ਕੋਟਕਪੂਰਾ, 5 ਮਾਰਚ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਡਾ. ਜਸਵੰਤ ਸਿੰਘ, ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਤੇ ਮੁੱਖ ਖੇਤੀਬਾੜੀ ਅਫਸਰ, ਫਰੀਦਕੋਟ ਡਾ. ਅਮਰੀਕ ਸਿੰਘ ਦੀ ਪ੍ਰਧਾਨਗੀ ਹੇਠ ਜਿਲ੍ਹਾ ਪੱਧਰੀ ਸਟਾਫ ਮੀਟਿੰਗ ਕੀਤੀ ਗਈ, ਜਿਸ ’ਚ ਜਿਲ੍ਹੇ ਦੇ ਬਲਾਕ ਖੇਤੀਬਾੜੀ ਅਫਸਰ, ਖੇਤੀਬਾੜੀ ਵਿਕਾਸ ਅਫਸਰ, ਇੰਜੀਨੀਅਰਿੰਗ ਵਿੰਗ, ਅੰਕੜਾ ਵਿੰਗ, ਆਤਮਾ ਵਿੰਗ, ਦਫਤਰ ਸਹਾਇਕ ਗੰਨਾ ਵਿਕਾਸ ਅਫਸਰ, ਦਫਤਰ ਜਿਲ੍ਹਾ ਸਿਖਲਾਈ ਅਫਸਰ ਅਤੇ ਮਾਰਕੀਟਿੰਗ ਵਿੰਗ ਦੇ ਅਧਿਕਾਰੀਆਂ ਵੱਲੋਂ ਭਾਗ ਲਿਆ ਗਿਆ। ਮੀਟਿੰਗ ਦੀ ਸ਼ੁਰੂਆਤ ’ਚ ਡਾ. ਅਮਰੀਕ ਸਿੰਘ ਵਲੋਂ ਸਮੂਹ ਸਟਾਫ ਨੂੰ ਜੀ ਆਇਆਂ ਆਖਿਆ ਗਿਆ ਅਤੇ ਇਸ ਉਪਰੰਤ ਏਜੰਡਾ ਵਾਈਜ਼/ਵਿੰਗ ਵਾਈਜ਼ ਖੇਤੀ ਗਤੀਵਿਧੀਆਂ ਬਾਰੇ ਗੱਲਬਾਤ ਕੀਤੀ ਗਈ। ਡਾ. ਅਮਰੀਕ ਸਿੰਘ ਨੇ ਅਧਿਕਾਰੀਆਂ ਤੋਂ ਫਸਲਾਂ ਦੀ ਤਾਜਾ ਸਥਿੱਤੀ ਬਾਰੇ ਪੁੱਛਿਆ, ਜਿਸ ’ਤੇ ਖੇਤੀ ਅਧਿਕਾਰੀਆਂ ਨੇ ਦੱਸਿਆ ਕਿ ਕਣਕ ਦੀ ਫਸਲ ਉੱਤੇ ਪੀਲੀ ਕੁੰਗੀ ਦਾ ਹਮਲਾ ਕਿਤੇ ਵੀ ਨਹੀਂ ਪਾਇਆ ਗਿਆ ਅਤੇ ਤੇਲੇ ਦਾ ਹਮਲਾ ਵੀ ਨਾ-ਮਾਤਰ ਹੈ। ਉਹਨਾਂ ਨੇ ਦੱਸਿਆ ਕਿ ਪਿਛਲੀ ਦਿਨੀਂ ਹੋਈ ਬਾਰਿਸ਼/ਗੜ੍ਹੇਮਾਰੀ ਕਾਰਨ ਕਣਕ ਦੀ ਫਸਲ ਦਾ ਰਕਬਾ ਪ੍ਰਭਾਵਿਤ ਹੋਇਆ ਹੈ ਅਤੇ ਅਗਲੇ ਕੁਝ ਦਿਨਾਂ ’ਚ ਖਰਾਬੇ ਸਬੰਧੀ ਰਿਪੋਰਟ ਦੇ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਉਨ੍ਹਾਂ ਕੁਆਲਟੀ ਕੰਟਰੋਲ ਦੇ ਸਬੰਧ ’ਚ ਖੇਤੀ ਅਫਸਰਾਂ ਨੂੰ ਹਦਾਇਤ ਕੀਤੀ ਕਿ ਬੀਜ, ਖਾਦ ਅਤੇ ਦਵਾਈਆਂ ਦੇ ਵਿਕਰੇਤਾਵਾਂ ਦੀ ਸਮੇਂ-ਸਮੇਂ ’ਤੇ ਚੈਕਿੰਗ ਅਤੇ ਸੈਂਪਲਿੰਗ ਕੀਤੀ ਜਾਵੇ ਅਤੇ ਜੇਕਰ ਕੋਈ ਵਿਅਕਤੀ ਉਲੰਘਣਾ ਕਰਦਾ ਪਾਇਆ ਗਿਆ ਤਾਂ ਉਸ ਉੱਪਰ ਐਕਟ ਅਨੁਸਾਰ ਬਣਦੀ ਕਾਰਵਾਈ ਕੀਤੀ ਜਾਵੇ। ਝੋਨੇ ਦੀ ਪਰਾਲੀ ਦੀ ਸਾਂਭ-ਸੰਭਾਲ ਲਈ ਸੀ.ਆਰ.ਐਮ. ਅਤੇ ਸਮੈਮ ਸਕੀਮ ਅਧੀਨ ਸਬਸਿਡੀ ’ਤੇ ਦਿੱਤੀ ਜਾਣ ਵਾਲੀ ਖੇਤੀ ਮਸ਼ੀਨਰੀ ਦੇ ਪੈਂਡਿੰਗ ਕੇਸਾਂ ਨੂੰ ਵੈਰੀਫਾਈ ਕੀਤਾ ਜਾਵੇ ਤਾਂ ਜੋ ਕਿਸਾਨਾਂ ਦੇ ਖਾਤੇ ਵਿੱਚ ਸਹੀ ਸਮੇਂ ਤੇ ਸਬਸਿਡੀ ਜਾਰੀ ਕੀਤੀ ਜਾ ਸਕੇ। ਡਾ. ਅਮਰੀਕ ਸਿੰਘ ਵੱਲੋਂ ਬਲਾਕ ਅਫਸਰਾਂ ਨੂੰ ਹਦਾਇਤ ਕੀਤੀ ਗਈ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਅਧੀਨ ਆਪਣੇ ਬਲਾਕ ਅਧੀਨ ਆਉਂਦੇ ਲਾਭਪਾਤਰੀ ਕਿਸਾਨਾਂ ਦਾ ਕੰਮ ਜਲਦ ਤੋਂ ਜਲਦ ਮੁਕੰਮਲ ਕਰਵਾਇਆ ਜਾਵੇ। ਉਹਨਾਂ ਵੱਲੋਂ ਦੋਨਾਂ ਬਲਾਕਾਂ ਨੂੰ ਹਦਾਇਤ ਕੀਤੀ ਗਈ ਕਿ ਸਮੇਂ-ਸਮੇਂ ’ਤੇ ਕਿਸਾਨ ਸਿਖਲਾਈ ਕੈਂਪ ਲਾਏ ਜਾਣ ਤਾਂ ਜੋ ਕਿਸਾਨਾਂ ਨੂੰ ਫਸਲਾਂ ਸਬੰਧੀ ਤਕਨੀਕੀ ਜਾਣਕਾਰੀ ਮੁਹੱਈਆ ਕਰਵਾਈ ਜਾ ਸਕੇ।