ਫਾਰਮਾਸਿਊਟੀਕਲ ਕੰਪਨੀਆਂ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਕਰਨ ਦਾ ਸੱਦਾ ਦਿੱਤਾ
ਵਿਸ਼ਾਖਾਪਟਨਮ, 5 ਜਨਵਰੀ,(ਵਰਲਡ ਪੰਜਾਬੀ ਟਾਈਮਜ਼)
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਸੂਬੇ ਵਿੱਚ ਵੱਡੇ ਨਿਵੇਸ਼ ਕਰਨ ਵਾਲੀਆਂ ਫਾਰਮਾਸਿਊਟੀਕਲ ਕੰਪਨੀਆਂ ਦਾ ਰੈੱਡ ਕਾਰਪੇਟ ‘ਤੇ ਸਵਾਗਤ ਕੀਤਾ।
ਅੱਜ ਇੱਥੇ ਜਵਾਹਰ ਲਾਲ ਨਹਿਰੂ ਫਾਰਮਾ ਸਿਟੀ ਦਾ ਦੌਰਾ ਕਰਨ ਆਏ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿੱਚ ਫਾਰਮਾਸਿਊਟੀਕਲ ਸੈਕਟਰ ਦੀ ਵੱਡੀ ਸੰਭਾਵਨਾ ਹੈ। ਉਨ੍ਹਾਂ ਕਿਹਾ ਕਿ ਕੰਪਨੀਆਂ ਨੂੰ ਇੱਕ ਪਾਸੇ ਸੂਬੇ ਦੇ ਆਰਥਿਕ ਵਿਕਾਸ ਨੂੰ ਅੱਗੇ ਵਧਾਉਣ ਅਤੇ ਦੂਜੇ ਪਾਸੇ ਆਪਣੇ ਕਾਰੋਬਾਰ ਦਾ ਵਿਸਥਾਰ ਕਰਨ ਲਈ ਸੂਬੇ ਵਿੱਚ ਵੱਡਾ ਨਿਵੇਸ਼ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਨਾਲ ਸੂਬੇ ਨੂੰ ਫਾਰਮਾਸਿਊਟੀਕਲ ਖੇਤਰ ਵਿੱਚ ਮੋਹਰੀ ਬਣ ਕੇ ਉਭਰਨ ਵਿੱਚ ਮਦਦ ਮਿਲੇਗੀ।
ਮੁੱਖ ਮੰਤਰੀ ਨੇ ਫਾਰਮਾ ਸਿਟੀ ਦੇ ਅਧਿਕਾਰੀਆਂ ਨਾਲ ਵੀ ਸੂਬੇ ਵਿੱਚ ਇਹੀ ਉੱਦਮ ਸਥਾਪਤ ਕਰਨ ਲਈ ਵਿਸਤ੍ਰਿਤ ਵਿਚਾਰ-ਵਟਾਂਦਰਾ ਕੀਤਾ। ਉਨ੍ਹਾਂ ਕਿਹਾ ਕਿ ਅਜਿਹੇ ਫਾਰਮਾਸਿਊਟੀਕਲ ਸਿਟੀ ਸੂਬੇ ਲਈ ਵਰਦਾਨ ਸਾਬਤ ਹੋ ਸਕਦੇ ਹਨ ਅਤੇ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਕਰ ਸਕਦੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਸੂਬੇ ਵਿੱਚ ਇਸ ਸ਼ਹਿਰ ਨੂੰ ਸਥਾਪਤ ਕਰਨ ਦੀ ਸੰਭਾਵਨਾ ਤਲਾਸ਼ਣ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ।