ਖੰਨਾ 17 ਦਸੰਬਰ (ਵਰਲਡ ਪੰਜਾਬੀ ਟਾਈਮਜ਼)
ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਲਾਲਜੀਤ ਸਿੰਘ ਭੁੱਲਰ ਦੇ ਹੁਕਮਾਂ ਤੋਂ ਬਾਅਦ ਵਿਭਾਗ ਨੇ ਸਰਕਾਰੀ ਫੰਡਾਂ ਦੀ ਗਬਨ ਕਰਨ ਦੇ ਦੋਸ਼ ਹੇਠ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ (ਬੀਡੀਪੀਓ) ਖੰਨਾ ਕੁਲਵਿੰਦਰ ਸਿੰਘ ਰੰਧਾਵਾ ਦੀਆਂ ਸੇਵਾਵਾਂ ਤੁਰੰਤ ਪ੍ਰਭਾਵ ਨਾਲ ਮੁਅੱਤਲ ਕਰ ਦਿੱਤੀਆਂ ਹਨ।
ਲਾਲਜੀਤ ਸਿੰਘ ਭੁੱਲਰ ਨੇ ਦੱਸਿਆ ਕਿ ਬੀਡੀਪੀਓ ਕੁਲਵਿੰਦਰ ਸਿੰਘ ਰੰਧਾਵਾ ਖ਼ਿਲਾਫ਼ ਸ਼ਿਕਾਇਤਾਂ ਆਈਆਂ ਸਨ। ਇਸ ਤੋਂ ਬਾਅਦ ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ (ਡੀ.ਡੀ.ਪੀ.ਓ.), ਲੁਧਿਆਣਾ ਨੂੰ ਇਸ ਦੀ ਡੂੰਘਾਈ ਨਾਲ ਜਾਂਚ ਕਰਨ ਦਾ ਕੰਮ ਸੌਂਪਿਆ ਗਿਆ। ਡੀਡੀਪੀਓ ਲੁਧਿਆਣਾ ਤੋਂ ਪ੍ਰਾਪਤ ਰਿਪੋਰਟ ਵਿੱਚ ਪੰਚਾਇਤ ਸੰਮਤੀ ਖੰਨਾ ਦੇ ਫੰਡਾਂ ਦੀ ਦੁਰਵਰਤੋਂ ਅਤੇ ਬਿਨਾਂ ਮਨਜ਼ੂਰੀ ਅਤੇ ਅਣਅਧਿਕਾਰਤ ਖਾਤੇ ਖੋਲ੍ਹ ਕੇ 58.25 ਲੱਖ ਰੁਪਏ ਦੀ ਗਲਤ ਅਦਾਇਗੀ ਕਰਨ ਦਾ ਖੁਲਾਸਾ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਦੋਸ਼ਾਂ ਦੇ ਆਧਾਰ ‘ਤੇ ਕੁਲਵਿੰਦਰ ਸਿੰਘ ਰੰਧਾਵਾ, ਬੀਡੀਪੀਓ ਖੰਨਾ ਦੀਆਂ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ।
ਮੁਅੱਤਲੀ ਸਮੇਂ ਦੌਰਾਨ, ਕਰਮਚਾਰੀ ਦਾ ਮੁੱਖ ਦਫ਼ਤਰ ਜ਼ਿਲ੍ਹਾ ਵਿਕਾਸ ਅਤੇ ਪੰਚਾਇਤ ਅਫ਼ਸਰ, ਐਸ.ਏ.ਐਸ.ਨਗਰ ਦਾ ਦਫ਼ਤਰ ਹੋਵੇਗਾ। ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਮੁਅੱਤਲ ਕੀਤੇ ਗਏ ਕਰਮਚਾਰੀ ਨੂੰ ਪੰਜਾਬ ਸਿਵਲ ਸਰਵਿਸਿਜ਼ ਰੂਲਜ਼ ਦੇ ਨਿਯਮ 7.2 ਦੇ ਨਿਯਮਾਂ ਅਤੇ ਸ਼ਰਤਾਂ ਅਨੁਸਾਰ ਗੁਜ਼ਾਰਾ ਭੱਤਾ ਦਿੱਤਾ ਜਾਵੇਗਾ।