕੇ ਮੰਗ ਕੀਤੀ ਹੈ ਕਿ ਕੇਂਦਰ ਸਰਕਾਰ ਦੇ ਪੈਟਰਨ ਅਨੁਸਾਰ ਪੰਜਾਬ ਦੇ ਸਮੂਹ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ 38 ਫੀਸਦੀ ਤੋਂ 50 ਫੀਸਦੀ ਡੀ.ਏ. ਦੀਆਂ ਬਕਾਇਆ ਪਈਆਂ ਤਿੰਨ ਕਿਸਤਾਂ ਤੁਰੰਤ ਦਿੱਤੀਆਂ ਜਾਣ। ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਦੇ ਸਮੂਹ ਮੁਲਾਜ਼ਮ ਤੇ ਪੈਨਸ਼ਨਰ ਇਸ ਸਮੇਂ ਕੇਂਦਰ ਸਰਕਾਰ ਅਤੇ ਬਹੁਤ ਸਾਰੇ ਹੋਰ ਰਾਜਾਂ ਦੇ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲੋਂ 12 ਫੀਸਦੀ ਡੀ.ਏ. ਘੱਟ ਪ੍ਰਾਪਤ ਕਰ ਰਹੇ ਹਨ ਜਿਸ ਕਾਰਨ ਪੰਜਾਬ ਦੇ ਲੱਖਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਵਿੱਚ ਪੰਜਾਬ ਸਰਕਾਰ ਦੇ ਖਿਲਾਫ ਭਾਰੀ ਰੋਸ ਤੇ ਗੁੱਸਾ ਪਾਇਆ ਜਾ ਰਿਹਾ ਹੈ। ਆਗੂਆਂ ਨੇ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁਲਾਜ਼ਮਾਂ ਤੇ ਪੈਨਸ਼ਨਰਾਂ ਨਾਲ ਕੀਤੀ ਜਾ ਰਹੀ ਇਸ ਬੇਇਨਸਾਫੀ ਕਰਕੇ ਮੁਲਾਜ਼ਮਾ ਅਤੇ ਪੈਨਸ਼ਨਰਾਂ ਨੇ ਲੋਕ ਸਭਾ ਚੋਣਾਂ ਦੌਰਾਨ ਆਪਣੇ ਲੋਕਤੰਤਰੀ ਵੋਟ ਦੇ ਹੱਕ ਦੀ ਵਰਤੋਂ ਕਰਦੇ ਹੋਏ ਪੰਜਾਬ ਸਰਕਾਰ ਨੂੰ ਸਬਕ ਸਿਖਾਉਣ ਦਾ ਯਤਨ ਵੀ ਕੀਤਾ ਹੈ। ਜਥੇਬੰਦੀ ਨੇ ਪੰਜਾਬ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ ਕਿ ਜੇਕਰ ਪੰਜਾਬ ਸਰਕਾਰ ਨੇ ਆਪਣੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਪ੍ਰਤੀ ਧਾਰਨ ਕੀਤੀ ਗਈ ਨਾਂਹਪੱਖੀ ਪਹੁੰਚ ਵਿੱਚ ਕੋਈ ਸੁਧਾਰ ਨਾ ਲਿਆਂਦਾ ਤਾਂ ਮੁਲਾਜ਼ਮ ਤੇ ਪੈਨਸ਼ਨਰ ਵਿਰੋਧੀ ਇਸ ਵਤੀਰੇ ਦਾ ਖਮਿਆਜ਼ਾ ਆ ਰਹੀਆਂ ਵਿਧਾਨ ਸਭਾ ਦੀਆਂ ਪੰਜ ਜਿਮਨੀ ਚੋਣਾਂ ਵਿੱਚ ਵੀ ਭੁਗਤਨਾ ਪੈ ਸਕਦਾ ਹੈ। ਜਥੇਬੰਦੀ ਨੇ ਇਹ ਮੰਗ ਵੀ ਕੀਤੀ ਹੈ ਕਿ ਪੰਜਾਬ ਦੇ ਸਮੂਹ ਮੁਲਾਜ਼ਮਾਂ/ਪੈਨਸ਼ਨਰਾਂ ਨੂੰ 28 ਫੀਸਦੀ ਤੋਂ 38 ਫੀਸਦੀ ਡੀ ਏ ਦਾ ਪਿਛਲਾ ਰਹਿੰਦਾ ਬਕਾਇਆ ਤੁਰੰਤ ਜਾਰੀ ਕੀਤਾ ਜਾਵੇ। ਇਸ ਦੌਰਾਨ ਪੰਜਾਬ ਪੈਨਸ਼ਨਰਜ਼ ਯੂਨੀਅਨ ਵੱਲੋਂ ਫੈਸਲਾ ਕੀਤਾ ਗਿਆ ਹੈ ਕਿ ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਦੇ ਸੱਦੇ ਅਨੁਸਾਰ ਪੰਜਾਬ ਸਰਕਾਰ ਦੀਆਂ ਮੁਲਾਜ਼ਮ ਅਤੇ ਪੈਨਸ਼ਨਰ ਵਿਰੋਧੀ ਨੀਤੀਆਂ ਦੇ ਖਿਲਾਫ 6 ਜੁਲਾਈ ਨੂੰ ਜਲੰਧਰ ਪੱਛਮੀ ਵਿਧਾਨ ਸਭਾ ਚੋਣ ਹਲਕੇ ਦੇ ਝੰਡਾ ਮਾਰਚ ਕਰਨ ਦੇ ਐਕਸ਼ਨ ਪ੍ਰੋਗਰਾਮ ਵਿੱਚ ਪੰਜਾਬ ਭਰ ਦੇ ਪੈਨਸ਼ਨਰਾਂ ਵੱਲੋਂ ਭਰਵੀਂ ਸ਼ਮੂਲੀਅਤ ਕੀਤੀ ਜਾਵੇਗੀ।