· ਕਿਹਾ, ਸ਼ਰਧਾਲੂਆਂ ਲਈ ਲੋੜੀਂਦੇ ਪ੍ਰਬੰਧ ਕਰਨੇ ਬਣਾਏ ਜਾਣ ਯਕੀਨੀ
· ਲੰਬੀ ਦੂਰੀ ਦੇ ਧਾਰਮਿਕ ਅਸਥਾਨਾਂ ਲਈ ਰੇਲ ਗੱਡੀ ਤੇ ਘੱਟ ਦੂਰੀ ਲਈ ਬੱਸਾਂ ਰਾਹੀਂ ਹੋਵੇਗੀ ਯਾਤਰਾ
ਬਠਿੰਡਾ, 23 ਨਵੰਬਰ (ਗੁਰਪ੍ਰੀਤ ਚਹਿਲ/ਵਰਲਡ ਪੰਜਾਬੀ ਟਾਈਮਜ਼)
ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਵਲੋਂ 27 ਨਵੰਬਰ 2023 ਨੂੰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਜਾ ਰਹੀ ਹੈ। ਇਸ ਯਾਤਰਾ ਦਾ ਮੁੱਖ ਮੰਤਵ ਸ਼ਰਧਾਲੂਆਂ ਨੂੰ ਦੇਸ਼ ਭਰ ਵਿੱਚ ਵੱਖ-ਵੱਖ ਤੀਰਥ ਅਸਥਾਨਾਂ ਦੇ ਦਰਸ਼ਨ ਕਰਵਾਉਣਾ ਹੈ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ਼੍ਰੀ ਸ਼ੌਕਤ ਅਹਿਮਦ ਪਰੇ ਨੇ ਸ਼ੁਰੂ ਕੀਤੀ ਜਾਣ ਵਾਲੀ ਇਸ ਤੀਰਥ ਯਾਤਰਾ ਦੌਰਾਨ ਸ਼ਰਧਾਲੂਆਂ ਨੂੰ ਮੁਹੱਈਆ ਕਰਵਾਈਆਂ ਜਾਣ ਵਾਲੀਆਂ ਸਹੂਲਤਾਂ ਸਬੰਧੀ ਕੀਤੀ ਗਈ ਮੀਟਿੰਗ ਦੀ ਪ੍ਰਧਾਨਗੀ ਕਰਦਿਆ ਕੀਤਾ। ਇਸ ਦੌਰਾਨ ਇਨ੍ਹਾਂ ਇਹ ਵੀ ਕਿਹਾ ਕਿ ਯਾਤਰਾ ਉਤੇ ਜਾਣ ਲਈ ਦੋ ਤਰ੍ਹਾਂ ਦੇ ਸਾਧਨ ਹੋਣਗੇ, ਲੰਬੀ ਦੂਰੀ ਦੇ ਧਾਰਮਿਕ ਅਸਥਾਨਾਂ ਲਈ ਯਾਤਰਾ ਦਾ ਸਾਧਨ ਰੇਲ ਗੱਡੀ ਅਤੇ ਘੱਟ ਦੂਰੀ ਲਈ ਯਾਤਰਾ ਦਾ ਸਾਧਨ ਸੜਕ ਰਸਤੇ ਬੱਸਾਂ ਰਾਹੀਂ ਹੋਵੇਗਾ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਯਾਤਰਾ ਦੌਰਾਨ ਪ੍ਰਤੀ ਹਲਕੇ ਚੋਂ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ 8-8 ਬੱਸਾਂ ਰਵਾਨਾ ਹੋਣਗੀਆਂ। ਉਨ੍ਹਾਂ ਐਸਡੀਐਮਜ਼ ਨੂੰ ਆਦੇਸ਼ ਦਿੰਦਿਆਂ ਕਿਹਾ ਪ੍ਰਤੀ ਹਲਕੇ ਦੇ ਵਿਧਾਇਕਾਂ/ਇੰਚਾਰਜਾਂ ਨਾਲ ਰਾਬਤਾ ਕਰਕੇ ਸ਼ਰਧਾਲੂਆਂ ਲਈ ਵਿਸ਼ੇਸ਼ ਲੋੜੀਂਦੇ ਪ੍ਰਬੰਧ ਕਰਨੇ ਯਕੀਨੀ ਬਣਾਏ ਜਾਣ। ਉਨ੍ਹਾਂ ਐਸਡੀਐਮ ਤਲਵੰਡੀ ਸਾਬੋ ਨੂੰ ਇਹ ਵੀ ਖਾਸ ਹਦਾਇਤ ਕੀਤੀ ਕਿ ਉਹ ਇਸ ਯਾਤਰਾ ਦੌਰਾਨ ਰੋਜ਼ਾਨਾ ਤਖ਼ਤ ਸ਼੍ਰੀ ਦਮਦਮਾ ਸਾਹਿਬ ਦੇ ਦਰਸ਼ਨਾਂ ਲਈ ਆਉਣ ਵਾਲੇ ਸ਼ਰਧਾਲੂਆਂ ਲਈ ਰਹਿਣ-ਸਹਿਣ ਦੇ ਪੁਖ਼ਤਾ ਪ੍ਰਬੰਧ ਕਰਨੇ ਲਾਜ਼ਮੀ ਬਣਾਏ ਜਾਣ।
ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਸਿਵਲ ਸਰਜਨ ਨੂੰ ਹਦਾਇਤ ਕਰਦਿਆਂ ਕਿਹਾ ਕਿ ਧਾਰਮਿਕ ਅਸਥਾਨਾਂ ਦੇ ਦਰਸ਼ਨਾਂ ਲਈ ਜਾਣ ਵਾਲੇ ਸ਼ਰਧਾਲੂਆਂ ਦਾ ਸਪੈਸ਼ਲ ਮੈਡੀਕਲ ਚੈਕਅਪ ਤੇ ਮੈਡੀਕਲ ਟੀਮਾਂ ਤਾਇਨਾਤ ਕਰਨਾ ਲਾਜ਼ਮੀ ਬਣਾਇਆ ਜਾਵੇ। ਇਸ ਦੌਰਾਨ ਉਨ੍ਹਾਂ ਪੀਆਰਟੀਸੀ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕਰਦਿਆਂ ਕਿਹਾ ਕਿ ਯਾਤਰਾ ਲਈ ਜਾਣ ਵਾਲੀਆਂ ਬੱਸਾਂ ਚ ਸ਼ਰਧਾਲੂਆਂ ਲਈ ਕੀਰਤਨ/ਭਜਨਾਂ ਆਦਿ ਦਾ ਖਾਸ ਪ੍ਰਬੰਧ ਕੀਤਾ ਜਾਵੇ। ਉਨ੍ਹਾਂ ਮਾਰਕਫੈਡ ਵਿਭਾਗ ਦੇ ਅਧਿਕਾਰੀਆਂ ਨੂੰ ਕਿਹਾ ਕਿ ਸ਼ਰਧਾਲੂਆਂ ਦੇ ਖਾਣ-ਪੀਣ ਦਾ ਖਾਸ ਪ੍ਰਬੰਧ ਕਰਨਾ ਲਾਜ਼ਮੀ ਬਣਾਇਆ ਜਾਵੇ।
ਉਨ੍ਹਾਂ ਕਿਹਾ ਕਿ ਬੱਸਾਂ ਤੋਂ ਇਲਾਵਾ ਪਾਵਨ ਅਸਥਾਨਾਂ ਲਈ ਵੱਖ-ਵੱਖ ਸਥਾਨਾਂ ਤੋਂ ਸਪੈਸ਼ਲ ਰੇਲ ਗੱਡੀਆਂ ਵੀ ਚਲਾਈਆਂ ਜਾਣਗੀਆਂ। ਜਿਨ੍ਹਾਂ ਰਾਹੀਂ ਸ਼ਰਧਾਲੂਆਂ ਨੂੰ ਸ੍ਰੀ ਹਜ਼ੂਰ ਸਾਹਿਬ (ਨਾਂਦੇੜ), ਸ੍ਰੀ ਪਟਨਾ ਸਾਹਿਬ (ਬਿਹਾਰ), ਵਾਰਾਨਸੀ ਮੰਦਿਰ, ਅਯੁੱਧਿਆ ਅਤੇ ਵਰਿੰਦਾਵਨ ਧਾਮ (ਉੱਤਰ ਪ੍ਰਦੇਸ਼), ਸ੍ਰੀ ਅਜਮੇਰ ਸ਼ਰੀਫ਼ (ਰਾਜਸਥਾਨ) ਤੋਂ ਇਲਾਵਾ ਸ੍ਰੀ ਅਨੰਦਪੁਰ ਸਾਹਿਬ, ਸ੍ਰੀ ਅੰਮ੍ਰਿਤਸਰ ਸਾਹਿਬ, ਸਾਲਾਸਰ ਧਾਮ, ਮਾਤਾ ਚਿੰਤਪੁਰਨੀ, ਮਾਤਾ ਵੈਸ਼ਨੂੰ ਦੇਵੀ, ਮਾਤਾ ਜਵਾਲਾ ਆਦਿ ਧਾਰਮਿਕ ਅਸਥਾਨਾਂ ਦੀ ਯਾਤਰਾ ਕਰਵਾਈ ਜਾਵੇਗੀ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਮੈਡਮ ਲਵਜੀਤ ਕਲਸੀ, ਸਿਵਲ ਸਰਜਨ ਡਾ. ਤੇਜਵੰਤ ਸਿੰਘ ਢਿੱਲੋ, ਐਸਡੀਐਮ ਤਲਵੰਡੀ ਸਾਬੋ ਸ. ਹਰਜਿੰਦਰ ਸਿੰਘ ਜੱਸਲ, ਐਸਡੀਐਮ ਮੌੜ ਵਰਿੰਦਰ ਸਿੰਘ ਤੋਂ ਇਲਾਵਾ ਪੁਲਿਸ, ਰੇਲਵੇ ਅਤੇ ਹੋਰ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦੇ ਆਦਿ ਹਾਜ਼ਰ ਸਨ।