ਨਰਮੇ ਦੀ ਫਸਲ ਨੂੰ ਕੀੜਿਆਂ ਤੋਂ ਬਚਾਉਣ ਲਈ 15 ਟੀਮਾਂ ਵੱਲੋਂ ਕੀਤਾ ਜਾ ਲਗਾਤਾਰ ਸਰਵੇਖਣ
ਕੋਟਕਪੂਰਾ, 21 ਜੁਲਾਈ (ਟਿੰਕੂ ਕੁਮਾਰ/ਵਰਲਡ ਪੰਜਾਬੀ ਟਾਈਮਜ਼)
ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਦੀਆਂ ਸਰਵੇਖਣ ਟੀਮਾਂ ਵੱਲੋ ਗੁਲਾਬੀ ਸੁੰਡੀ ਅਤੇ ਚਿੱਟੀ ਮੱਖੀ ਦੇ ਕੀਤੇ ਜਾ ਰਹੇ ਸਰਵੇਖਣ ਦੌਰਾਨ ਨਰਮੇ ਦੀ ਫਸਲ ਉੱਪਰ ਚਿੱਟੀ ਮੱਖੀ ਦਾ ਹਮਲਾ ਦੇਖਿਆ ਗਿਆ ਹੈ, ਜਿਸ ਦੀ ਰੋਕਥਾਮ ਲਈ ਸਮੇਂ ਸਿਰ ਸਿਫਾਰਸ਼ਸ਼ੁਦਾ ਕੀਟਨਾਸ਼ਕਾਂ ਦਾ ਛਿੜਕਾਅ ਕਰਨ ਦੀ ਜ਼ਰੂਰਤ ਹੈ । ਪਿੰਡ ਬਾਜਾਖਾਨਾ ਵਿਚ ਨਰਮੇ ਦੀ ਫਸਲ ਦਾ ਜਾਇਜ਼ਾ ਲੈਂਦਿਆਂ ਡਾ. ਅਮਰੀਕ ਸਿੰਘ ਨੇ ਦੱਸਿਆ ਕਿ ਜ਼ਿਲਾ ਫਰੀਦਕੋਟ ਵਿੱਚ ਨਰਮੇ ਦੀ ਫਸਲ ਉੱਪਰ ਕੀੜਿਆਂ ਦੇ ਸਰਵੇ ਅਤੇ ਸਰਵੇਖਣ ਲਈ 12 ਟੀਮਾਂ ਸਰਕਲ ਪੱਧਰ, ਦੋ ਬਲਾਕ ਪੱਧਰ ਅਤੇ ਇੱਕ ਜ਼ਿਲਾ ਪੱਧਰ ‘ਤੇ ਟੀਮਾਂ ਦਾ ਗਠਨ ਕੀਤਾ ਗਿਆ ਹੈ ਜੋਂ ਹਰ ਮੰਗਲਵਾਰ ਅਤੇ ਵੀਰਵਾਰ ਨੂੰ ਸਵੇਰੇ 8.00 ਵਜੇ ਤੋਂ 10:00 ਵਜੇ ਤਕ ਸਰਵੇ ਅਤੇ ਸਰਵੇਖਣ ਕਰ ਰਹੀਆਂ ਹਨ। ਉਨਾਂ ਦੱਸਿਆ ਕਿ ਗੁਲਾਬੀ ਸੁੰਡੀ ਦੇ ਹਮਲੇ ਦੀ ਨਿਗਰਾਨੀ ਲਈ 500 ਸੈਕਸ ਫਿਰੋਮੋਨ ਟ੍ਰੈਪ ਲਗਾਏ ਗਏ ਹਨ ਜਿਨ੍ਹਾਂ ਵਿਚ ਗੁਲਾਬੀ ਸੁੰਡੀ ਦੇ ਪਤੰਗੇ ਰਹੇ ਹਨ ਪਰ ਕਿਤੇ ਵੀ ਗੁਲਾਬੀ ਸੁੰਡੀ ਦਾ ਹਮਲਾ ਨਜ਼ਰ ਨਹੀਂ ਆਇਆ। ਉਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਕੀੜਿਆਂ ਦੇ ਹਮਲੇ ਸਬੰਧੀ ਕੀਤੇ ਜਾ ਰਹੇ ਸਰਵੇ ਅਤੇ ਸਰਵੇਖਣ ਦੌਰਾਨ ਖੇਤੀ ਅਧਿਕਾਰੀਆਂ ਨਾਲ ਪੂਰਨ ਸਹਿਯੋਗ ਕੀਤਾ ਜਾਵੇ ਤਾਂ ਜੋਂ ਨਰਮੇ ਦੀ ਫਸਲ ਨੂੰ ਗੁਲਾਬੀ ਸੁੰਡੀ ਦੇ ਹਮਲੇ ਤੋਂ ਬਚਾਇਆ ਜਾ ਸਕੇ। ਉਨਾਂ ਕਿਹਾ ਕਿ ਬਰਸਾਤ ਨਾਂ ਹੋ ਹੋਣ ਕਾਰਣ ਪੈ ਰਹੀ ਹੁਮਸ ਭਰੀ ਗਰਮੀ ਅਤੇ ਖੁਸ਼ਕ ਮੌਸਮ, ਚਿੱਟੀ ਮੱਖੀ ਦੇ ਵਾਧੇ ਲਈ ਅਨਕੂਲ ਬਣਿਆ ਹੋਇਆ ਹੈ। ਉਨਾਂ ਕਿਹਾ ਕਿ ਚਿੱਟੀ ਮੱਖੀ ਨਰਮੇ ਦੀ ਫ਼ਸਲ ਦਾ ਬਹੁਤ ਨੁਕਸਾਨ ਕਰ ਦਿੰਦੀ ਹੈ ਜਿਸ ਕਾਰਣ ਇਸ ਕੀੜੇ ਦੀ ਸਮੇਂ ਸਿਰ ਰੋਕਥਾਮ ਕਰਨੀ ਜ਼ਰੂਰੀ ਹੈ। ਉਨਾਂ ਕਿਸਾਨਾਂ ਨੂੰ ਸਲਾਹ ਦਿੱਤੀ ਕਿ ਉਹ ਆਪਣੇ ਖੇਤਾਂ ਦਾ ਹਰ ਹਫਤੇ ਲਗਾਤਾਰ ਸਰਵੇਖਣ ਕਰਦੇ ਰਹਿਣ ਅਤੇ ਲੋੜ ਮੁਤਾਬਿਕ ਕੀਟਨਾਸ਼ਕਾਂ ਦਾ ਛਿੜਕਾਅ ਕਰਕੇ ਰੋਕਥਾਮ ਕਰਨ| ਉਨਾਂ ਦੱਸਿਆ ਕਿ ਨਰਮੇ ਦੀ ਫ਼ਸਲ ਵਿੱਚ ਚਿੱਟੀ ਮੱਖੀ ਦੇ ਲਗਾਤਾਰ ਸਰਵੇਖਣ ਦੌਰਾਨ ਇਸ ਕੀੜੇ ਦਾ ਹਮਲਾ ਕੁੱਝ ਖੇਤਾਂ ਵਿੱਚ ਆਰਥਿਕ ਕਗਾਰ (ਔਸਤਨ 6 ਚਿੱਟੀ ਮੱਖੀ ਪ੍ਰਤੀ ਪੱਤਾ) ਤੋਂ ਉੱਪਰ ਪਾਇਆ ਗਿਆ ਹੈ| ਉਨਾਂ ਕਿਸਾਨਾਂ ਨੂੰ ਕਿਸਾਨਾਂ ਨੂੰ ਅਪੀਲ ਕੀਤੀ ਕਿ ਨਰਮੇ ਦੀ ਫਸਲ ਨੂੰ ਸੋਕਾ ਨਾ ਲੱਗਣ ਦਿਓ, ਕਿਉਕਿ ਸੋਕੇ ਵਾਲੇ ਖੇਤਾਂ ਵਿੱਚ ਚਿੱਟੀ ਮੱਖੀ ਦਾ ਹਮਲਾ ਵਧੇਰੇ ਹੁੰਦਾ ਹੈ| ਉਨਾਂ ਦੱਸਿਆ ਕਿ ਜੇਕਰ ਜ਼ਰੂਰਤ ਪਵੇ ਤਾਂ ਨਰਮੇ ‘ਤੇ ਚਿੱਟੀ ਮੱਖੀ ਦੀ ਰੋਕਥਾਮ ਲਈ ਛਿੜਕਾਅ ਉਸ ਸਮੇਂ ਸ਼ੁਰੂ ਕਰੋ ਜਦੋਂ ਬੂਟੇ ਦੇ ਉੱਪਰਲੇ ਹਿੱਸੇ ਵਿੱਚ ਸਵੇਰ ਨੂੰ 10:00 ਵਜੇ ਤੋਂ ਪਹਿਲਾਂ ਇਸ ਦੀ ਗਿਣਤੀ ਪ੍ਰਤੀ ਪੱਤਾ 6 ਹੋ ਜਾਵੇ| ਉਨਾਂ ਕਿਹਾ ਕਿ ਚਿੱਟੀ ਮੱਖੀ ਦੇ ਬਾਲਗਾਂ ਦੀ ਰੋਕਥਾਮ ਲਈ 200 ਮਿਲੀਲਿਟਰ ਪਾਇਰੀਫਲੂਕੀਨਾਜ਼ੋਨ 20 ਡਬਲਯੂ ਜੀ ਜਾਂ 400 ਮਿਲੀਲਿਟਰ ਅਫਿਡੋਪਾਇਰੋਪਿਨ 50 ਡੀ ਸੀ ਜਾਂ 60 ਗ੍ਰਾਮ ਡਾਇਨੋਟੈਫ਼ੂਰਾਨ 20 ਐੱਸ.ਸੀ.) ਜਾਂ 200 ਗ੍ਰਾਮ ਡਾਇਆਫੈਨਥੀਯੂਰੋਨ 50 ਡਬਲਿਊ ਪੀ ਛਿੜਕਾਅ ਕਰੋ। ਉਨਾਂ ਕਿਹਾ ਚਿੱਟੀ ਮੱਖੀ ਦੇ ਬੱਚਿਆਂ (ਨਿੰਫ) ਦੀ ਰੋਕਥਾਮ ਲਈ 500 ਮਿਲੀਲਟਰ ਪਾਈਰੀਪਰੋਕਸੀਫਿਨ 10 ਈ ਸੀ ਜਾਂ 200 ਮਿਲੀਲਿਟਰ ਸਪੈਰੋਮੈਸੀਫਿਨ 22.9 ਐੱਸ ਸੀ ਨੂੰ 150 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰੋ| ਇਸ ਮੌਕੇ ਉਨਾਂ ਦੇ ਨਾਲ ਡਾ. ਗੁਰਮਿੰਦਰ ਸਿੰਘ, ਡਾ. ਲਖਵੀਰ ਸਿੰਘ ਖੇਤੀਬਾੜੀ ਵਿਕਾਸ ਅਫਸਰ ਅਤੇ ਸ੍ਰੀਮਤੀ ਲਵਲੀਨ ਕੌਰ ਖੇਤੀ ਉੱਪ ਨਿਰੀਖਕ ਹਾਜ਼ਰ ਸਨ।